ਕਿਸਾਨਾਂ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਅੱਗੇ ਧਰਨੇ
ਸ਼ਗਨ ਕਟਾਰੀਆ
ਬਠਿੰਡਾ, 10 ਮਾਰਚ
ਸੰਯੁਕਤ ਕਿਸਾਨ ਮੋਰਚਾ ਸੱਦੇ ’ਤੇ ਕਿਸਾਨ ਜਥੇਬੰਦੀਆਂ ਵੱਲੋਂ ਮਾਲਵਾ ਖੇਤਰ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਵਜ਼ੀਰਾਂ ਦੇ ਘਰਾਂ ਅੱਗੇ ਧਰਨੇ ਦਿੱਤੇ ਗਏ। ਇਸ ਦੌਰਾਨ ਮੁੱਖ ਮੰਤਰੀ ਦੇ ਕਿਸਾਨਾਂ ਪ੍ਰਤੀ ਮਾੜੇ ਰਵੱਈਏ ਅਤੇ ਕਿਸਾਨਾਂ ਨੂੰ ਮੋਰਚੇ ਲਈ ਚੰਡੀਗੜ੍ਹ ਜਾਣ ਤੋਂ ਰੋਕਣ ਖ਼ਿਲਾਫ਼ ਰੋਸ ਪ੍ਰਗਟਾਇਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਬਠਿੰਡਾ ਜ਼ਿਲ੍ਹੇ ਵਿੱਚ ਛੇ ਥਾਈਂ ਹਲਕਾ ਮੌੜ ਦੇ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ, ਹਲਕਾ ਰਾਮਪੁਰਾ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ, ਹਲਕਾ ਤਲਵੰਡੀ ਸਾਬੋ ਦੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ, ਹਲਕਾ ਭੁੱਚੋ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ, ਹਲਕਾ ਬਠਿੰਡਾ (ਸ਼ਹਿਰੀ) ਦੇ ਵਿਧਾਇਕ ਜਗਰੂਪ ਸਿੰਘ ਗਿੱਲ ਅਤੇ ਹਲਕਾ ਬਠਿੰਡਾ (ਦਿਹਾਤੀ) ਦੇ ਵਿਧਾਇਕ ਅਮਿਤ ਰਤਨ ਦੇ ਘਰਾਂ ਤੇ ਦਫ਼ਤਰਾਂ ਅੱਗੇ 11 ਤੋਂ 3 ਵਜੇ ਤੱਕ ਧਰਨੇ ਦਿੱਤੇ ਗਏ। ਧਰਨਿਆਂ ਨੂੰ ਸੰਬੋਧਨ ਕਰਦਿਆਂ ਮੋਰਚੇ ਨਾਲ ਸਬੰਧਤ ਜਥੇਬੰਦੀਆਂ ਦੇ ਆਗੂਆਂ ਝੰਡਾ ਸਿੰਘ ਜੇਠੂਕੇ, ਬੂਟਾ ਸਿੰਘ ਬੁਰਜ ਗਿੱਲ, ਬਲਕਰਨ ਸਿੰਘ ਬਰਾੜ, ਗੁਰਦੀਪ ਸਿੰਘ ਰਾਮਪੁਰਾ, ਸਰੂਪ ਸਿੰਘ ਸਿੱਧੂ, ਸੁਖਮੰਦਰ ਸਿੰਘ ਧਾਲੀਵਾਲ, ਹਰਵਿੰਦਰ ਸਿੰਘ ਬੱਲ੍ਹੋ, ਬੇਅੰਤ ਸਿੰਘ ਮਹਿਮਾ ਸਰਜਾ ਅਤੇ ਸਵਰਨ ਸਿੰਘ ਪੂਹਲੀ ਨੇ ਮੁੱਖ ਮੰਤਰੀ ਪੰਜਾਬ ’ਤੇ ਮੋਰਚੇ ਦੇ ਆਗੂਆਂ ਦੀ ਤੌਹੀਨ ਕਰਨ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਕਿਸਾਨ ਆਗੂਆਂ ਨਾਲ ਤਲਖ਼ੀ ਭਰੇ ਲਹਿਜ਼ੇ ਨਾਲ ਗ਼ਲਤ ਵਰਤਾਅ ਕਰਕੇ ਮੁੱਖ ਮੰਤਰੀ ਵੱਲੋਂ ਕਾਰਪਰੇਟ ਪੱਖੀ ਹੋਣ ਦਾ ਸਬੂਤ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਮੀਟਿੰਗ ’ਚ ਉਠਾਈਆਂ ਮੰਗਾਂ ਨੂੰ ਕੇਂਦਰ ਨਾਲ ਸਬੰਧਤ ਕਹਿਣਾ, ਝੂਠ ਸੀ। ਇਹ ਮੰਗਾਂ ਨਵੀਂ ਖੇਤੀ ਨੀਤੀ, ਨਹਿਰੀ ਪਾਣੀ ਦਾ ਪ੍ਰਬੰਧ, ਹੜ੍ਹਾਂ ਅਤੇ ਮੀਂਹ ਦੇ ਪਾਣੀ ਦੀ ਸੰਭਾਲ, ਕਿਸਾਨਾਂ ਦੀ ਕਰਜ਼ਾ ਮੁਆਫ਼ੀ ਅਤੇ ਫ਼ਸਲਾਂ ਦੀ ਖ਼ਰੀਦ ਦੇ ਮਾਮਲੇ ਰਾਜ ਸਰਕਾਰ ਨਾਲ ਸਬੰਧਤ ਸਨ। ਉਨ੍ਹਾਂ ਕਿਹਾ ਕਿ ਜੇਕਰ ਪ੍ਰਦੇਸ਼ ਸਰਕਾਰ ਨੇ ਕਿਸਾਨੀ ਮੰਗਾਂ ਮੰਨ ਕੇ ਲਾਗੂ ਨਾ ਕੀਤੀਆਂ ਤਾਂ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ। ਧਰਨੇ ਨੂੰ ਸ਼ਿੰਗਾਰਾ ਸਿੰਘ ਮਾਨ, ਜਸਵੀਰ ਸਿੰਘ ਆਕਲੀਆ, ਬਲਦੇਵ ਸਿੰਘ ਭਾਈਰੂਪਾ ਤੇ ਜਗਜੀਤ ਸਿੰਘ ਕੋਟਸ਼ਮੀਰ ਆਦਿ ਨੇ ਸੰਬੋਧਨ ਕੀਤਾ।
ਮੋਗਾ (ਮਹਿੰਦਰ ਸਿੰਘ ਰੱਤੀਆਂ): ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਇੱਥੇ ਕਿਸਾਨ ਜਥੇਬੰਦੀਆਂ ਵੱਲੋਂ ਹਾਕਮ ਧਿਰ ਵਿਧਾਇਕਾ ਦੇ ਘਰ ਅੱਗੇ ਰੋਸ ਧਰਨਾ ਦਿੱਤਾ ਗਿਆ। ਕਿਸਾਨਾਂ ਨੂੰ ਪੁਲੀਸ ਨੇ ਵਿਧਾਇਕਾ ਦੇ ਘਰ ਅੱਗੇ ਜਾਣ ਤੋਂ ਰੋਕ ਦਿੱਤਾ ਤਾਂ ਉਨ੍ਹਾਂ ਉਥੇ ਹੀ ਰਾਹ ’ਚ ਧਰਨਾ ਲਗਾ ਕੇ ਰੋਸ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਬੀਕੇਯੂ ਏਕਤਾ ਉਗਰਾਹਾਂ ਸੂਬਾ ਜਨਰਲ ਸਕੱਤਰ ਸੁੂਖਦੇਵ ਸਿੰਘ ਕੋਕਰੀ, ਬਲੌਰ ਸਿੰਘ ਘਾਲੀ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਬਿੱਕਰ ਸਿੰਘ ਚੂਹੜਚਜੱਕ, ਕਿਰਤੀ ਕਿਸਾਨ ਯੂਨੀਅਨ ਯੂਥ ਆਗੂ ਤੀਰਥ ਸਿੰਘ ਘਾਲੀ ਤੇ ਹੋਰ ਵੱਡੀ ਗਿਣਤੀ ਵਿਚ ਕਿਸਾਨ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਿਸਾਨਾਂ ਪ੍ਰਤੀ ਮਾੜੇ ਰਵੱਈਏ ਦੀ ਨਿਖ਼ੇਧੀ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਬੋਲਬਾਣੀ ਤੋਂ ਸਪਸ਼ਟ ਹੈ ਕਿ ਉਹ ਕੇਂਦਰ ਦੇ ਇਸ਼ਾਰੇ ’ਤੇ ਕਿਸਾਨਾਂ ਨਾਲ ਅਜਿਹਾ ਵਰਤਾ ਕਰ ਰਹ ਹਨ।
ਮਾਨਸਾ (ਜੋਗਿੰਦਰ ਸਿੰਘ ਮਾਨ): ਇੱਥੇ ਆਮ ਆਦਮੀ ਪਾਰਟੀ ਦੇ ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਦੀ ਮਾਨਸਾ ਵਿੱਚ ਰਿਹਾਇਸ਼ ਅੱਗੇ ਲਾਏ ਧਰਨੇ ਨੂੰ ਸੰਬੋਧਨ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੁਲੀਸ ਅਫ਼ਸਰਾਂ ਰਾਹੀਂ ਚੰਡੀਗੜ੍ਹ ਦੇ ਸ਼ਾਂਤਮਈ ਧਰਨੇ ਨੂੰ ਧੱਕੇ ਨਾਲ ਨਾਕਾਮ ਕਰਕੇ ਸੂਬੇ ਵਿੱਚ ਦਹਿਸ਼ਤ ਪਾਉਣ ਦਾ, ਜੋ ਉਪਰਾਲਾ ਕੀਤਾ ਹੈ, ਉਹ ਨਿੰਦਣਯੋਗ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਖੁੱਲ੍ਹੀ ਵਿਚਾਰ-ਚਰਚਾ ਦੀ ਚੁਣੌਤੀ ਦਿੰਦਿਆਂ ਕਿਹਾ ਕਿ ਭਗਵੰਤ ਮਾਨ ਵੱਲੋਂ ਲੋਕਾਂ ਨੂੰ ਗੁਮਰਾਹ ਕਰਨ ਲਈ ਝੂਠ ਬੋਲਿਆ ਹੈ, ਜਿਸ ਦਾ ਨਿਤਾਰਾ ਪੰਜਾਬ ਦੇ ਲੋਕ ਕਰ ਦੇਣਗੇ। ਇਸੇ ਦੌਰਾਨ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਦੇ ਘਰ ਅੱਗੇ ਦਿੱਤੇ ਧਰਨੇ ਨੂੰ ਜੋਗਿੰਦਰ ਦਿਆਲਪੁਰਾ, ਅਮਰੀਕ ਸਿੰਘ ਫਫੜੇ, ਕੁਲਵੰਤ ਸਿੰਘ ਕਿਸ਼ਨਗੜ੍ਹ, ਗੁਰਜੰਟ ਸਿੰਘ ਮਾਨਸਾ ਨੇ ਵੀ ਸੰਬੋਧਨ ਕੀਤਾ।
ਫਰੀਦਕੋਟ (ਜਸਵੰਤ ਜੱਸ): ਸੰਯੁਕਤ ਕਿਸਾਨ ਮੋਰਚੇ ਨੇ ਅੱਜ ਇੱਥੇ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੇ ਘਰ ਸਾਹਮਣੇ ਧਰਨਾ ਦੇ ਕੇ ਐਲਾਨ ਕੀਤਾ ਕਿ ਅਮਰੀਕਾ ਨੂੰ ਕਿਸੇ ਵੀ ਕੀਮਤ ’ਤੇ ਦੇਸ਼ ਦੀ ਖੇਤੀਬਾੜੀ ਖੇਤਰ ਵਿੱਚ ਨਹੀਂ ਵੜਨ ਦਿੱਤਾ ਜਾਵੇਗਾ। ਇਸ ਮੌਕੇ ਕਿਸਾਨ ਆਗੂ ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਸੁਖਜਿੰਦਰ ਸਿੰਘ ਤੂੰਬੜਭਾਨ, ਗੁਰਮੀਤ ਸਿੰਘ ਗੋਲੇਵਾਲਾ ਤੇ ਜਸਪਾਲ ਸਿੰਘ ਨੰਗਲ ਆਦਿ ਨੇ ਸੰਬੋਧਨ ਕੀਤਾ।
ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਸਿੰਘ ਪ੍ਰੀਤ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੇ ਘਰ ਅੱਗੇ ਧਰਨਾ ਦਿੱਤਾ ਗਿਆ। ਕਿਸਾਨ ਆਗੂਆਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ 3 ਮਾਰਚ ਨੂੰ ਕਿਸਾਨਾਂ ਨਾਲ ਮੀਟਿੰਗ ਵਿਚਕਾਰ ਹੀ ਛੱਡ ਦਿੱਤੀ ਸੀ, ਜਿਸ ਕਰਕੇ ਕਿਸਾਨਾਂ ਵਿਚ ਰੋਸ ਪਾਇਆ ਜਾ ਰਿਹਾ ਹੈ।
ਫ਼ਿਰੋਜ਼ਪੁਰ (ਸੰਜੀਵ ਹਾਂਡਾ): ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਅੱਜ ਇੱਥੇ ਵਿਧਾਇਕ ਰਜਨੀਸ਼ ਦਹੀਆ ਦੇ ਘਰ ਅੱਗੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਸਥਾਨਕ ਇਕਾਈ ਵੱਲੋਂ ਧਰਨਾ ਦਿੱਤਾ ਗਿਆ। ਇਸ ਮੌਕੇ ਜਥੇਬੰਦੀ ਦੇ ਆਗੂ ਅਵਤਾਰ ਸਿੰਘ ਮਹਿਮਾ ਨੇ ਸੰਬੋਧਨ ਕੀਤਾ।
ਜੈਤੋ (ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਿਤ ਕਿਸਾਨ ਜਥੇਬੰਦੀਆਂ ਨੇ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਦੀ ਸਥਾਨਕ ਰਿਹਾਇਸ਼ ਅੱਗੇ ਅੱਜ ਧਰਨਾ ਦਿੱਤਾ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਕਿਸਾਨ ਯੂਨੀਅਨਾਂ ਨਾਲ ਦੁਸ਼ਮਣੀ ਭਰਿਆ ਵਤੀਰਾ ਅਪਨਾ ਰਹੀ ਹੈ। ਧਰਨੇ ਨੂੰ ਵੱਖ-ਵੱਖ ਕਿਸਾਨ ਸੰਗਠਨਾਂ ਦੇ ਆਗੂਆਂ ਛਿੰਦਾ ਸਿੰਘ ਦਲ ਸਿੰਘ ਵਾਲਾ, ਜਸਪ੍ਰੀਤ ਸਿੰਘ ਜੈਤੋ ਤੇ ਨਛੱਤਰ ਸਿੰਘ ਜੈਤੋ ਆਦਿ ਨੇ ਸੰਬੋਧਨ ਕੀਤਾ।
ਤਪਾ ਮੰਡੀ (ਸੀ. ਮਾਰਕੰਡਾ): ਇੱਥੇ ਕਿਸਾਨਾਂ ਨੇ ਵਿਧਾਇਕ ਲਾਭ ਸਿੰਘ ਉੱਗੋਕੇ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ।
ਗਿੱਦੜਬਾਹਾ (ਦਵਿੰਦਰ ਮੋਹਨ ਬੇਦੀ): ਇੱਥੇ ਭਾਕਿਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ, ਭਾਕਿਯੂ ਮਾਲਵਾ ਹੀਰਕੇ ਦੇ ਸੂਬਾ ਮੀਤ ਪ੍ਰਧਾਨ ਕੁਲਵੰਤ ਸਿੰਘ ਗੁਰੂਸਰ ਦੀ ਅਗਵਾਈ ਹੇਠ ਬਲਾਕ ਗਿੱਦੜਬਾਹਾ ਦੀਆਂ ਵੱਖ ਵੱਖ ਕਿਸਾਨ ਜਥੇਬੰਦੀਆਂ ਨੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਰਿਹਾਇਸ਼ ਅੱਗੇ ਰੋਸ ਧਰਨਾ ਦਿੱਤਾ ਅਤੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ।
ਜ਼ੀਰਾ (ਹਰਮੇਸ਼ਪਾਲ ਨੀਲੇਵਾਲਾ): ਇੱਥੇ ਬੀਕੇਯੂ ਕਾਦੀਆਂ,ਬੀਕੇਯੂ ਪੰਜਾਬ,ਬੀਕੇਯੂ ਲੱਖੋਵਾਲ,ਬੀਕੇਯੂ ਡਕੌਂਦਾ,ਬੀਕੇਯੂ ਉਗਰਾਹਾਂ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਹਲਕਾ ਵਿਧਾਇਕ ਜ਼ੀਰਾ ਨਰੇਸ਼ ਕਟਾਰੀਆ ਦੀ ਕੋਠੀ ਦਾ ਘਿਰਾਓ ਕਰਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ, ਬਲਾਕ ਪ੍ਰਧਾਨ ਸੁਖਦੇਵ ਸਿੰਘ ਸਨ੍ਹੇਰ ਤੇ ਗੁਰਚਰਨ ਸਿੰਘ ਨੂਰਪੁਰ ਨੇ ਸੰਬੋਧਨ ਕੀਤਾ।
ਅਬੋਹਰ (ਪੱਤਰ ਪ੍ਰੇਰਕ): ਕਿਸਾਨ ਯੂਨੀਅਨਾਂ ਨੇ ਅਬੋਹਰ ਵਿੱਚ ਬੱਲੂਆਣਾ ਦੇ ਵਿਧਾਇਕ ਅਮਨਦੀਪ ਗੋਲਡੀ ਮੁਸਾਫਿਰ ਦੇ ਦਫ਼ਤਰ ਦੇ ਸਾਹਮਣੇ ਅਤੇ ‘ਆਪ’ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਦੇ ਘਰ ਦੇ ਨੇੜੇ ਧਰਨਾ ਦਿੱਤਾ।
ਭੁੱਚੋ ਮੰਡੀ (ਪਵਨ ਗੋਇਲ): ਸੰਯੁਕਤ ਕਿਸਾਨ ਮੋਰਚਾ (ਭਾਰਤ) ਵੱਲੋਂ ਆਪ ਦਿੱਤੇ ਸੱਦੇ ਤਹਿਤ ਅੱਜ ਸੱਤ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਨੇ ਪਿੰਡ ਚੱਕ ਫ਼ਤਿਹ ਸਿੰਘ ਵਾਲਾ ਵਿੱਚ ਹਲਕਾ ਭੁੱਚੋ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ ਦੇ ਘਰ ਅੱਗੇ ਸਾਂਝਾ ਧਰਨਾ ਦੇ ਕੇ ਰੋਸ ਜ਼ਾਹਰ ਕੀਤਾ। ਉਨ੍ਹਾਂ ਪੰਜਾਬ ਸਰਕਾਰ ਵਿਰੁੱਧ ਜੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਭਾਕਿਯੂ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਬਲਾਕ ਆਗੂ ਬਲਜੀਤ ਸਿੰਘ ਪੂਹਲਾ, ਭਾਕਿਯੂ ਡਕੌਂਦਾ (ਬੁਰਜ ਗਿੱਲ) ਦੇ ਬੂਟਾ ਤੁੰਗਵਾਲੀ ਤੇ ਭਾਕਿਯੂ ਡਕੌਂਦਾ (ਧਨੇਰ) ਦੇ ਸੂਬਾਈ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਆਦਿ ਨੇ ਸੰਬੋਧਨ ਕੀਤਾ।
ਮਹਿਲ ਕਲਾਂ (ਲਖਵੀਰ ਸਿੰਘ ਚੀਮਾ): ਕਿਸਾਨ ਜਥੇਬੰਦੀਆਂ ਨੇ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਪਿੰਡ ਪੰਡੋਰੀ ਵਿੱਚ ਰਿਹਾਇਸ਼ ਅੱਗੇ ਧਰਨਾ ਦਿੱਤਾ। ਇਸ ਮੌਕੇ ਕਿਸਾਨ ਆਗੂ ਜਗਸੀਰ ਸਿੰਘ ਛੀਨੀਵਾਲ, ਬੁੱਕਣ ਸਿੰਘ ਸੱਦੋਵਾਲ, ਜੱਜ ਸਿੰਘ ਗਹਿਲ, ਇੰਦਰਪਾਲ ਸਿੰਘ ਅਤੇ ਪਵਿੱਤਰ ਸਿੰਘ ਲਾਲੀ ਨੇ ਸੰਬੋਧਨ ਕੀਤਾ।
ਰਾਮਪੁਰਾ ਫੂਲ (ਰਮਨਦੀਪ ਸਿੰਘ): ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਨੇ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੱਧੂ ਦੇ ਘਰ ਅੱਗੇ ਦਿੱਤਾ। ਇਸ ਮੌਕੇ ਸੰਬੋਧਨ ਕਰਦਿਆਂ ਭਾਰਤੀ ਬੀਕੇਯੂ ਉਗਰਾਹਾਂ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਬੀਕੇਯੂ ਡਕੌਂਦਾ ਦੇ ਬੂਟਾ ਸਿੰਘ ਬੁਰਜ ਗਿੱਲ, ਮੀਤ ਪ੍ਰਧਾਨ ਗੁਲਾਬ ਸਿੰਘ ਜਿਉਦ, ਗੁਲਜ਼ਾਰ ਸਿੰਘ ਬਦਿਆਲਾ ਕੁੱਲ ਹਿੰਦ ਕਿਸਾਨ ਸਭਾ ਤੇ ਨਾਹਰ ਸਿੰਘ ਭਾਈਰੂਪਾ ਆਦਿ ਨੇ ਸੰਬੋਧਨ ਕੀਤਾ।
ਨਿਹਾਲ ਸਿੰਘ ਵਾਲਾ (ਰਾਜਵਿੰਦਰ ਰੌਂਤਾ): ਕਿਸਾਨ ਜਥੇਬੰਦੀਆਂ ਨੇ ਅੱਜ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੀ ਰਿਹਾਇਸ਼ ਅੱਗੇ ਧਰਨਾ ਲਗਾਇਆ ਗਿਆ। ਇਸ ਮੌਕੇ ਆਗੂਆਂ ਅਮਰਜੀਤ ਸੈਦੋਕੇ, ਜਗਜੀਤ ਸਿੰਘ ਤੇ ਜਸਵਿੰਦਰ ਸਿੰਘ ਦੀਨਾ ਆਦਿ ਨੇ ਸੰਬੋਧਨ ਕੀਤਾ।