ਸੰਜੀਵ ਹਾਂਡਾ
ਫ਼ਿਰੋਜ਼ਪੁਰ, 4 ਅਕਤੂਬਰ
ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਦੇ ਰੋਸ ਵਜੋਂ ਅੱਜ ਇੱਥੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ। ਕਿਸਾਨ ਆਗੂਆਂ ਨੇ ਉੱਤਰ ਪ੍ਰਦੇਸ਼ ਤੋਂ ਭਾਜਪਾ ਦੇ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਲੜਕੇ ਸਮੇਤ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਤੇ ਅਜੇ ਮਿਸ਼ਰਾ ਨੂੰ ਮੰਤਰੀ ਮੰਡਲ ਵਿਚੋਂ ਬਰਖ਼ਾਸਤ ਕਰਨ ਦੀ ਮੰਗ ਕੀਤੀ। ਆਗੂਆਂ ਨੇ ਇਸ ਘਟਨਾ ਦੀ ਨਿਖੇਧੀ ਕਰਦਿਆਂ ਆਖਿਆ ਕਿ ਭਾਜਪਾ ਘਬਰਾ ਕੇ ਹੁਣ ਇਸ ਤਰ੍ਹਾਂ ਦੀਆਂ ਕਾਰਵਾਈਆਂ ’ਤੇ ਉੱਤਰ ਆਈ ਹੈ। ਕਿਸਾਨਾਂ ਨੇ ਇਸ ਮਾਮਲੇ ਦੀ ਸੁਣਵਾਈ ਫ਼ਾਸਟ ਟਰੈਕ ਅਦਾਲਤ ਵਿਚ ਕਰਵਾਉਣ ਦੀ ਮੰਗ ਵੀ ਕੀਤੀ। ਉਨ੍ਹਾਂ ਆਖਿਆ ਕਿ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਜੂਝ ਰਹੇ ਕਿਸਾਨਾਂ ਦੀ ਸ਼ਹਾਦਤ ਇਸ ਸੰਘਰਸ਼ ਨੂੰ ਹੋਰ ਤੇਜ਼ ਕਰੇਗੀ।
ਦੂਜੇ ਪਾਸੇ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਵੱਲੋਂ ਅੱਜ ਇਸ ਘਟਨਾਕ੍ਰਮ ਨੂੰ ਲੈ ਕੇ ਸ਼ਹਿਰ ਦੇ ਊਧਮ ਸਿੰਘ ਚੌਕ ਵਿਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅੱਦਿਤਿਆਨਾਥ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਦਾ ਪੁਤਲਾ ਫ਼ੂਕਿਆ ਗਿਆ। ਜਥੇਬੰਦੀ ਦੇ ਜ਼ੋਨ ਪ੍ਰਧਾਨ ਖਲਾਰਾ ਸਿੰਘ ਪਨੂੰ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਖੇਤੀ ਕਾਨੂੰਨ ਰੱਦ ਕਰਨ ਦੀ ਬਜਾਏ ਕਿਸਾਨਾਂ ਦਾ ਹੀ ਕਤਲ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਮੰਡੀਆਂ ਵਿਚ ਝੋਨੇ ਦੀ ਖਰੀਦ ਛੇਤੀ ਸ਼ੁਰੂ ਕਰਵਾਉਣ ਦੀ ਮੰਗ ਵੀ ਕੀਤੀ।