ਲਖਵੀਰ ਸਿੰਘ ਚੀਮਾ
ਟੱਲੇਵਾਲ, 10 ਜੁਲਾਈ
ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇ ਨੰਬਰ-7 ’ਤੇ ਬਰਨਾਲਾ ਜ਼ਿਲ੍ਹੇ ਦੀ ਹੱਦ ’ਤੇ ਪਿੰਡ ਬਡਬਰ ਵਿਖੇ ਟੌਲ ਪਲਾਜ਼ਾ ਦੇ ਕਰਮਚਾਰੀਆਂ ਵਲੋਂ ਕਿਸਾਨ ਆਗੂਆਂ ਨਾਲ ਦੁੁਰਵਿਵਹਾਰ ਕਰਨ ਦੇ ਰੋਸ ਵਜੋਂ ਅੱਜ ਭਾਰਤੀ ਕਿਸਾਨ ਯੁੂਨੀਅਨ ਏਕਤਾ ਉਗਰਾਹਾਂ ਵਲੋਂ ਰੋਡ ਜਾਮ ਕਰਕੇ ਧਰਨਾ ਲਗਾਇਆ ਗਿਆ।
ਧਰਨਾ ਦੇ ਰਹੇ ਕਿਸਾਨ ਆਗੂਆਂ ਨੇ ਕਿਹਾ ਕਿ ਜੱਥੇਬੰਦੀਆਂ ਦੇ ਆਗੂ ਇਸ ਟੋਲ ਪਲਾਜ਼ੇ ਤੋਂ ਕਈ ਵਾਰ ਲੰਘੇ ਹਨ, ਜਿਸ ਦੌਰਾਨ ਟੌਲ ਕਰਮਚਾਰੀਆਂ ਵਲੋਂ ਆਗੂਆਂ ਨਾਲ ਦੁਰਵਿਵਹਾਰ ਕੀਤਾ ਜਾਂਦਾ ਹੈ, ਜਿਸ ਦੇ ਰੋਸ ਵਜੋਂ ਅੱਜ ਧਰਨਾ ਲਗਾਇਆ ਗਿਆ ਹੈ। ਇਸ ਧਰਨੇ ਦੌਰਾਨ ਕਿਸਾਨ ਯੂਨੀਅਨ ਨੇ ਵਾਹਨਾਂ ਚਾਲਕਾਂ ਨੂੰ ਪਰਚੀ ਕਟਵਾਏ ਬਗੈਰ ਹੀ ਲੰਘਾਇਆ। ਕਿਸਾਨਾਂ ਨੇ ਕਿਹਾ ਕਿ ਜੇ ਇਹ ਦੁਰਵਿਵਹਾਰ ਬੰਦ ਨਾ ਕੀਤਾ ਗਿਆ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।
ਉਧਰ ਇਸ ਸਬੰਧੀ ਟੌਲ ਕੰਪਨੀ ਦੇ ਅਧਿਕਾਰੀਆਂ ਨੇ ਕਿਹਾ ਕਿ ਜਿਸ ਗੱਡੀ ’ਤੇ ਕਿਸਾਨ ਯੂਨੀਅਨ ਦਾ ਝੰਡਾ ਲੱਗਿਆ ਹੋਵੇਗਾ, ਉਸ ਦੀ ਪਰਚੀ ਨਹੀਂ ਕੱਟੀ ਜਾਵੇਗੀ।