ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਖ਼ਿਲਾਫ਼ ਮੁਜ਼ਾਹਰਾ
ਅਮਰੀਕਾ ਨਾਲ ਮੁਕਤ ਵਪਾਰ ਸਮਝੌਤੇ ਦੀ ਗੱਲਬਾਤ ਰੋਕਣ ਅਤੇ ਐੱਮ ਐੱਸ ਪੀ ਦੀ ਗਾਰੰਟੀ ਸਮੇਤ ਕਰਜ਼ਾ ਮੁਆਫ਼ੀ ਦੀ ਮੰਗ
ਭਾਰਤ ਛੱਡੋ ਦਿਵਸ ਦੀ 84ਵੀਂ ਵਰ੍ਹੇਗੰਢ ਦੀ ਯਾਦ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਬਠਿੰਡਾ ਜ਼ਿਲ੍ਹੇ ਦੀਆਂ ਕਿਸਾਨ ਜਥੇਬੰਦੀਆਂ ਨੇ ਇੱਥੇ ਮਿਨੀ ਸਕੱਤਰੇਤ ਅੱਗੇ ਧਰਨਾ ਦਿੱਤਾ ਅਤੇ ਸ਼ਹਿਰ ਵਿੱਚ ਮੁਜ਼ਾਹਰਾ ਕੀਤਾ। ਕਿਸਾਨ ਆਗੂਆਂ ਨੇ ਡਿਪਟੀ ਕਮਿਸ਼ਨਰ ਰਾਹੀਂ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਮੰਗ ਪੱਤਰ ਭੇਜ ਕੇ ਕੇਂਦਰ ਸਰਕਾਰ ਦੀਆਂ ਨੀਤੀਆਂ ਵਿੱਚ ਤਬਦੀਲੀ ਦੀ ਮੰਗ ਕੀਤੀ। ਕਿਸਾਨਾਂ ਨੇ ਅਮਰੀਕਾ-ਭਾਰਤ ਮੁਕਤ ਵਪਾਰ ਸਮਝੌਤੇ ਦੀ ਵਾਰਤਾ ਬੰਦ ਕਰਨ, ਵਿਦੇਸ਼ੀ ਮੁਲਕਾਂ ਨਾਲ ਕੀਤੀਆਂ ਲੋਕ ਵਿਰੋਧੀ ਸੰਧੀਆਂ ਰੱਦ ਕਰਨ, ਸਾਰੀਆਂ ਫ਼ਸਲਾਂ ’ਤੇ ਐੱਮ ਐੱਸ ਪੀ ਅਤੇ ਸਰਕਾਰੀ ਖਰੀਦ ਦੀ ਕਾਨੂੰਨੀ ਗਾਰੰਟੀ ਦੇਣ ਦੀ ਮੰਗ ਕੀਤੀ। ਇਸ ਮੌਕੇ ਕਿਸਾਨਾਂ ਤੇ ਮਜ਼ਦੂਰਾਂ ਸਿਰ ਚੜ੍ਹਿਆ ਸਮੁੱਚਾ ਕਰਜ਼ਾ ਖ਼ਤਮ ਕਰਨ ਅਤੇ ਬਿਜਲੀ ਤੇ ਬੀਜ ਬਿੱਲ- 2025 ਰੱਦ ਕਰਨ ਦੀ ਮੰਗ ਵੀ ਕੀਤੀ ਗਈ। ਇਸ ਤੋਂ ਇਲਾਵਾ ਸਾਰੇ ਕਿਸਾਨਾਂ-ਮਜ਼ਦੂਰਾਂ ਨੂੰ ਗੁਜ਼ਾਰੇ ਯੋਗ ਘੱਟੋ-ਘੱਟ 10 ਹਜ਼ਾਰ ਰੁਪਏ ਮਹੀਨਾਵਾਰ ਪੈਨਸ਼ਨ ਦੇਣ, ਚਾਰ ਕਿਰਤ ਕੋਡ ਰੱਦ ਕਰਨ, ਪੁਰਾਣਾ ਮਗਨਰੇਗਾ ਕਾਨੂੰਨ ਬਹਾਲ ਕਰਨ ਅਤੇ ਜ਼ਮੀਨਾਂ ਦੀ ਜਬਰੀ ਖੋਹ ਬੰਦ ਕਰਨ ਦੀ ਮੰਗ ਕੀਤੀ ਗਈ। ਇਕੱਠ ਨੂੰ ਸੰਬੋਧਨ ਕਰਦਿਆਂ ਬੀ ਕੇ ਯੂ ਡਕੌਂਦਾ (ਧਨੇਰ) ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਬੀ ਕੇ ਯੂ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਆਕਲੀਆ, ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਧਾਲੀਵਾਲ, ਬੀਕੇਯੂ (ਡਕੌਂਦਾ)-ਬੁਰਜ ਗਿੱਲ ਦੇ ਜ਼ਿਲ੍ਹਾ ਆਗੂ ਬਲਵਿੰਦਰ ਸਿੰਘ ਜੇਠੂਕੇ ਤੇ ਬੀ ਕੇ ਯੂ ਮਾਲਵਾ (ਹੀਰਕੇ) ਦੇ ਸੂਬਾ ਜਨਰਲ ਸਕੱਤਰ ਗੁਰਤੇਜ ਸਿੰਘ ਬੱਲ੍ਹੋ ਨੇ ਕਿਹਾ ਕਿ ਦਿੱਲੀ ਅੰਦੋਲਨ ਦੌਰਾਨ ਕੇਂਦਰ ਸਰਕਾਰ ਨੇ 9 ਦਸੰਬਰ 2021 ਨੂੰ ਕਿਸਾਨਾਂ ਦੀਆਂ ਲਿਖਤੀ ਮੰਗਾਂ ਮੰਨੀਆਂ ਸਨ, ਪਰ ਹਾਲੇ ਤੱਕ ਉਨ੍ਹਾਂ ਨੂੰ ਲਾਗੂ ਨਹੀਂ ਕੀਤਾ ਗਿਆ।
ਬੀ ਕੇ ਯੂ (ਉਗਰਾਹਾਂ) ਦੀ ਆਗੂ ਹਰਪ੍ਰੀਤ ਕੌਰ ਜੇਠੂਕੇ ਨੇ ਔਰਤਾਂ ਨੂੰ ਸੰਘਰਸ਼ਾਂ ਵਿੱਚ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਇਸ ਮੌਕੇ ਹਰਵਿੰਦਰ ਸਿੰਘ ਕੋਟਲੀ, ਬੂਟਾ ਸਿੰਘ ਤੁੰਗਵਾਲੀ, ਮਲਕੀਤ ਸਿੰਘ ਅਤੇ ਬਲਕਰਨ ਸਿੰਘ ਬਰਾੜ ਨੇ ਵੀ ਸੰਬੋਧਨ ਕੀਤਾ। ਖੇਤ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਨੇ ਕਿਸਾਨਾਂ ਦੇ ਸੰਘਰਸ਼ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ।
ਬਰਨਾਲਾ ’ਚ ਡੀ ਸੀ ਦਫ਼ਤਰ ਪੁੱਜ ਕੇ ਮੰਗ ਪੱਤਰ ਦਿੱਤਾ
ਬਰਨਾਲਾ (ਪਰਸ਼ੋਤਮ ਬੱਲੀ): ਭਾਰਤ ਛੱਡੋ ਦਿਵਸ ਦੀ 84ਵੀਂ ਵਰ੍ਹੇਗੰਢ ਨੂੰ ਸਮਰਪਿਤ ਸੰਯੁਕਤ ਕਿਸਾਨ ਮੋਰਚਾ ਅਤੇ ਕੇਂਦਰੀ ਟਰੇਡ ਯੂਨੀਅਨਾਂ ਸੱਦੇ ’ਤੇ ਬੀ ਕੇ ਯੂ (ਉਗਰਾਹਾਂ) ਸਮੇਤ ਬਾਕੀ ਕਿਸਾਨ, ਮਜ਼ਦੂਰ ਤੇ ਟਰੇਡ ਯੂਨੀਅਨਾਂ ਵੱਲੋਂ ਇੱਥੇ ਦਾਣਾ ਮੰਡੀ ’ਚ ਕਿਸਾਨਾਂ, ਮਜ਼ਦੂਰਾਂ ਤੇ ਸੰਘਰਸ਼ਸੀਲ ਔਰਤਾਂ ਦੀ ਵੱਡੀ ਸਾਂਝੀ ਰੈਲੀ ਕੀਤੀ ਗਈ। ਇਸ ਮਗਰੋਂ ਬਾਜ਼ਾਰਾਂ ਵਿੱਚੋਂ ਮਾਰਚ ਕੱਢਿਆ ਗਿਆ ਤੇ ਡੀ ਸੀ ਦਫ਼ਤਰ ਪੁੱਜ ਕੇ ਦੇਸ਼ ਦੇ ਸੰਵਿਧਾਨਕ ਮੁਖੀ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਬੀ ਕੇ ਯੂ ਉਗਰਾਹਾਂ ਦੇ ਸੂਬਾ ਆਗੂ ਰੂਪ ਸਿੰਘ ਛੰਨਾਂ, ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਡਕੌਂਦਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪਵਿੱਤਰ ਸਿੰਘ ਲਾਲੀ, ਟਰੇਡ ਯੂਨੀਅਨ ਆਗੂ ਲਾਭ ਸਿੰਘ ਅਕਲੀਆ ਤੇ ਖੁਸ਼ੀਆਂ ਸਿੰਘ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਦੇਸ਼ ਵਿੱਚ ਕਾਰਪੋਰੇਟ ਪੱਖੀ ਨੀਤੀਆਂ ਲਾਗੂ ਕਰ ਰਹੀਆਂ ਹਨ। ਇਕੱਠ ਨੇ ਲੋਕ ਕਵੀ ਪਾਸ਼ ਦੀ ਯਾਦਗਾਰ ਦੇ ਜਿੰਦਰੇ ਤੋੜਕੇ ਕਬਜ਼ਾ ਕਰਨ ਖ਼ਿਲਾਫ਼ ਨਿੰਦਾ ਮਤਾ ਵੀ ਪਾਸ ਕੀਤਾ। ਇਸ ਮੌਕੇ ਉਗਰਾਹਾਂ ਦੀ ਮਹਿਲਾ ਵਿੰਗ ਜ਼ਿਲ੍ਹਾ ਕਨਵੀਨਰ ਕਮਲਜੀਤ ਕੌਰ ਬਰਨਾਲਾ, ਬੀ ਕੇ ਯੂ (ਡਕੌਂਦਾ) ਬੁਰਜਗਿੱਲ ਦੇ ਦਰਸ਼ਨ ਸਿੰਘ ਉੱਗੋਕੇ, ਬੀ ਕੇ ਯੂ (ਡਕੌਂਦਾ) ਧਨੇਰ ਦੇ ਬਾਬੂ ਸਿੰਘ ਖੁੱਡੀ ਕਲਾਂ, ਗੁਰਮੇਲ ਸਿੰਘ ਜਵੰਧਾ, ਉਗਰਾਹਾਂ ਮਹਿਲਾ ਵਿੰਗ ਦੀ ਲਖਬੀਰ ਕੌਰ ਧਨੌਲਾ ਤੇ ਬਿੰਦਰ ਪਾਲ ਭਦੌੜ ਨੇ ਸੰਬੋਧਨ ਕੀਤਾ।

