Farmers Protest Over MSP Hike: ਕਣਕ ਦੀ ਐੱਮ ਐੱਸ ਪੀ ’ਚ ਮਾਮੂਲੀ ਵਾਧਾ ਮਜ਼ਾਕ ਕਰਾਰ
ਕੇਂਦਰ ਸਰਕਾਰ ਦਾ ਪੁਤਲਾ ਸਾਡ਼ਿਆ
ਭਾਰਤੀ ਕਿਸਾਨ ਯੂਨੀਅਨ (ਏਕਤਾ)-ਡਕੌਂਦਾ ਵੱਲੋਂ ਕੇਂਦਰ ਸਰਕਾਰ ਵੱਲੋਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ਵਿੱਚ ਕੀਤੇ ਵਾਧੇ ਨੂੰ ਕਿਸਾਨਾਂ ਨਾਲ ਮਜ਼ਾਕ ਕਰਾਰ ਦਿੰਦਿਆਂ ਇੱਥੇ ਅਰਥੀ ਫੂਕ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਐੱਮ ਐੱਸ ਪੀ ਵਿੱਚ ਕੀਤਾ ਗਿਆ ਵਾਧਾ ਕਿਸਾਨਾਂ ਦੀਆਂ ਉਮੀਦਾਂ ਦੇ ਮੁਕਾਬਲੇ ਨਾਕਾਫ਼ੀ ਹੈ ਅਤੇ ਇਸ ਨਾਲ ਕਿਸਾਨਾਂ ਦੀਆਂ ਆਰਥਿਕ ਮੁਸ਼ਕਲਾਂ ਦੂਰ ਨਹੀਂ ਹੋਣਗੀਆਂ।
ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਭੈਣੀਬਾਘਾ ਨੇ ਕਿਹਾ ਕਿ ਖੇਤੀਬਾੜੀ ਵਿੱਚ ਲਾਗਤ ਲਗਾਤਾਰ ਵਧ ਰਹੀ ਹੈ ਅਤੇ ਡੀਜ਼ਲ, ਖਾਦਾਂ, ਕੀਟਨਾਸ਼ਕਾਂ, ਬੀਜਾਂ ਅਤੇ ਖੇਤੀਬਾੜੀ ਦੇ ਸਾਮਾਨ ਦੀਆਂ ਕੀਮਤਾਂ ਵਿੱਚ ਵਾਧੇ ਕਾਰਨ ਕਿਸਾਨਾਂ ਦਾ ਖਰਚਾ ਵਧ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਵਿੱਚ ਐੱਮ ਐੱਸ ਪੀ ਵਿੱਚ ਮਾਮੂਲੀ ਵਾਧਾ ਕਿਸਾਨਾਂ ਲਈ ਰਾਹਤ ਵਾਲਾ ਨਹੀਂ ਹੈ। ਉਨ੍ਹਾਂ ਦੱਸਿਆ ਕਿ ਹਰੀ ਕ੍ਰਾਂਤੀ ਦਾ ਨਾਅਰਾ ਦੇ ਕੇ ਸਮੇਂ ਦੀਆਂ ਸਰਕਾਰਾਂ ਨੇ ਕਾਰਪੋਰੇਟ ਘਰਾਣਿਆਂ ਨੂੰ ਲੁੱਟਣ ਦੀ ਖੁੱਲ੍ਹ ਦਿੱਤੀ ਗਈ ਹੈ ਅਤੇ ਉਨ੍ਹਾਂ ਦੇ ਮੁੂੰਹ ਬੰਦ ਕਰਨ ਦੀ ਥਾਂ ਕਿਸਾਨਾਂ ਨੂੰ ਖ਼ਤਮ ਕਰਨ ਲਈ ਤਿਆਰ-ਬਰ-ਤਿਆਰ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫ਼ਸਲਾਂ ਦਾ ਲਾਹੇਵੰਦ ਭਾਅ ਮਿਲਣਾ ਚਾਹੀਦਾ ਹੈ ਅਤੇ ਐੱਮ ਐੱਸ ਪੀ ਨੂੰ ਲਾਗਤ ਦੇ ਆਧਾਰ ’ਤੇ ਤੈਅ ਕਰਕੇ ਇਸ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਯੂਨੀਅਨ ਦੇ ਆਗੂ ਮਨਜੀਤ ਸਿੰਘ ਉਲਕ ਨੇ ਕਿਹਾ ਕਿ ਇੱਕ ਪਾਸੇ ਝੋਨੇ ਦੀ ਸਰਕਾਰੀ ਖਰੀਦ ਅੱਜ ਤੋਂ ਸ਼ੁਰੂ ਹੋਣ ਦੇ ਬਿਆਨ ਦੇ ਰਹੇ ਹਨ, ਪਰ ਦੂਜੇ ਪਾਸੇ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਦਾ ਜਲੂਸ ਨਿਕਲਿਆ ਪਿਆ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਨਾ ਕੋਈ ਇੰਸਪੈਕਟਰ, ਨਾ ਬਾਰਦਾਨਾ ਹੀ ਪੁੱਜਾ ਹੈ। ਉਨ੍ਹਾਂ ਮੰਗ ਕੀਤੀ ਕਿ ਜੇਕਰ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਆਈ ਤਾਂ ਆਉਣ ਵਾਲੇ ਦਿਨਾਂ ਵਿੱਚ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਰਾਜ ਸਿੰਘ ਅਕਲੀਆ, ਬਲਵਿੰਦਰ ਸਿੰਘ, ਬਲਜੀਤ ਸਿੰਘ, ਸੁਖਜਿੰਦਰ ਸਿੰਘ, ਹਰਬੰਸ ਸਿੰਘ, ਟਹਿਲ ਸਿੰਘ, ਮਹਿਲ ਸਿੰਘ, ਹਰਪਾਲ ਸਿੰਘ, ਸੁਰਜੀਤ ਸਿੰਘ, ਭੋਲਾ ਸਿੰਘ, ਬੋਘਾ ਸਿੰਘ ਅਤੇ ਲਵਪ੍ਰੀਤ ਸਿੰਘ ਵੀ ਮੌਜੂਦ ਸਨ।
ਐੱਮ ਐੱਸ ਪੀ ’ਚ ਸਿਰਫ਼ 25 ਰੁਪਏ ਦਾ ਵਾਧਾ ਬੇਇਨਸਾਫ਼ੀ: ਸ਼ੈਲਜਾ
ਸਿਰਸਾ (ਨਿੱਜੀ ਪੱਤਰ ਪ੍ਰੇਰਕ): ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ਵਿੱਚ ਸਿਰਫ਼ 25 ਰੁਪਏ ਪ੍ਰਤੀ ਕੁਇੰਟਲ ਵਾਧੇ ’ਤੇ ਕੇਂਦਰ ਸਰਕਾਰ ਤੋਂ ਸਵਾਲ ਚੁੱਕਦਿਆਂ ਇਸ ਨੂੰ ਕਿਸਾਨਾਂ ਨਾਲ ਬੇਇਨਸਾਫ਼ੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਵਾਧਾ ਇੱਕ ਪ੍ਰਤੀਸ਼ਤ ਤੋਂ ਵੀ ਘੱਟ ਹੈ ਜਦੋਂ ਕਿ ਕਿਸਾਨਾਂ ਦੀ ਕਾਸ਼ਤ ਦੀ ਲਾਗਤ ਅਤੇ ਰੋਜ਼ਾਨਾ ਖਰਚੇ ਲਗਾਤਾਰ ਵਧ ਰਹੇ ਹਨ। ਕੁਮਾਰੀ ਸ਼ੈਲਜਾ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਵਾਅਦੇ ਨਾਲ ਸੱਤਾ ਵਿੱਚ ਆਈ ਸੀ ਅਤੇ ਉਨ੍ਹਾਂ ਦੀ ਫ਼ਸਲ ਦੇ ਹਰ ਦਾਣੇ ਨੂੰ ਖਰੀਦਣ ਅਤੇ ਲਾਗਤ ਤੋਂ ਵੱਧ ਲਾਹੇਵੰਦ ਕੀਮਤ ਦੇਣ ਦੀ ਗੱਲ ਕਰ ਰਹੀ ਹੈ। ਹਾਲਾਂਕਿ ਕਣਕ ਦੇ ਐੱਮ ਐੱਸ ਪੀ ਵਿੱਚ ਸਿਰਫ਼ 25 ਰੁਪਏ ਦਾ ਵਾਧਾ ਕਿਸਾਨਾਂ ਦੀਆਂ ਵਧਦੀਆਂ ਲਾਗਤਾਂ ਅਤੇ ਆਰਥਿਕ ਜ਼ਰੂਰਤਾਂ ਦੇ ਮੁਕਾਬਲੇ ਬਹੁਤ ਘੱਟ ਹੈ। ਝੋਨੇ ਦੀ ਗੱਲ ਕਰਦਿਆਂ ਕੁਮਾਰੀ ਸ਼ੈਲਜਾ ਨੇ ਕਿਹਾ ਕਿ ਕਿਸਾਨਾਂ ਨੂੰ ਸਿਰਫ਼ ਐਲਾਨਾਂ ਦੀ ਨਹੀਂ ਸਗੋਂ ਖੇਤੀਬਾੜੀ ਨੀਤੀ ਦੀ ਲੋੜ ਹੈ ਜੋ ਉਨ੍ਹਾਂ ਦੀਆਂ ਵਧਦੀਆਂ ਲਾਗਤਾਂ, ਸਖ਼ਤ ਮਿਹਨਤ ਅਤੇ ਜ਼ੋਖਮਾਂ ਲਈ ਉਚਿਤ ਮੁੱਲ ਦੇਵੇ।

