ਕਿਸਾਨਾਂ ਵੱਲੋਂ ਨਗਰ ਕੌਂਸਲ ਦਫ਼ਤਰ ਅੱਗੇ ਪ੍ਰਦਰਸ਼ਨ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਅੱਜ ਨਗਰ ਕੌਂਸਲ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਅਤੇ ਅਧਿਕਾਰੀਆਂ ਵਿਰੁੱਧ ਨਅਰੇਬਾਜ਼ੀ ਕੀਤੀ। ਇਸ ਮੌਕੇ ਆਗੂ ਮੰਦਰ ਸਿੰਘ ਨਾਗਰਾ, ਬੇਅੰਤ ਸਿੰਘ ਅਤੇ ਡਾ: ਸਿਕੰਦਰ ਸਿੰਘ ਨੇ ਕਿਹਾ ਕਿ ਭੁੱਚੋ ਮੰਡੀ ਸ਼ਹਿਰ ਦੇ ਡਿਪੋਜ਼ਲ ਸਿਸਟਮ ਨੇੜਲੇ ਪਿੰਡ ਬੁਰਜ ਕਾਹਨ ਸਿੰਘ ਵਾਲਾ ਦੇ ਖੇਤਾਂ ਅਤੇ ਬਾਬਾ ਸੰਗੂ ਸਿੰਘ ਬਸਤੀ ਦੇ ਕੁੱਝ ਘਰਾਂ ਵਿੱਚ ਸੀਵਰੇਜ ਦਾ ਗੰਦਾ ਪਾਣੀ ਭਰਿਆ ਹੋਇਆ ਹੈ। ਇਸ ਸਬੰਧੀ ਪਹਿਲਾਂ ਵੀ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਨੂੰ ਮੰਗ ਪੱਤਰ ਦਿੱਤਾ ਗਿਆ ਸੀ, ਪਰ ਅਧਿਕਾਰੀਆਂ ਨੇ ਇਸ ਸਮੱਸਿਆ ਨੂੰ ਹਲ ਕਰਨ ਦਾ ਯਤਨ ਨਹੀਂ ਕੀਤਾ। ਇਸ ਕਰਕੇ ਅੱਜ ਕਿਸਾਨਾਂ ਨੂੰ ਨਗਰ ਕੌਂਸਲ ਦੇ ਦਫਤਰ ਅੱਗੇ ਰੋਸ ਪ੍ਰਦਰਸ਼ਨ ਕਰਨਾ ਪਿਆ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਅਧਿਕਾਰੀਆਂ ਨੇ ਜਲਦੀ ਇਹ ਸਮੱਸਿਆ ਹੱਲ ਨਾ ਕੀਤੀ, ਤਾਂ ਉਹ ਤਿੱਖਾ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ। ਇਸ ਮੌਕੇ ਗੁਰਜੰਟ ਸਿੰਘ ਧਾਲੀਵਾਲ, ਗੁਰਜੰਟ ਸਿੰਘ ਫੌਜੀ, ਟੀਟੂ ਸਿੰਘ, ਬਿੰਦਾ ਸਿੰਘ, ਅਮਰਜੀਤ ਸਿੰਘ, ਕੇਵਲ ਸਿੰਘ ਅਤੇ ਜਗਤਾਰ ਸਿੰਘ ਨਾਗਰਾ ਹਾਜ਼ਰ ਸਨ।