ਪਰਚੇ ਰੱਦ ਕਰਨ ਨੂੰ ਲੈਕੇ ਕਿਸਾਨਾਂ ਵੱਲੋਂ ਡੀਐੱਸਪੀ ਦਫ਼ਤਰ ਦਾ ਘਿਰਾਓ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਇੱਥੋਂ ਦੇ ਡੀਐੱਸਪੀ ਦਫਤਰ ਦਾ ਘਿਰਾਓ ਕੀਤਾ ਗਿਆ ਹੈ। ਇਸ ਦੌਰਾਨ ਜਥੇਬੰਦੀ ਨੇ ਮੰਗ ਕੀਤੀ ਕਿ ਪਰਾਲੀ ਸਾੜਨ ਅਤੇ ਬੀਤੇ ਦਿਨੀਂ ਰੇਤ ਨਿਕਾਸੀ ਨੂੰ ਲੈਕੇ ਹਲਕੇ ਦੇ ਪਿੰਡ ਮੰਝਲੀ ਦੇ ਕਿਸਾਨ ਗੁਰਦਿਆਲ ਸਿੰਘ ਸਮੇਤ...
Advertisement
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਇੱਥੋਂ ਦੇ ਡੀਐੱਸਪੀ ਦਫਤਰ ਦਾ ਘਿਰਾਓ ਕੀਤਾ ਗਿਆ ਹੈ। ਇਸ ਦੌਰਾਨ ਜਥੇਬੰਦੀ ਨੇ ਮੰਗ ਕੀਤੀ ਕਿ ਪਰਾਲੀ ਸਾੜਨ ਅਤੇ ਬੀਤੇ ਦਿਨੀਂ ਰੇਤ ਨਿਕਾਸੀ ਨੂੰ ਲੈਕੇ ਹਲਕੇ ਦੇ ਪਿੰਡ ਮੰਝਲੀ ਦੇ ਕਿਸਾਨ ਗੁਰਦਿਆਲ ਸਿੰਘ ਸਮੇਤ ਹੋਰਨਾਂ ਉੱਤੇ ਦਰਜ਼ ਕੀਤੇ ਗਏ ਝੂਠੇ ਪਰਚੇ ਤੁਰੰਤ ਰੱਦ ਕੀਤੇ ਜਾਣ।
ਜ਼ਿਕਰਯੋਗ ਹੈ ਕਿ ਕੁੱਝ ਦਿਨਾਂ ਤੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਇਸ ਮੁੱਦੇ ਨੂੰ ਲੈਕੇ ਸੰਘਰਸ਼ ਵਿੱਢਿਆ ਹੋਇਆ ਸੀ ਅਤੇ ਅੱਜ 3 ਦਸੰਬਰ ਨੂੰ ਧਰਮਕੋਟ ਦੇ ਡੀਐੱਸਪੀ ਦਫ਼ਤਰ ਦਾ ਘਿਰਾਓ ਕਰਨਾ ਤੈਅ ਕੀਤਾ ਗਿਆ ਸੀ। ਅੱਜ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਸਘੰਰਸ ਕਮੇਟੀ ਦੇ ਮੈਂਬਰਾਂ ਅਤੇ ਜ਼ਿਲ੍ਹਾ ਤੇ ਬਲਾਕ ਆਗੂਆਂ ਨੇ ਇਕੱਠੇ ਹੋ ਕੇ ਦਾਣਾ ਮੰਡੀ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ। ਇਸ ਤੋਂ ਇਲਾਵਾ ਡੀਐੱਸਪੀ ਦਫ਼ਤਰ ਦੇ ਮੁੱਖ ਗੇਟ ਸਾਹਮਣੇ ਧਰਨਾ ਸ਼ੁਰੂ ਕਰ ਦਿੱਤਾ ਗਿਆ।
ਜਥੇਬੰਦੀ ਦੇ ਸੂਬਾਈ ਆਗੂ ਸਤਨਾਮ ਸਿੰਘ ਪੰਨੂ ਨੇ ਦੋਸ਼ ਲਾਇਆ ਕਿ ਪੁਲੀਸ ਸਿਆਸੀ ਸਰਪ੍ਰਸਤੀ ਹੇਠ ਅਤੇ ਰੇਤ ਮਾਫੀਏ ਨਾਲ ਮਿਲਕੇ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚੋ ਤਾਂ ਰੇਤ ਕੱਢਣ ਤੋਂ ਰੋਕ ਰਹੀ ਹੈ ਪਰ ਦੂਜੇ ਪਾਸੇ ਹਰੇਕ ਤਰ੍ਹਾਂ ਦੇ ਮਾਫ਼ੀਏ ਦੀ ਪੁਸ਼ਤਪਨਾਹੀ ਕੀਤੀ ਜਾ ਰਹੀ ਹੈ। ਜਿਸ ਨੂੰ ਕਦੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦੇ ਐਲਾਨ ਮੁਤਾਬਕ ਜਿਸ ਦਾ ਖੇਤ ਉਸਦੀ ਰੇਤ ਦੇ ਹੁਕਮਾਂ ਨੂੰ ਵੀ ਪੁਲੀਸ ਮੰਨਣ ਤੋਂ ਇਨਕਾਰੀ ਹੈ।
ਉਨ੍ਹਾਂ ਕਿਹਾ ਕਿ ਲੰਘੇ ਕੱਲ੍ਹ ਮਾਨਯੋਗ ਸੁਪਰੀਮ ਕੋਰਟ ਨੇ ਵੀ ਪ੍ਰਦੂਸ਼ਣ ਮਾਮਲੇ ਵਿੱਚ ਕਿਸਾਨਾਂ ਨੂੰ ਬਦਨਾਮ ਕਰਨ ਦਾ ਗੰਭੀਰ ਨੋਟਿਸ ਲਿਆ ਹੈ। ਇਸ ਇਕੱਠ ਨੂੰ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸ਼ਾਹਵਾਲਾ, ਅਵਤਾਰ ਸਿੰਘ ਧਰਮ ਸਿੰਘ ਵਾਲਾ ਅਤੇ ਹੋਰਨਾਂ ਨੇ ਵੀ ਸੰਬੋਧਨ ਕੀਤਾ। ਦੁਪਹਿਰ ਤੱਕ ਪੁਲੀਸ ਦਾ ਕੋਈ ਅਧਿਕਾਰੀ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਨਹੀਂ ਪੁੱਜਾ ਸੀ ਅਤੇ ਧਰਨਾ ਲਗਾਤਾਰ ਜਾਰੀ ਸੀ।
Advertisement
×

