ਪੱਤਰ ਪ੍ਰੇਰਕ
ਗਿੱਦੜਬਾਹਾ, 19 ਮਈ
ਇੱਕ ਪਾਸੇ ਸੂਬਾ ਸਰਕਾਰ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਕਰ ਰਹੀ ਹੈ ਤੇ ਦੂਜੇ ਪਾਸੇ ਝੋਨੇ ਨੂੰ ਪਾਣੀ ਦੀ ਸਿੰਚਾਈ ਲਈ ਬਿਜਲੀ ਸਪਲਾਈ ਪੂਰੀ ਨਾ ਮਿਲਣ ਕਾਰਨ ਕਿਸਾਨ ਬਿਜਲੀ ਗਰਿੱਡਾਂ ’ਤੇ ਧਰਨੇ ਲਾਉਣ ਲਈ ਮਜਬੂਰ ਹੋ ਰਹੇ ਹਨ। ਪਿੰਡ ਗਿਲਜੇਵਾਲਾ ਦੇ ਕਿਸਾਨਾਂ ਵੱਲੋਂ ਪਿੰਡ ਦੇ ਸਰਪੰਚ ਨਿਰਮਲ ਸਿੰਘ ਦੀ ਅਗਵਾਈ ਹੇਠ ਖੇਤੀ ਲਈ ਬਿਜਲੀ ਸਪਲਾਈ ਪੂਰੀ ਤੇ ਨਿਰਵਿਘਨ ਨਾ ਮਿਲਣ ਕਾਰਨ ਗਿਲਜੇਵਾਲਾ ਦੇ ਬਿਜਲੀ ਗਰਿੱਡ ’ਤੇ ਧਰਨਾ ਦਿੰਦਿਆਂ ਸਰਕਾਰ ਤੇ ਪਾਵਰਕੌਮ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਖੇਤੀ ਲਈ ਸਿਰਫ ਚਾਰ ਘੰਟੇ ਬਿਜਲੀ ਸਪਲਾਈ ਦੇਣ ਦਾ ਐਲਾਨ ਕੀਤਾ ਗਿਆ, ਜੋ ਬਹੁਤ ਘੱਟ ਹੈ। ਪਰ ਅਫਸੋਸ ਕਿ ਕਿਸਾਨਾਂ ਨੂੰ ਇਹ ਚਾਰ ਘੰਟੇ ਬਿਜਲੀ ਸਪਲਾਈ ਦੇਣ ਦੀ ਬਜਾਏ ਅੱਧਾ ਸਮਾਂ ਪਾਵਰ ਕੱਟਾਂ ’ਚ ਲੰਘ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜੇ ਸਰਕਾਰ ਤੇ ਸਬੰਧਤ ਵਿਭਾਗ ਨੇ ਖੇਤੀ ਲਈ ਚਾਰ ਘੰਟੇ ਵੀ ਨਿਰਵਿਘਨ ਸਪਲਾਈ ਨਾ ਦਿੱਤੀ ਤਾਂ ਉਹ ਸਿੱਧੀ ਬਿਜਾਈ ਵੀ ਨਹੀਂ ਕਰ ਸਕਣਗੇ, ਜਿਸ ਕਾਰਨ ਉਹ ਫਿਰ ਤੋਂ ਰਵਾਇਤੀ ਢੰਗ ਨਾਲ ਝੋਨਾ ਲਾਉਣ ਲਈ ਮਜਬੂਰ ਹੋਣਗੇ। ਉਨ੍ਹਾਂ ਪੰਜਾਬ ਸਰਕਾਰ ਤੇ ਪਾਵਰਕੌਮ ਤੋਂ ਮੰਗ ਕੀਤੀ ਕਿ ਹਰ ਬਿਜਲੀ ਗਰਿੱਡ ਤੋਂ ਹਰ ਫੀਡਰ ਲਈ ਖੇਤੀ ਲਈ ਚਾਰ ਘੰਟੇ ਬਿਜਲੀ ਦਿੱਤੀ ਜਾਵੇ। ਜਦੋਂ ਇਸ ਸਬੰਧੀ ਸਬੰਧਤ ਐਕਸੀਅਨ ਰਵਿੰਦਰ ਕੁਮਾਰ ਨਾਲ ਫੋਨ ’ਤੇ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਿਸਟਮ ਨੂੰ ਚਲਾਉਣ ਲਈ ਪਾਵਰ ਕੱਟ ਲਾਉਣੇ ਜ਼ਰੂਰੀ ਹੋ ਜਾਂਦੇ ਹਨ, ਪਰ ਫਿਰ ਵੀ ਕਿਸਾਨਾਂ ਦੀ ਮੁਸ਼ਕਲ ਨੂੰ ਸਮਝਦੇ ਹੋਏ ਉਨ੍ਹਾਂ ਵੱਲੋਂ ਆਪਣੇ ਉੱਚ ਅਧਿਕਾਰੀਆਂ ਨੂੰ ਇਸ ਸਬੰਧੀ ਜਾਣੂ ਕਰਵਾ ਦਿੱਤਾ ਗਿਆ ਹੈ।