ਜੋਗਿੰਦਰ ਸਿੰਘ ਮਾਨ
ਮਾਨਸਾ, 9 ਅਗਸਤ
ਮਾਲਵਾ ਖੇਤਰ ਦੀਆਂ ਕਿਸਾਨ ਜਥੇਬੰਦੀਆਂ ਨੇ ਅੱਜ ਬਿਜਲੀ ਸੋਧ ਬਿੱਲ ਖ਼ਿਲਾਫ਼ ਤਿੱਖੇ ਤੇਵਰ ਅਪਣਾਉਂਦਿਆਂ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਅਰਥੀਆਂ ਫੂਕੀਆਂ।
ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਵੱਲੋਂ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਕੇਂਦਰ ਸਰਕਾਰ ਖਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਅਕਲੀਆ ਅਤੇ ਜ਼ਿਲ੍ਹਾ ਸਕੱਤਰ ਮੱਖਣ ਸਿੰਘ ਭੈਣੀਬਾਘਾ ਨੇ ਕਿਹਾ ਕਿ ਇਸ ਬਿੱਲ ਰਾਹੀਂ ਕੇਂਦਰ ਸਰਕਾਰ ਰਾਜਾਂ ਦੇ ਸੰਘੀ ਢਾਂਚੇ ਨੂੰ ਤੋੜ ਰਹੀ ਹੈ ਅਤੇ ਲੋਕਾਂ ਦੀਆਂ ਲੋੜਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿੱਚ ਸੌਂਪ ਰਹੀ ਹੈ। ਇਸੇ ਦੌਰਾਨ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਮਾਨਸਾ ਵੱਲੋਂ ਬਿਜਲੀ ਸੋਧ ਬਿੱਲ ਪਾਰਲੀਮੈਂਟ ਵਿੱਚ ਪੇਸ਼ ਕਰਨ ਖ਼ਿਲਾਫ਼ ਬਿੱਲ ਦੀਆਂ ਕਾਪੀਆਂ ਡੀਸੀ ਦਫ਼ਤਰ ਅੱਗੇ ਸਾੜੀਆਂ ਗਈਆਂ।
ਉਧਰ, ਮਾਨਸਾ ਨੇੜਲੇ ਪਿੰਡ ਤਾਮਕੋਟ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਰੋਸ ਰੈਲੀ ਕੀਤੀ ਗਈ। ਇਸ ਮੌਕੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਕੇਂਦਰ ਸਰਕਾਰ ਬਿਜਲੀ ਸੋਧ ਐਕਟ ਦੁਬਾਰਾ ਲਿਆਉਣ ਦੀ ਤਿਆਰੀ ਕਰ ਚੁੱਕੀ ਹੈ ਤਾਂ ਕਿ ਬਿਜਲੀ ਬੋਰਡਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕੀਤਾ ਜਾ ਸਕੇ ਤੇ ਆਮ ਲੋਕਾਂ ਦੀ ਲੁੱਟ ਦਾ ਰਾਹ ਖੁੱਲ੍ਹ ਜਾਵੇ।
ਭੁੱਚੋ ਮੰਡੀ (ਪਵਨ ਗੋਇਲ): ਐਂਪਲਾਈਜ਼ ਫੈਡਰੇਸ਼ਨ (ਚਾਹਲ) ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਨੇ ਬਿਜਲੀ ਮੁਲਾਜ਼ਮ ਏਕਤਾ ਮੰਚ ਦੇ ਸੱਦੇ ’ਤੇ ਅੱਜ ਥਰਮਲ ਦੇ ਮੁੱਖ ਗੇਟ ਅੱਗੇ ਬਿਜਲੀ ਸੋਧ ਬਿੱਲ ਦੇ ਵਿਰੋਧ ਵਿੱਚ ਰੋਸ ਰੈਲੀ ਕੀਤੀ ਗਈ ਅਤੇ ਬਿੱਲ ਦੀਆਂ ਕਾਪੀਆਂ ਸਾੜਦਿਆਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਥਰਮਲ ਇਕਾਈ ਦੇ ਪ੍ਰਧਾਨ ਅਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਬਲਜੀਤ ਸਿੰਘ ਬਰਾੜ, ਆਗੂ ਰਜਿੰਦਰ ਸਿੰਘ ਨਿੰਮਾ, ਲਖਵੰਤ ਸਿੰਘ ਬਾਂਡੀ, ਰਜਿੰਦਰ ਬਹਾਦਰ ਅਤੇ ਪ੍ਰੇਮ ਕੁਮਾਰ ਉੱਪਲ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਇਸ ਬਿੱਲ ਦੇ ਪਾਸ ਹੋਣ ਨਾਲ ਬਿਜਲੀ ਸਪਲਾਈ ਪੂੰਜੀਪਤੀਆਂ ਦੇ ਹੱਥਾਂ ਵਿੱਚ ਚਲੀ ਜਾਵੇਗੀ। ਇਸ ਨਾਲ ਸਬਸਿਡੀਆਂ ਬੰਦ ਹੋ ਜਾਣਗੀਆਂ।
ਬਿਜਲੀ ਮੁਲਾਜ਼ਮ ਏਕਤਾ ਮੰਚ ਵੱਲੋਂ ਪ੍ਰਦਰਸ਼ਨ
ਬਰਨਾਲਾ (ਪਰਸ਼ੋਤਮ ਬੱਲੀ): ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਸੱਦੇ ਤਹਿਤ ਇੱਥੇ ਸਰਕਲ ਬਰਨਾਲਾ ਦੇ ਮੁਲਾਜ਼ਮਾਂ ਨੇ ਬਿਜਲੀ ਸੋਧ ਬਿੱਲ ਦੀ ਸਖ਼ਤ ਮੁਖ਼ਾਲਫ਼ਤ ਕਰਦਿਆਂ ਰੋਸ ਰੈਲੀ ਕੀਤੀ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ, ਇਸ ਦੌਰਾਨ ਬਿੱਲ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ। ਮੰਚ ਆਗੂ ਹਰਬੰਸ ਸਿੰਘ ਦਿਦਾਰਗੜ੍ਹ, ਗੁਰਲਾਭ ਸਿੰਘ ਮੌੜ ਤੇ ਰਾਜੇਸ਼ ਕੁਮਾਰ ਬੰਟੀ ਨੇ ਕਿਹਾ ਕਿ ਕੇਂਦਰੀ ਮੋਦੀ ਹਕੂਮਤ ਵੱਲੋਂ ਥੋਪਿਆ ਜਾ ਰਿਹਾ ਬਿਜਲੀ ਸੋਧ ਬਿੱਲ-2022 ਉਨ੍ਹਾਂ ਦੇ ਚਹੇਤੇ ਕਾਰਪੋਰੇਟ ਘਰਾਣਿਆਂ ਲਈ ਲਾਹੇਵੰਦ ਹੋਵੇਗਾ ਪਰ ਦੇਸ਼ ਦੀ ਆਮ ਲੋਕਾਈ ਤੇ ਆਰਥਿਕਤਾ ਲਈ ਘਾਤਕ ਹੈ। ਆਗੂਆਂ ਮੰਗ ਕੀਤੀ ਕਿ ਇਸ ਨੂੰ ਫੌਰੀ ਵਾਪਿਸ ਲਿਆ ਜਾਵੇ। ਇਸ ਮੌਕੇ ਇਨਕਲਾਬ ਖਾਨ, ਗਗਨਦੀਪ ਯੂਡੀਸੀ, ਹਾਕਮ ਸਿੰਘ ਤੇ ਗੁਰਲਾਲ ਸਿੰਘ ਧੌਲਾ ਨੇ ਵੀ ਸੰਬੋਧਨ ਕੀਤਾ।
ਸਰਦੂਲਗੜ੍ਹ (ਬਲਜੀਤ ਸਿੰਘ): ਜੁਆਇੰਟ ਫੌਰਮ ਦੇ ਸੱਦੇ ’ਤੇ ਬਿਜਲੀ ਬੋਰਡ ਦੀਆਂ ਜਥੇਬੰਦੀਆਂ ਨੇ ਅੱਜ ਸਰਦੂਲਗੜ੍ਹ ਵਿੱਚ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜਦੇ ਹੋਏ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ਕਾਲੇ ਬਿੱਲੇ ਲਗਾ ਕੇ ਰੋਸ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਕੇੰਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਬੋਲਦਿਆਂ ਪ੍ਰਧਾਨ ਇਕਬਾਲ ਸਿੰਘ, ਪਰਮਜੀਤ ਸਿੰਘ, ਗੁਰਜੰਟ ਸਿੰਘ, ਗੁਰਭੇਜ ਸਿੰਘ ਆਦਿ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੰਸਦ ਵਿੱਚ ਪੇਸ਼ ਕੀਤਾ ਜਾਣ ਵਾਲਾ ਬਿਜਲੀ ਸੋਧ ਬਿੱਲ ਲੋਕ ਮਾਰੂ ਹੈ। ਇਸ ਬਿੱਲ ਦੇ ਪਾਸ ਹੋ ਜਾਣ ਨਾਲ ਬਿਜਲੀ ਢਾਂਚੇ ਦਾ ਨਿੱਜੀਕਰਨ ਕੀਤਾ ਜਾਵੇਗਾ ਜਿਸ ਨਾਲ ਕਿਸਾਨਾਂ ਅਤੇ ਘਰੇਲੂ ਖਪਤਕਾਰਾਂ ਨੂੰ ਮਿਲਣ ਵਾਲੀ ਸਬਸਿਡੀ ਖ਼ਤਮ ਕਰ ਦਿੱਤੀ ਜਾਵੇਗੀ। ਬਿਜਲੀ ਢਾਂਚੇ ਦਾ ਨਿੱਜੀਕਰਨ ਹੋਣ ਕਰਕੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਖ਼ਤਮ ਹੋ ਜਾਣਗੇ। ਸਮੂਹ ਧਰਨਾਕਾਰੀਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਬਿਜਲੀ ਸੋਧ ਬਿੱਲ ਨੂੰ ਤੁਰੰਤ ਵਾਪਸ ਲਿਆ ਜਾਵੇ ਤਾਂ ਕਿ ਬਿਜਲੀ ਢਾਂਚੇ ਦਾ ਨਿੱਜੀਕਰਨ ਹੋਣ ਤੋਂ ਰੋਕਿਆ ਜਾ ਸਕੇ। ਇਸ ਮੌਕੇ ਵੱਖ ਵੱਖ ਜਥੇਬੰਦੀਆਂ ਦੇ ਮੁਲਾਜ਼ਮ ਹਾਜ਼ਰ ਸਨ।