ਖੇਤਰੀ ਪ੍ਰਤੀਨਿਧ
ਬਰਨਾਲਾ, 3 ਅਕਤੂਬਰ
ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਜ਼ਿਲ੍ਹਾ ਬਰਨਾਲਾ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਮੋਰਚੇ ਦੌਰਾਨ ਮੰਨੀਆਂ ਮੰਗਾਂ ਨਾ ਲਾਗੂ ਕਰਨ ’ਤੇ ਕੇਂਦਰ ਸਰਕਾਰ ਦੀ ਅਰਥੀ ਫੂਕੀ ਗਈ। ਇਸ ਮਗਰੋਂ ਜਥੇਬੰਦੀ ਨੇ ਰੋਸ ਮਾਰਚ ਕਰਦਿਆਂ ਤਹਿਸੀਲਦਾਰ ਬਰਨਾਲਾ ਦਿਵਿਆ ਸਿੰਗਲਾ ਨੂੰ ਮੰਗ ਪੱਤਰ ਸੌਂਪਿਆ। ਬੁਲਾਰਿਆਂ ਨੇ ਕਿਹਾ ਕਿ ਪਿਛਲੇ ਸਾਲ ਅੱਜ ਦੇ ਦਿਨ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੋਨੀਆ ਕਸਬੇ ਵਿੱਚ ਸ਼ਾਂਤਮਈ ਅੰਦੋਲਨ ਕਰਕੇ ਵਾਪਸ ਪਰਤ ਰਹੇ ਕਿਸਾਨਾਂ ਨੂੰ ਜੀਪ ਥੱਲੇ ਕੁਚਲ ਕੇ 4 ਕਿਸਾਨਾਂ ਤੇ 1 ਪੱਤਰਕਾਰ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ ਅਤੇ 13 ਤੋਂ ਵੱਧ ਕਿਸਾਨ ਬੁਰੀ ਤਰ੍ਹਾਂ ਜ਼ਖ਼ਮੀ ਕੀਤੇ ਗਏ ਸਨ। ਇਸ ਘਟਨਾ ਪਿੱਛੇ ਇੱਕ ਸੋਚੀ ਸਮਝੀ ਸਾਜ਼ਿਸ਼ ਸੀ, ਜਿਸ ਨੂੰ ਕਥਿਤ ਤੌਰ ’ਤੇ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਨੇ ਆਪਣੇ ਬੇਟੇ ਆਸ਼ੀਸ਼ ਮਿਸ਼ਰਾ ਟੈਨੀ ਨਾਲ ਮਿਲ ਕੇ ਰਚਿਆ ਸੀ। ਸ਼ਹੀਦ ਕਿਸਾਨਾਂ ਦੀਆਂ ਅੰਤਿਮ ਰਸਮਾਂ ਦੌਰਾਨ ਸਰਕਾਰ ਨੇ ਕਿਸਾਨ ਆਗੂਆਂ ਨਾਲ ਕੁਝ ਮੰਗਾਂ ਬਾਰੇ ਸਮਝੌਤਾ ਕੀਤਾ ਸੀ।ਪਰ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਨੇ ਉਨ੍ਹਾਂ ਮੰਗਾਂ ਨੂੰ ਲਾਗੂ ਨਹੀਂ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਨੇ ਕਿਹਾ ਕਿ ਸ਼ਹੀਦ ਪਰਿਵਾਰਾਂ ਨੂੰ ਇਨਸਾਫ਼ ਲਈ ਬਣਦੀਆਂ ਹੱਕੀ ਮੰਗਾਂ ਤੁਰੰਤ ਪੂਰੀਆਂ ਕੀਤੀਆਂ ਜਾਣ। ਲਖੀਮਪੁਰ ਖੀਰੀ ਕਤਲੇਆਮ ਦੇ ਮੁੱਖ ਸਾਜਿਸ਼ਕਰਤਾ ਅਜੈ ਮਿਸ਼ਰਾ ਟੈਣੀ ਨੂੰ ਕੇਂਦਰੀ ਗ੍ਰਹਿ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਕਰਕੇ ਤੁਰੰਤ ਗ੍ਰਿਫ਼ਤਾਰ ਕਰ ਕੇ ਜੇਲ੍ਹ ਭੇਜਿਆ ਜਾਵੇ।
ਸਿਰਸਾ (ਨਿੱਜੀ ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਨੇ ਮਿਨੀ ਸਕੱਤਰੇਤ ਦੇ ਬਾਹਰ ਕੇਂਦਰ ਤੇ ਯੋਗੀ ਸਰਕਾਰ ਦੇ ਪੁਤਲੇ ਫੂਕੇ। ਇਸ ਦੌਰਾਨ ਉਨ੍ਹਾਂ ਕੇਂਦਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਲਖੀਮਪੁਰ ਖੀਰੀ ਕਤਲ ਕਾਂਡ ’ਚ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਖ਼ਿਲਾਫ਼ ਕਾਰਵਾਈ ਕਰਨ ਤੇ ਕਿਸਾਨਾਂ ’ਤੇ ਦਰਜ ਨਾਜਾਇਜ਼ ਮੁਕਦਮੇ ਰੱਦ ਕਰਨ ਦੀ ਮੰਗ ਕੀਤੀ। ਇਸ ਸਬੰਧੀ ਕਿਸਾਨ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ। ਭਾਰਤੀ ਕਿਸਾਨ ਸਭਾ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨਾਲ ਜੁੜੇ ਕਿਸਾਨਾਂ ਨੂੰ ਆਗੂ ਸੁਖਦੇਵ ਸਿੰਘ ਜੰਮੂ ਨੇ ਸੰੰਬੋਧਨ ਕੀਤਾ।
ਜਲਾਲਾਬਾਦ (ਨਿੱਜੀ ਪੱਤਰ ਪ੍ਰੇਰਕ): ਪਿੰਡ ਗੱਟੀ ਅਜੈਬ ਸਿੰਘ, ਗੁਰਦੁਆਰਾ ਟਾਹਲਾ ਸਾਹਿਬ ਤੇ ਸ੍ਰੀ ਗੁਰੂ ਤੇਗ ਬਹਾਦਰ ਵਿਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਪ੍ਰਧਾਨ ਸ਼ਿੰਗਾਰਾ ਸਿੰਘ ਦੀ ਅਗਵਾਈ ਵਿੱਚ ਪਿਛਲੇ ਸਾਲ ਕਿਸਾਨੀ ਸੰਘਰਸ਼ ਦੌਰਾਨ ਲਖਮੀਮਪੁਰ ਖੀਰੀ ’ਚ ਸ਼ਹੀਦ ਹੋਏ ਚਾਰ ਕਿਸਾਨ ਅਤੇ ਇਕ ਪੱਤਰਕਾਰ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸੇ ਦੌਰਾਨ ਜਲਾਲਾਬਾਦ ਤਹਿਸੀਲ ਵਿੱਚ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਡਾ. ਸੁਖਚੈਨ, ਕੁਲਵਿੰਦਰ ਸਿੰਘ, ਸੂਬਾ ਮੀਤ ਪ੍ਰਧਾਨ ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਪੰਜਾਬ) ਰੇਸ਼ਮ ਮਿੱਡਾ, ਜ਼ਿਲ੍ਹਾ ਪ੍ਰਧਾਨ ਰਕੇਸ਼ ਨੇ ਸੰਬੋਧਨ ਕੀਤਾ।
ਕੋਟਕਪੂਰਾ (ਨਿੱਜੀ ਪੱਤਰ ਪ੍ਰੇਰਕ): ਕੋਟਕਪੂਰੇ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵੱਲੋਂ ਉਪ ਮੰਡਲ ਮੈਜਿਸਟਰੇਟ ਦਫ਼ਤਰ ਵਿੱਚ ਰੋਸ ਪ੍ਰਦਰਸ਼ਨ ਕਰਕੇ ਇੱਕ ਮੰਗ ਪੱਤਰ ਅਧਿਕਾਰੀ ਨੂੰ ਦਿੱਤਾ ਗਿਆ। ਰੋਸ ਪ੍ਰਦਰਸ਼ਨ ਵਿਚ ਅੰਮ੍ਰਿਤਪਾਲ ਕੌਰ, ਜਸਵਿੰਦਰ ਸਿੰਘ ਟਿੱਕਾ, ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀਆਂ ਮੰਗਾਂ ਲਖੀਮਪੁਰ ਖੀਰੀ ਕਤਲ ਕਾਂਡ ਵਿਚ ਅਜੈ ਮਿਸ਼ਰਾ ਟੈਨੀ ਨੂੰ ਕੇਂਦਰੀ ਰਾਜ ਮੰਤਰੀ ਤੋਂ ਬਰਖਾਸਤ ਕਰਕੇ ਜੇਲ੍ਹ ਭੇਜਣਾ ਅਤੇ ਬੇਕਸੂਰ ਕਿਸਾਨਾਂ ਨੂੰ ਜੇਲ੍ਹ ’ਚੋਂ ਰਿਹਾਅ ਕਰਨਾ, ਪਰਾਲੀ ਦੀ ਸਮੱਸਿਆ ਦਾ ਹੱਲ ਕਰਵਾਉਣਾ ਆਦਿ ਸ਼ਾਮਲ ਹਨ।
ਸ਼ਹਿਣਾ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਸ਼ਹਿਣਾ ਇਕਾਈ ਵੱਲੋਂ ਇਕਾਈ ਪ੍ਰਧਾਨ ਜਗਸੀਰ ਸਿੰਘ ਸੀਰਾ ਦੀ ਅਗਵਾਈ ਵਿੱਚ ਸਥਾਨਕ ਗਿੱਲ ਚੌਕ ਵਿੱਚ ਮੋਦੀ ਸਰਕਾਰ ਦਾ ਪੁਤਲਾ ਸਾੜਿਆ ਗਿਆ ਤੇ ਨਾਅਰੇਬਾਜ਼ੀ ਕੀਤੀ ਗਈ। ਪ੍ਰਧਾਨ ਸੀਰਾ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਸ਼ਹਿ ’ਤੇ ਪ੍ਰਸ਼ਾਸਨ ਵੱਲੋਂ ਲਖੀਮਪੁਰ ਖੀਰੀ ਕਤਲ ਕਾਂਡ ਦੇ ਮੁੱਖ ਸਾਜ਼ਿਸ਼ਘਾ਼ੜੇ ਅਜੈ ਮਿਸ਼ਰਾ ਨੂੰ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਕਰ ਕੇ ਜੇਲ੍ਹ ਭੇਜਣ ਦੀ ਬਜਾਏ ਬੇਕਸੂਰੇ ਕਿਸਾਨਾਂ ’ਤੇ ਦਰਜ ਝੂਠੇ ਕੇਸ ਵਾਪਸ ਨਹੀਂ ਲਏ ਜਾ ਰਹੇ ਹਨ। ਇਸੇ ਤਰ੍ਹਾਂ ਭਾਕਿਯੂ ਡਕੌਦਾ ਦੀ ਸ਼ਹਿਣਾ ਇਕਾਈ ਦੇ ਅਹੁਦੇਦਾਰਾਂ ਨੇ ਸਮੂਹਿਕ ਤੌਰ ‘ਤੇ ਟੌਲ ਪਲਾਜ਼ਾ ਜਗਜੀਤਪੁਰਾ ’ਤੇ ਚੱਲ ਰਹੇ ਸੰਘਰਸ਼ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ।