ਪਰਮਜੀਤ ਸਿੰਘ
ਫਾਜ਼ਿਲਕਾ, 4 ਅਕਤੂਬਰ
ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਬੀਤੇ ਦਿਨ ਵਾਪਰੀ ਹਿੰਸਕ ਘਟਨਾ ’ਚ ਕਿਸਾਨਾਂ ਦੀ ਮੌਤ ਦੇ ਰੋਸ ਵਜੋਂ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਵੱਲੋਂ ਸਥਾਨਕ ਡੀਸੀ ਦਫਤਰ ਅੱਗੇ ਯੂਪੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਜ਼ਿਲ੍ਹਾ ਪ੍ਰਧਾਨ ਪਰਗਟ ਸਿੰਘ ਚੱਕਪੱਖੀ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਹਰੀਸ਼ ਨੱਢਾ, ਕੁੱਲ੍ਹ ਹਿੰਦ ਕਿਸਾਨ ਸਭਾ ਦੇ ਆਗੂ ਕਾਮਰੇਡ ਸੁਬੇਗ ਝੰਗੜ ਭੈਣੀ, ਵਣਜਾਰ ਸਿੰਘ, ਰਮੇਸ਼ ਵਡੇਰਾ, ਪ੍ਰਵੀਨ ਕੁਮਾਰ, ਅਵਤਾਰ ਸਿੰਘ ਪਾਕਾ, ਕਾਮਰੇਡ ਸ਼ਕਤੀ, ਸਤਪਾਲ ਸਿੰਘ, ਮਨਪ੍ਰੀਤ ਸਿੰਘ ਸੰਧੂ ਅਤੇ ਗੁਰਵਿੰਦਰ ਸਿੰਘ ਨੇ ਕੀਤੀ।
ਕਿਸਾਨ ਆਗੂਆਂ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਦਿੱਤੇ ਕਿਸਾਨ ਵਿਰੋਧੀ ਬਿਆਨ ਦਾ ਵੀ ਸਖਤ ਨੋਟਿਸ ਲਿਆ ਹੈ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਕਿ ਇਕ ਪਾਸੇ ਉੱਤਰ ਪ੍ਰਦੇਸ਼ ਵਿਚ ਇਕ ਮੰਤਰੀ ਦੇ ਪੁੱਤਰ ਵੱਲੋਂ ਸ਼ਰ੍ਹੇਆਮ ਗੱਡੀ ਨਾਲ ਕੁਚਲ ਕੇ ਕਿਸਾਨਾਂ ਦਾ ਕਤਲ ਕਰ ਦੇਣਾ ਅਤੇ ਦੂਜੇ ਪਾਸੇ ਹਰਿਆਣਾ ਦੀ ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਸਬਕ ਸਿਖਾਉਣ ਲਈ ਹਿੰਸਾ ਦੀ ਵਰਤੋਂ ਕਰਨ ਦਾ ਬਿਆਨ ਦੇਣਾ ਇਕ ਸੋਚੀ ਸਮਝੀ ਸਾਜ਼ਿਸ਼ ਸਾਬਤ ਹੋ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਹਨ ਪਰ ਸਰਕਾਰ ਅਜਿਹੀਆਂ ਹਿੰਸਕ ਘਟਨਾਵਾਂ ਕਰਕੇ ਕਿਸਾਨਾਂ ਦੇ ਦੇਸ਼ ਵਿਆਪੀ ਇਸ ਅੰਦੋਲਨ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ।