ਮਾਨਸਾ (ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚੇ ਵੱਲੋਂ ਗੁਲਾਬੀ ਸੁੰਡੀ ਕਾਰਨ ਖਰਾਬ ਹੋਏ ਨਰਮੇ ਦੀ ਮੁਆਵਜ਼ਾ ਰਾਸ਼ੀ ਦੀ ਮੰਗ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਲਾਇਆ ਪੱਕਾ ਮੋਰਚਾ ਅੱਜ 7ਵੇਂ ਦਿਨ ਵੀ ਜਾਰੀ ਰਿਹਾ, ਪਰ ਇਸ ਦਾ ਸੱਤ ਦਿਨਾਂ ਬਾਅਦ ਵੀ ਕੋਈ ਹੱਲ ਨਹੀਂ ਨਿਕਲਿਆ। ਧਰਨਾਕਾਰੀਆਂ ਦਾ ਕਹਿਣਾ ਹੈ ਕਿ ਜਿੰਨਾ ਚਿਰ ਤੱਕ ਉਨ੍ਹਾਂ ਦੇ ਖਾਤਿਆਂ ਵਿੱਚ ਮੁਆਵਜ਼ਾ ਰਾਸ਼ੀ ਨਹੀਂ ਆ ਜਾਂਦੀ, ਓਨਾਂ ਚਿਰ ਤੱਕ ਇਹ ਧਰਨਾ ਜਾਰੀ ਰਹੇਗਾ। ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਆਗੂ ਮੱਖਣ ਸਿੰਘ ਭੈਣੀਬਾਘਾ ਨੇ ਕਿਹਾ ਕਿ ਬਦਲ ਦੇ ਮੁੱਦੇ ਆਧਾਰਿਤ ਬਣੀ ‘ਆਪ’ ਸਰਕਾਰ ਨਿੱਜੀ ਹਿੱਤਾਂ ਨੂੰ ਛੱਡ ਲੋਕ ਨੀਤੀਆਂ ਵੱਲ ਧਿਆਨ ਦੇਵੇ। ਉਨ੍ਹਾਂ ਕਿਹਾ ਕਿ 15 ਮਾਰਚ ਨੂੰ ਡੀਸੀ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ।