ਗੁਰਪ੍ਰੀਤ ਸਿੰਘ
ਅਜੀਤਵਾਲ, 21 ਜੁਲਾਈ
ਪਾਣੀ ਦੇ ਹੱਕ ਖੋਹਣ ਦੇ ਮਾਮਲੇ ਵਿਚ ਅੱਜ ਕਿਸਾਨਾਂ ਨੇ ਪਿੰਡ ਦੌਧਰ ਦੇ ਜਲ ਸਪਲਾਈ ਲਾਰਸਨ ਐਂਡ ਟੁਬਰੋ ਪ੍ਰਾਜੈਕਟ ਅੱਗੇ ਇਕੱਠੇ ਹੋ ਕੇ ਰੋਸ ਜ਼ਾਹਰ ਕੀਤਾ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਮੋਗਾ ਅਤੇ ਜ਼ਿਲਾ ਬਰਨਾਲਾ ਦੇ ਵੱਡੀ ਗਿਣਤੀ ਕਿਸਾਨਾਂ, ਔਰਤਾਂ, ਮਜ਼ਦੂਰਾਂ ਅਤੇ ਨੌਜਵਾਨਾਂ ਨੇ ਸੰਸਾਰ ਬੈਂਕ ਦੀਆਂ ਨੀਤੀਆਂ ਖ਼ਿਲਾਫ਼ ਰੋਸ ਜਤਾਇਆ। ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਅਤੇ ਜ਼ਿਲ੍ਹਾ ਬਰਨਾਲਾ ਦੇ ਹਰਦੀਪ ਸਿੰਘ ਟੱਲੇਵਾਲ ਨੇ ਦੱਸਿਆ ਕਿ ਸੰਸਾਰ ਬੈਂਕ ਪੰਜਾਬ ਨੂੰ ਰਿਪੇਰੀਅਨ ਕਾਨੂੰਨ ਮੁਤਾਬਕ ਮਿਲਿਆ ਹੋਇਆ ਪਾਣੀਆਂ ਦਾ ਅਧਿਕਾਰ ਖੋਹ ਕੇ ਕੇਂਦਰ ਅਤੇ ਪੰਜਾਬ ਸਰਕਾਰ ਦੀ ਸਹਿਮਤੀ ਨਾਲ ਆਪਣੇ ਕਬਜ਼ੇ ਹੇਠ ਕਰਨਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਮਨਸ਼ਾ ਵੀ ਕਿਸਾਨਾਂ ਤੋਂ ਜ਼ਮੀਨਾਂ ਖੋਹਣ ਦੀ ਹੈ ਜਿਸ ਦਾ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਡਟ ਕੇ ਵਿਰੋਧ ਕਰਦੀ ਹੈ ਤੇ ਕਿਸੇ ਵੀ ਕੀਮਤ ’ਤੇ ਇਸ ਨੂੰ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਪਿਛਲੀਆਂ ਤੇ ਮੌਜੂਦਾ ਸਰਕਾਰਾਂ ਪੰਜਾਬ ਦੇ ਡਿੱਗ ਰਹੇ ਪਾਣੀ ਦੇ ਪੱਧਰ ਦੀ ਡਰਾਉਣੀ ਤਸਵੀਰ ਪੇਸ਼ ਕਰਕੇ ਕਿਸਾਨਾਂ ਨੂੰ ਕਾਰਪੋਰੇਟੀ ਸਾਜ਼ਿਸ਼ ਤਹਿਤ ਬਦਨਾਮ ਕਰ ਰਹੀਆਂ ਹਨ ਜਦਕਿ ਪਾਣੀ ਦੇ ਗੰਭੀਰ ਸੰਕਟ ਦੀਆਂ ਸਰਕਾਰਾਂ ਹੀ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਸੰਸਾਰ ਬੈਂਕ ਦਾ ਕਬਜ਼ਾ ਕਰਾਉਣ ਲਈ ਸਾਜ਼ਿਸ਼ ਤਹਿਤ ਪਾਣੀ ਪ੍ਰਦੂਸ਼ਿਤ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਨਹਿਰੀ ਸਿੰਚਾਈ ਲਈ ਅਤੇ ਧਰਤੀ ਹੇਠਲੇ ਪਾਣੀ ਨੂੰ ਪ੍ਰਦੂਸ਼ਿਤ ਕਰ ਰਹੇ ਫੈਕਟਰੀ ਮਾਲਕਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ, ਤੇਈ ਫ਼ਸਲਾਂ ’ਤੇ ਐੱਮਐੱਸਪੀ ਦੇ ਕੇ ਸਰਕਾਰੀ ਖ਼ਰੀਦ ਦੀ ਗਾਰੰਟੀ ਦਿੱਤੀ ਜਾਵੇ। ਧਰਨੇ ਨੂੰ ਜ਼ਿਲ੍ਹਾ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋ, ਬਲੌਰ ਸਿੰਘ ਘੱਲ ਕਲਾਂ, ਗੁਰਦੇਵ ਸਿੰਘ ਕਿਸ਼ਨਪੁਰਾ, ਹਰਮੰਦਰ ਸਿੰਘ ਡੇਮਰੂ, ਨਛੱਤਰ ਸਿੰਘ ਕੋਕਰੀ ਹੇਰਾਂ, ਗੁਰਚਰਨ ਸਿੰਘ ਰਾਮਾ ਨੇ ਸੰਬੋਧਨ ਕੀਤਾ।
ਜਲ ਸਰੋਤਾਂ ਦੀ ਮਾਲਕੀ ਕਾਰਪੋਰੇਟਾਂ ਨੂੰ ਸੌਂਪਣ ਦਾ ਵਿਰੋਧ
ਫ਼ਰੀਦਕੋਟ (ਜਸਵੰਤ ਜੱਸ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪੱਧਰੀ ਸੱਦੇ ਤਹਿਤ ਸੂਬੇ ਦੇ ਹਰ ਤਰ੍ਹਾਂ ਦੇ ਪਾਣੀ ਸੋਮਿਆਂ ਦੀ ਮਾਲਕੀ ਦੇਸੀ-ਵਿਦੇਸ਼ੀ ਕਾਰਪੋਰੇਟਾਂ ਨੂੰ ਸੌਂਪਣ ਅਤੇ ਕਾਰਪੋਰੇਟ ਕੰਪਨੀਆਂ ਵੱਲੋਂ ਧਰਤੀ ਹੇਠਲੇ ਪਾਣੀ ਤੇ ਕੁਦਰਤੀ ਸੋਮਿਆਂ ਨੂੰ ਜ਼ਹਿਰੀਲਾ ਕਰਨ ਖ਼ਿਲਾਫ਼ ਫਰੀਦਕੋਟ, ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਵੱਲੋਂ ਅੱਜ ਫਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਨੰਗਲ, ਫਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਗੁਰਭੇਜ ਸਿੰਘ ਰੋਹੀਵਾਲ ਅਤੇ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਗੁਰਭਗਤ ਸਿੰਘ ਭਲਾਈਆਣਾ ਦੀ ਅਗਵਾਈ ਵਿੱਚ ਇੱਥੇ ਐੱਸਸੀ ਦਫ਼ਤਰ, ਨਹਿਰ ਮੰਡਲ ਫਰੀਦਕੋਟ ਅੱਗੇ ਪੰਜ ਰੋਜ਼ਾ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ। ਮੋਰਚੇ ਦੇ ਪਹਿਲੇ ਦਿਨ ਕਿਸਾਨ ਵਰ੍ਹਦੇ ਮੀਂਹ ਵਿੱਚ ਵੀ ਡਟੇ ਰਹੇ। ਧਰਨੇ ਨੂੰ ਸੰਬੋਧਨ ਕਰਦਿਆਂ ਬਲਵਿੰਦਰ ਸਿੰਘ, ਜਸਪ੍ਰੀਤ ਸਿੰਘ, ਸ਼ਿੰਦਾ ਸਿੰਘ, ਹਰਪ੍ਰੀਤ ਸਿੰਘ, ਚਰਨਜੀਤ ਸਿੰਘ, ਬਿੱਟੂ ਮੱਲਣ, ਹਰਬੰਸ ਕੋਟਲੀ, ਨਿਰਮਲ ਸਿੰਘ, ਰਾਜਾ ਸਿੰਘ, ਹਰਫੂਲ ਭਾਗਸਰ ਨੇ ਮੰਗ ਕੀਤੀ ਕਿ ਦਰਿਆਵਾਂ, ਨਹਿਰਾਂ, ਸੇਮ-ਨਾਲਿਆਂ ਅਤੇ ਧਰਤੀ ਹੇਠਲੇ ਪਾਣੀ ਨੂੰ ਪ੍ਰਦੂਸ਼ਿਤ ਕਰ ਰਹੀਆਂ ਫੈਕਟਰੀਆਂ ਤੇ ਹੋਰ ਅਦਾਰਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਕੇ ਸਖਤ ਸਜ਼ਾਵਾਂ ਦਿੱਤੀਆਂ ਜਾਣ, ਇਸ ਮਨੁੱਖਤਾ ਘਾਤੀ ਅਪਰਾਧ ਬਦਲੇ ਭਾਰੀ ਜੁਰਮਾਨੇ ਵਸੂਲੇ ਜਾਣ, ਪ੍ਰਦੂਸ਼ਣ ਰੋਕੂ ਕਾਨੂੰਨ ਹੋਰ ਸਖ਼ਤ ਬਣਾਇਆ ਜਾਵੇ। ਪ੍ਰਦੂਸ਼ਿਤ ਪਾਣੀ ਨੂੰ ਸਾਫ਼ ਕਰਕੇ ਮੁੜ ਵਰਤੋਂ ਵਿੱਚ ਲਿਆਂਦਾ ਜਾਵੇ।