ਜੋਗਿੰਦਰ ਸਿੰਘ ਮਾਨ
ਮਾਨਸਾ, 11 ਜੂਨ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਮਾਨਸਾ ਦੇ ਰੇਲਵੇ ਸਟੇਸ਼ਨ ਨੇੜੇ ਲਾਏ ਧਰਨੇ ਦੇ 254ਵੇਂ ਦਿਨ ਕੇਂਦਰ ਸਰਕਾਰ ਦੀ ਮੁਰਦਾਬਾਦ ਜਾਰੀ ਰੱਖੀ। ਕਿਸਾਨਾਂ ਨੇ ਮੋਦੀ ਸਰਕਾਰ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਵਿੱਚ 72 ਰੁਪਏ ਦਾ ਵਾਧਾ ਉਨ੍ਹਾਂ ਨਾਲ ਕੋਝਾ ਮਜ਼ਾਕ ਹੈ। ਉਨ੍ਹਾਂ ਮੰਗ ਕੀਤੀ ਕਿ ਤਿਲੰਗਾਨਾ ਦੇ ਸੋਸ਼ਲ ਪੱਤਰਕਾਰ ਰਾਘਵ ਰਾਮ ਕਿ੍ਰਸ਼ਨ ਨੂੰ ਤੁਰੰਤ ਰਿਹਾਅ ਕਰਵਾਇਆ ਜਾਵੇ।
ਇਸ ਤੋਂ ਪਹਿਲਾਂ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗੂ ਬਲਵਿੰਦਰ ਸ਼ਰਮਾਂ ਖਿਆਲਾ ਨੇ ਮੋਦੀ-ਭਾਜਪਾ ਹਕੂਮਤ ’ਤੇ ਦੋਸ਼ ਲਾਇਆ ਕਿ ਕਿਸਾਨੀ ਨੂੰ ਤਬਾਹ ਕਰਨ ਅਤੇ ਅੰਡਾਨੀ-ਅੰਬਾਨੀ ਵਰਗੇ ਸਾਮਰਾਜੀ ਕਾਰਪੋਰੇਟ ਦੇ ਵਾਰੇ-ਨਿਆਰੇ ਕਰਨ ਲਈ ਹੀ ਕਾਲੇ ਖੇਤੀ ਕਾਨੂੰਨ ਲਿਆਂਦੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲਗਭਗ ਸਾਢੇ ਅੱਠ ਮਹੀਨਿਆਂ ਤੋਂ ਪੰਜਾਬ ਦੀਆਂ ਸੜਕਾਂ ’ਤੇ ਪੋਹ-ਮਾਘ ਦੀਆਂ ਠੰਢਾਂ ਤੇ ਜੇਠ-ਹਾੜ੍ਹ ਦੀਆਂ ਧੁੱਪਾਂ ਵਿੱਚ ਇਤਿਹਾਸਕ ਘੋਲ ਦੇ ਮੈਦਾਨ ਵਿੱਚ ਹਜ਼ਾਰਾਂ ਔਰਤਾਂ, ਨੌਜਵਾਨਾਂ ਅਤੇ ਬੁਜ਼ਰਗਾਂ ਸਮੇਤ ਵੱਡੀ ਗਿਣਤੀ ਵਿੱਚ ਜੁਝਾਰੂ ਡੱਟੇ ਹੋਏ ਹਨ, ਜੋ ਝੋਨੇ ਦੀ ਲੁਵਾਈ ਅਤੇ ਨਰਮੇ ਦੀ ਗੁੱਡਾ-ਗੁਡਾਈ ਦੌਰਾਨ ਭਾਗ ਲੈਂਦੇ ਰਹਿਣਗੇ।
ਮਹਿਲ ਕਲਾਂ (ਪੱਤਰ ਪ੍ਰੇਰਕ) ਖੇਤੀ ਕਾਨੂੰਨਾਂ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਮਹਿਲ ਕਲਾਂ ਵਿੱਚ ਕਿਸਾਨਾਂ ਦਾ ਪੱਕਾ ਧਰਨਾ ਜਾਰੀ ਹੈ। ਅੱਜ ਪੱਕੇ ਧਰਨੇ ਤੋਂ ਕਿਸਾਨਾਂ ਦਾ ਇੱਕ ਕਾਫਲਾ ਦਿੱਲੀ ਮੋਰਚੇ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਮੋਦੀ ਸਰਕਾਰ ਖਿਲਾਫ ਨਾਅਰੇਬਾਜੀ ਕਰਦਿਆਂ ਕਿਸਾਨਾਂ ਨੇ ਕਿਹਾ ਕਿ ਇਹ ਕਿਸਾਨਾਂ ਦਾ ਸਰਕਾਰ ਖ਼ਿਲਾਫ਼ ਰੋਹ ਹੈ ਕਿ ਝੋਨੇ ਦਾ ਸੀਜ਼ਨ ਹੋਣ ਦੇ ਬਾਵਜੂਦ ਧਰਨਿਆਂ ਵਿੱਚ ਕਿਸਾਨਾਂ ਦੀ ਗਿਣਤੀ ਪਹਿਲਾਂ ਦੀ ਤਰ੍ਹਾਂ ਹੀ ਬਰਕਰਾਰ ਹੈ।
ਸ਼ਹਿਣਾ (ਪੱਤਰ ਪ੍ਰੇਰਕ) ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਿਲਾ ਪ੍ਰਧਾਨ ਗੁਰਵਿੰਦਰ ਸਿੰਘ ਨਾਮਧਾਰੀ ਨੇ ਕਿਸਾਨਾਂ ਸਮੇਤ ਕੇਂਦਰ ਸਰਕਾਰ ਖਿਲਾਫ਼ ਰੋਸ ਜਾਹਿਰ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਝੋਨੇ ਦੇ ਮੁੱਲ ਵਿੱਚ ਜੋ 72 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਹੈ, ਉਹ ਕਿਸਾਨਾਂ ਨਾਲ ਕੋਝਾ ਮਜਾਕ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਖੇਤੀ ਖਰਚੇ ਦਿਨੋਂ-ਦਿਨ ਵਧਦੇ ਜਾ ਰਹੇ ਹਨ, ਖੇਤੀ ਮਸ਼ੀਨਰੀ ਤੋਂ ਲੈਕੇ ਖੇਤੀ ਨਾਲ ਸਬੰਧਿਤ ਹਰ ਸਮਾਨ ਮਹਿੰਗਾ ਹੋ ਰਿਹਾ ਹੈ ਪਰ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਫਸਲਾਂ ਦਾ ਉਚਿਤ ਭਾਅ ਨਹੀਂ ਦਿੱਤਾ ਜਾ ਰਿਹਾ। ਹੁਣ ਕੇਂਦਰ ਸਰਕਾਰ ਨੇ ਝੋਨੇ ਦੇ ਮੁੱਲ ਵਿੱਚ ਸਿਰਫ 72 ਰੁਪਏ ਵਾਧਾ ਕੀਤਾ ਹੈ।
ਬਰਨਾਲਾ (ਖੇਤਰੀ ਪ੍ਰਤੀਨਿਧ) ਤੀਹ ਜਥੇਬੰਦੀਆਂ ‘ਤੇ ਅਧਾਰਿਤ ਸੰਯੁੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਐੱਮਐੱਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ ’ਤੇ ਲਾਇਆ ਧਰਨਾ ਅੱਜ 254ਵੇਂ ਦਿਨ ਵੀ ਪੂਰੇ ਜੋਸ਼ ਤੇ ਉਤਸ਼ਾਹ ਨਾਲ ਜਾਰੀ ਰਿਹਾ| ਅੱਜ ਬੁੁਲਾਰਿਆਂ ਨੇ ਕੇਂਦਰ ਸਰਕਾਰ ਦੀਆਂ ਗਲਤ ਤਰਜ਼ੀਹਾਂ ਦੀ ਚਰਚਾ ਕਰਦਿਆਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦਾ ਕੋਈ ਫਿਕਰ ਨਹੀਂ, ਆਪਣਾ ਹਿੰਦੂਤਵੀ ਏਜੰਡਾ ਲਾਗੂ ਕਰਨ ਦੀ ਚਿੰਤਾ ਹੈ|