ਲਖਵੀਰ ਸਿੰਘ ਚੀਮਾ
ਟੱਲੇਵਾਲ, 11 ਮਈ
ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਤਹਿਤ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦਾ ਪਿੰਡ ਬਖ਼ਤਗੜ੍ਹ ਤੋਂ ਜੱਥਾ ਦਿੱਲੀ ਮੋਰਚੇ ਲਈ ਰਵਾਨਾ ਹੋਇਆ। ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਆਗੂ ਬਲਵਿੰਦਰ ਸਿੰਘ ਦੁੱਗਲ ਨੇ ਕਿਹਾ ਕਿ ਵਾਢੀ ਦਾ ਸੀਜ਼ਨ ਕਰਕੇ ਦਿੱਲੀ ਨੂੰ ਜਾਣ ਵਾਲੇ ਕਿਸਾਨਾਂ ਦੇ ਕਾਫ਼ਲਿਆਂ ਦੀ ਗਿਣਤੀ ਕੁੱਝ ਘਟ ਗਈ ਸੀ। ਜੋ ਹੁਣ ਮੁੜ ਦੁਬਾਰਾ ਸ਼ੁਰੂ ਹੋ ਗਈ ਹੈ। ਕਿਸਾਨ ਜਥੇਬੰਦੀਆਂ ਅੱਜ ਵੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ’ਤੇ ਬਜ਼ਿੱਦ ਹਨ।
ਭਗਤਾ ਭਾਈ (ਰਾਜਿੰਦਰ ਸਿੰਘ ਮਰਾਹੜ): ਪਿੰਡ ਜਲਾਲ ਵਿੱਚ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੀ ਇਕਾਈ ਬਣਾਈ ਗਈ ਹੈ। ਇਸ ਤੋਂ ਪਹਿਲਾਂ ਪਿੰਡ ਦੇ ਗੁਰਦੁਆਰਾ ਸਾਹਿਬ ‘ਚ ਇਕੱਤਰ ਹੋਈ ਗ੍ਰਾਮ ਪੰਚਾਇਤ, ਕਿਸਾਨ ਸੰਘਰਸ਼ ਕਮੇਟੀ, ਧਾਰਮਿਕ ਸੰਸਥਾਵਾਂ ਦੇ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ‘ਚ ਕਿਸਾਨਾਂ ਤੇ ਨੌਜਵਾਨਾਂ ਨੇ ਬੀ.ਕੇ.ਯੂ. (ਉਗਰਾਹਾਂ) ਨਾਲੋਂ ਨਾਤਾ ਤੋੜ ਕੇ ਸਰਜੀਤ ਸਿੰਘ ਫੂਲ ਸੂਬਾ ਪ੍ਰਧਾਨ ਬੀ.ਕੇ.ਯੂ. (ਕ੍ਰਾਂਤੀਕਾਰੀ) ਦੀ ਅਗਵਾਈ ‘ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਸੂਬਾ ਪ੍ਰਧਾਨ ਸਰਜੀਤ ਸਿੰਘ ਫੂਲ, ਨੇ ਜਲਾਲ ਵਾਸੀਆਂ ਦਾ ਜਥੇਬੰਦੀ ‘ਚ ਸ਼ਾਮਲ ਹੋਣ ਲਈ ਧੰਨਵਾਦ ਕੀਤਾ।ਆਗੂਆਂ ਨੇ ਪਿੰਡ ਜਲਾਲ ‘ਚੋਂ ਬੀ.ਕੇ.ਯੂ. (ਕ੍ਰਾਂਤੀਕਾਰੀ) ਦੇ ਝੰਡੇ ਹੇਠ ਕਿਸਾਨਾਂ ਦਾ ਵੱਡਾ ਜਥਾ ਦਿੱਲੀ ਮੋਰਚੇ ਲਈ ਰਵਾਨਾ ਕੀਤਾ।
ਨਿਹਾਲ ਸਿੰਘ ਵਾਲਾ (ਰਾਜਵਿੰਦਰ ਰੌਂਤਾ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਿੰਡ ਖਾਈ ਅਤੇ ਹਿੰਮਤਪੁਰਾ ਤੋਂ ਵੱਡੇ ਕਾਫਲੇ ਦਿੱਲੀ ਲਈ ਰਵਾਨਾ ਹੋਏ। ਇਸ ਮੌਕੇ ਜ਼ਿਲ੍ਹਾ ਮੋਗਾ ਦੇ ਕਿਸਾਨ ਆਗੂ ਸੁਦਾਗਰ ਸਿੰਘ ਖਾਈ, ਜੰਗੀਰ ਸਿੰਘ ਹਿੰਮਤਪੁਰਾ, ਕਰਤਾਰ ਸਿੰਘ ਪੰਮਾ ਨੇ ਕਿਹਾ ਕਿ ਕਣਕ ਦਾ ਸੀਜ਼ਨ ਨਿੱਬੜ ਗਿਆ ਹੈ ਤੇ ਹੁਣ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨ ਦਿੱਲੀ ਵੱਲ ਕੂਚ ਕਰ ਰਹੇ ਹਨ।
ਮੋਰਚੇ ਵਿੱਚ ਸ਼ਾਮਲ ਹੋਣ ਪ੍ਰਬੰਧ ਮੁਕੰਮਲ
ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਸਿੰਘ ਪ੍ਰੀਤ): ਹਾੜ੍ਹੀ ਦੀ ਵਾਢੀ ਤੋਂ ਵਿਹਲੇ ਹੋਏ ਪਿੰਡ ਝਬੇਲਵਾਲੀ ਦੇ ਕਿਸਾਨਾਂ ਤੇ ਮਜ਼ਦੂਰਾਂ ਨੇ ਦਿੱਲੀ ਕਿਸਾਨ ਮੋਰਚੇ ਨੂੰ ਹੋਰ ਮਜ਼ਬੂਤ ਕਰਨ ਲਈ ਯੋਜਨਾਬੰਦੀ ਕਰ ਲਈ ਹੈ। ਇਸ ਸਬੰਧ ਵਿੱਚ ਹੋਈ ਬੈਠਕ ਦੌਰਾਨ ‘ਕਿਰਤੀ ਕਿਸਾਨ ਯੂਨੀਅਨ’ ਦੇੇ ਸੂਬਾ ਕਮੇਟੀ ਮੈਂਬਰ ਜਸਵਿੰਦਰ ਸਿੰਘ ਝਬੇਲਵਾਲੀ, ਰਣਧੀਰ ਸਿੰਘ ਧੀਰਾ ਤੇ ਕਿਰਤੀ ਕਿਸਾਨ ਯੂਨੀਅਨ ਦੇ ਬਲਜੀਤ ਸਿੰਘ ਫੌਜੀ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਹੁਣ ਕਿਸਾਨ ਦਿੱਲੀ ਦੀਆਂ ਹੱਦਾਂ ’ਤੇ ਡਟਣਗੇ। ਇਸ ਦੇ ਮੱਦੇਨਜ਼ਰ ਪਿੰਡ ਝਬੇਲਵਾਲੀ ਤੋਂ ਵੱਡੀ ਗਿਣਤੀ ’ਚ ਕਿਸਾਨ-ਮਜ਼ਦੂਰ 12 ਮਈ ਨੂੰ ਦਿੱਲੀ ਕਿਸਾਨ ਮੋਰਚੇ ਵਿੱਚ ਸ਼ਾਮਲ ਹੋਣਗੇ। ਇਸ ਵਾਸਤੇ ਵਾਹਨਾਂ, ਰਾਸ਼ਨ ਤੇ ਰਿਹਾਇਸ਼ ਦੇ ਪ੍ਰਬੰਧ ਵੀ ਮੁਕੰਮਲ ਕਰ ਲਏ ਗਏ ਹਨ।