ਪੱਤਰ ਪ੍ਰੇਰਕ
ਮਾਨਸਾ, 17 ਅਗਸਤ
ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਮਾਨਸਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਗੱਡੀਆਂ ਅਤੇ ਮੋਟਰਸਾਈਕਲਾਂ ਦੇ ਵੱਡੇ ਕਾਫ਼ਲੇ ਨਾਲ ਝੰਡਾ ਮਾਰਚ ਕਰਨ ਉਪਰੰਤ ਮਾਨਸਾ ਵਿੱਚ ਸੇਵਾ ਸਿੰਘ ਠੀਕਰੀਵਾਲਾ ਚੌਕ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵੱਲੋਂ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸੇ ਦੌਰਾਨ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ।
ਕਿਸਾਨਾਂ ਦੇ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ ਨੇ ਦੱਸਿਆ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਨਿੱਤ ਨਵੀਆਂ ਸਾਜਿਸ਼ਾਂ ਘੜ ਰਹੀ ਹੈ, ਜਿਸ ਦੇ ਤਹਿਤ ਹੀ ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ 2022 ਪੇਸ਼ ਕੀਤਾ ਗਿਆ ਹੈ ਤਾਂ ਜੋ ਬਿਜਲੀ ਨੂੰ ਪ੍ਰਾਈਵੇਟ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਇਆ ਜਾ ਸਕੇ। ਜਥੇਬੰਦੀ ਦੇ ਜ਼ਿਲ੍ਹਾ ਸਕੱਤਰ ਮੱਖਣ ਸਿੰਘ ਭੈਣੀਬਾਘਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਸੰਯੁਕਤ ਕਿਸਾਨ ਮੋਰਚੇ ਨਾਲ ਕੀਤੇ ਲਿਖਤੀ ਸਮਝੌਤਿਆਂ ਤੋਂ ਮੁਕਰ ਰਹੀ ਹੈ ਅਤੇ ਕਿਸਾਨਾਂ ਨਾਲ ਵਿਸ਼ਵਾਸਘਾਤ ਕਰਦੇ ਹੋਏ ਫੇਰ ਤੋਂ ਬਿਜਲੀ ਬਿੱਲ 2022 ਲੋਕ ਸਭਾ ਵਿੱਚ ਪੇਸ਼ ਕਰ ਦਿੱਤਾ ਹੈ।
ਇਸ ਮੌਕੇ ਜਗਦੇਵ ਸਿੰਘ ਭੈਣੀਬਾਘਾ, ਜਗਦੇਵ ਸਿੰਘ ਕੋਟਲੀ ਕਲਾਂ, ਜਗਜੀਤ ਸਿੰਘ ਢੈਪੱਈ, ਸ਼ੇਰਾ ਸਿੰਘ ਹੋਡਲਾ, ਅਮਰਜੀਤ ਸਿੰਘ ਜੌੜਕੀਆਂ ਆਦਿ ਨੇ ਸੰਬੋਧਨ ਕੀਤਾ।
ਦੋਦਾ (ਪੱਤਰ ਪ੍ਰੇਰਕ) ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਮੀਤ ਪ੍ਰਧਾਨ ਬੇਅੰਤ ਸਿੰਘ ਖਾਲਸਾ ਦੀ ਅਵਗਾਈ ਹੇਠ ਅੱਜ ਦੋਦਾ ਵਿੱਚ ਬਲਾਕ ਦੋਦਾ ਦੇ ਕਿਸਾਨਾਂ ਨੇ ਮੀਟਿੰਗ ਕੀਤੀ ਤੇ 22 ਅਗਸਤ ਨੂੰ ਦਿੱਲੀ ਵਿੱਚ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਲਈ ਕਿਸਾਨਾਂ ਨੂੰ ਲਾਮਬੰਦ ਕੀਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਦਿੱਲੀ ਦੀਆਂ ਹੱਦਾਂ ’ਤੇ ਲੰਮੇ ਸ਼ੰਘਰਸ਼ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਨਾਲ ਵਾਅਦੇ ਕੀਤੇ ਸਨ, ਉਹ ਅਜੇ ਤੱਕ ਪੂਰੇ ਨਹੀ ਕੀਤੇ ਜਿਸ ਕਾਰਨ ਕਿਸਾਨਾਂ ਨੂੰ ਮਜਬੂਰੀ ਵੱਸ ਦੁਬਾਰਾ ਸ਼ੰਘਰਸ਼ ਵੱਲ ਵਧਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਐੱਮਐੱਸਪੀ ਲਾਗੂ ਕਰਨ, ਲਖੀਮਪੁਰੀ ਦੇ ਮੁਜ਼ਲਮਾਂ ਨੂੰ ਗ੍ਰਿਫ਼ਤਾਰ ਕਰਕੇ ਸਜ਼ਾਵਾਂ ਦੇਣ, ਮੋਰਚੇ ’ਚ ਸ਼ਹੀਦ ਹੋਏ ਕਿਸਾਨਾਂ ਨੂੰ ਮੁਆਜ਼ਾ ਦੇਣ ਆਦਿ ਮੰਗਾਂ ਨੂੰ ਅਮਲੀ ਜਾਮਾਂ ਨਹੀਂ ਪਹਿਨਾਇਆ ਗਿਆ। ਆਗੂਆਂ ਦਾ ਕਹਿਣਾ ਸੀ ਕਿ ਜੇ ਕਿਸਾਨਾਂ ਦੀਆਂ ਮੰਗਾਂ ਨਾਲ ਮੰਨੀਆਂ ਤਾਂ ਸ਼ੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। 22 ਅਗਸਤ ਨੂੰ ਦਿੱਲੀ ਜਾਣ ਲਈ ਕਿਸਾਨਾਂ ਵਿਚ ਭਾਰੀ ੳਤਸ਼ਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਕਿਸਾਨਾਂ ਵੱਲੋਂ ਮੋਦੀ ਦੇ ਪੁਤਲੇ ਨੂੰ ਅੱਗ ਦੇ ਹਵਾਲੇ ਕਰਦਿਆਂ ਪ੍ਰਧਾਨ ਮੰਤਰੀ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਜ਼ੀਰਾ (ਪੱਤਰ ਪ੍ਰੇਰਕ) ਭਾਰਤੀ ਕਿਸਾਨ ਯੂਨੀਅਨ ਖੋਸਾ ਵੱਲੋਂ ਪੰਜਾਬ ਭਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਗਏ। ਇਸੇ ਸਬੰਧ ਵਿੱਚ ਬਲਾਕ ਜ਼ੀਰਾ ਦੇ ਅਹੁਦੇਦਾਰਾਂ ਵੱਲੋਂ ਪਿੰਡ ਰਟੌਲ ਰੋਹੀ ਵਿੱਚ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ ਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਕੱਠ ਨੂੰ ਸੰਬੋਧਨ ਕਰਦਿਆਂ ਫਤਿਹ ਸਿੰਘ ਕੋਟ ਕਰੋੜ ਸੀਨੀਅਰ ਮੀਤ ਪ੍ਰਧਾਨ ਪੰਜਾਬ, ਜਸਵੀਰ ਸਿੰਘ ਝਾਮਕਾ ਮੀਤ ਪ੍ਰਧਾਨ ਪੰਜਾਬ, ਮੰਗਲ ਸਿੰਘ ਸੰਧੂ ਸ਼ਾਹਵਾਲਾ ਪ੍ਰੈੱਸ ਸਕੱਤਰ ਪੰਜਾਬ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੋ ਬਿਜਲੀ ਬਿੱਲ 2022 ਮੋਦੀ ਸਰਕਾਰ ਨੇ ਪਾਰਲੀਮੈਂਟ ਵਿੱਚ ਪੇਸ਼ ਕੀਤਾ ਹੈ, ਉਸਨੂੰ ਰੱਦ ਕੀਤਾ ਜਾਵੇ ਕਿਉਂਕਿ ਜੇ ਸਰਕਾਰ ਨੇ ਬਿੱਲ ਪਾਸ ਕਰ ਦਿੱਤਾ ਤਾਂ ਬਿਜਲੀ ਪ੍ਰਾਈਵੇਟ ਹੱਥਾਂ ਵਿੱਚ ਚਲੀ ਜਾਵੇਗੀ। ਇਸ ਨਾਲ ਕਿਸਾਨਾਂ, ਮਜ਼ਦੂਰਾਂ ਅਤੇ ਆਮ ਵਰਗ ਦੇ ਲੋਕਾਂ ਨੂੰ ਬਹੁਤ ਨੁਕਸਾਨ ਹੋਵੇਗਾ ਕਿਉਂਕਿ ਲੋਕਾਂ ਨੂੰ ਮਿਲ ਰਹੀਆਂ ਸਬਸਿਡੀਆਂ ਬੰਦ ਹੋ ਜਾਣਗੀਆਂ।
ਇਨ੍ਹਾਂ ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਉਹ ਜਲਦੀ ਕਿਸਾਨਾਂ ’ਤੇ ਪਾਏ ਕੇਸਾਂ ਨੂੰ ਰੱਦ ਕਰੇ, ਸਵਾਮੀਨਾਥਨ ਦੀ ਰਿਪੋਰਟ ਅਨੁਸਾਰ ਕਿਸਾਨਾਂ ਨੂੰ ਐੱਮਐੱਸਪੀ ਦਿੱਤੀ ਜਾਵੇ ਨਹੀਂ ਤਾਂ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ।
ਕੇਂਦਰ ਸਰਕਾਰ ਨੇ ਬਿਜਲੀ ਬਿੱਲ ’ਤੇ ਕਿਸਾਨਾਂ ਨਾਲ ਧੋਖਾ ਕੀਤਾ: ਡੱਲੇਵਾਲ
ਚਾਉਕੇ (ਪੱਤਰ ਪ੍ਰੇਰਕ) ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਬਲਾਕ ਰਾਮਪੁਰਾ ਦੀ ਮੀਟਿੰਗ ਗੁਰੂਘਰ ਤਪ ਸਥਾਨ ਵਿਖੇ ਕਾਕਾ ਸਿੰਘ ਕੋਟੜਾ ਦੀ ਅਗਵਾਈ ’ਚ ਹੋਈ। ਮੀਟਿੰਗ ’ਚ ਬੀਕੇਯੂ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਵੀ ਹਾਜ਼ਰ ਹੋਏ। ਮੀਟਿੰਗ ’ਚ ਬੁਲਾਰਿਆਂ ਨੇ ਦੱਸਿਆ ਕਿ ਗੈਰਸਿਆਸੀ ਸੰਯੁਕਤ ਮੋਰਚੇ ਵੱਲੋਂ 22 ਅਗਸਤ ਨੂੰ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਪੂਰੇ ਨਾ ਕਰਨ ਤੇ ਰਹਿੰਦਿਆਂ ਮੰਗਾ ਮੰਨਵਾਉਣ ਲਈ ਜੰਤਰ ਮੰਤਰ’ਤੇ ਧਰਨਾ ਦਿੱਤਾ ਜਾ ਰਿਹਾ ਹੈ ਤੇ ਸਾਰੇ ਵਰਕਰਾਂ ਨੂੰ ਇਸ ਧਰਨੇ ’ਚ ਹਾਜ਼ਰ ਹੋਣਾ ਜ਼ਰੂਰੀ ਹੈ। ਇਸ ਦੀ ਤਿਆਰੀ ਵਜੋਂ 19 ਅਗਸਤ ਨੂੰ ਬਲਾਕ ਰਾਮਪੁਰਾ ਦੇ ਪਿੰਡਾਂ ’ਚ ਝੰਡਾ ਮਾਰਚ ਕੀਤਾ ਜਾਵੇਗਾ।
ਝੁਨੀਰ (ਨਿੱਜੀ ਪੱਤਰ ਪ੍ਰੇਰਕ) ਕਿਸਾਨ ਮੋਰਚੇ ਦੇ ਸੱਦੇ ਉੱਤੇ ਝੁਨੀਰ ’ਚ ਭਾਰਤੀ ਕਿਸਾਨ ਯੂਨੀਅਨ ਮਾਨਸਾ ਵੱਲੋਂ ਬਿਜਲੀ ਸੋਧ ਬਿੱਲ ਵਿਰੁੱਧ ਕੇਂਦਰ ਸਰਕਾਰ ਵੱਲੋਂ ਸੋਧੇ ਗਏ ਨਵੇਂ ਬਿਜਲੀ ਬਿੱਲ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਆਗੂ ਗੁਰਚਰਨ ਸਿੰਘ ਭੀਖੀ, ਜਗਰਾਜ ਸਿੰਘ ਹੀਰੋਕਲਾਂ, ਬਲਵੀਰ ਸਿੰਘ ਝੰਡੂਕੇ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਨਾਲ ਕੀਤੇ ਆਪਣੇ ਵਾਅਦੇ ਤੋਂ ਮੁੱਕਰ ਰਹੀ ਹੈ ਤੇ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰ ਕੇ ਕਿਰਤੀ ਲੋਕਾਂ ਦੀ ਲੁੱਟ ਕਰਨ ਲਈ ਖੁੱਲ੍ਹਾ ਸੱਦਾ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਬਿਜਲੀ ਐਕਟ ਰਾਹੀਂ ਲੋਕ ਵਿਰੋਧੀ ਨੀਤੀਆਂ ਨੂੰ ਲਾਗੂ ਕੀਤਾ ਜਾ ਰਿਹਾ ਹੈ।