ਨਵਕਿਰਨ ਸਿੰਘ
ਮਹਿਲ ਕਲਾਂ, 19 ਜੂਨ
ਖੇਤੀ ਖੇਤਰ ਲਈ ਪਾਵਰਕੌਮ ਵੱਲੋਂ ਬਿਜਲੀ ਦੀ ਬਣਦੀ ਪੂਰੀ ਸਪਲਾਈ ਨਾ ਦੇਣ ਖਿਲਾਫ ਰੋਹ ਵਿੱਚ ਆਏ ਪਿੰਡ ਵਜ਼ੀਦਕੇ ਕਲਾਂ ਦੇ ਕਿਸਾਨਾਂ ਵੱਲੋਂ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਹੇਠ ਸਬ ਡਿਵੀਜ਼ਨ ਗਰਿੱਡ ਮਹਿਲ ਕਲਾਂ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਕਿਸਾਨਾਂ ਨੇ ਦੋਸ਼ ਲਗਾਇਆ ਕਿ ਉਨ੍ਹਾਂ ਨੂੰ ਨਿਰਵਿਘਣ ਅੱਠ ਘੰਟੇ ਦੀ ਬਜਾਏ ਪਾਵਰ ਕੱਟ ਲਗਾ ਕੇ ਸਿਰਫ ਪੰਜ ਘੰਟੇ ਹੀ ਬਿਜਲੀ ਸਪਲਾਈ ਮਿਲ ਰਹੀ ਹੈ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਬਲਾਕ ਜਰਨਲ ਸਕੱਤਰ ਕੁਲਜੀਤ ਸਿੰਘ ਵਜੀਦਕੇ, ਇਕਾਈ ਪ੍ਰਧਾਨ ਜੋਗਿੰਦਰ ਸਿੰਘ, ਨੰਬਰਦਾਰ ਰਾਜਿੰਦਰ ਸਿੰਘ, ਗੁਰਦੀਪ ਸਿੰਘ, ਰਣਜੀਤ ਸਿੰਘ ਆਦਿ ਨੇ ਕਿਹਾ ਕਿ ਪੰਜਾਬ ਸਰਕਾਰ ਇੱਕ ਪਾਸੇ ਤਾਂ ਝੋਨੇ ਦੇ ਸੀਜ਼ਨ ਦੌਰਾਨ ਖੇਤੀ ਖੇਤਰ ਨੂੰ ਅੱਠ ਘੰਟੇ ਬਿਜਲੀ ਸਪਲਾਈ ਦੇਣ ਦੇ ਵੱਡੇ ਵੱਡੇ ਦਾਅਵੇ ਕਰਦੀ ਨਹੀਂ ਥੱਕਦੀ ਪਰ ਦੂਜੇ ਪਾਸੇ ਬਿਜਲੀ ਸਪਲਾਈ ਵਿੱਚ ਲਗਾਤਾਰ ਪਾਵਰ ਕੱਟ ਲਗਾ ਕੇ ਸਿਰਫ਼ ਪੰਜ ਤੋਂ ਛੇ ਘੰਟੇ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੇ ਇਸ ਸੀਜ਼ਨ ਦੌਰਾਨ ਤਾਲਾਬੰਦੀ ਕਾਰਨ ਪਹਿਲਾਂ ਹੀ ਮਜ਼ਦੂਰਾਂ ਦੀ ਘਾਟ ਕਾਰਨ ਝੋਨੇ ਦੀ ਲਵਾਈ ਪਛੜ ਰਹੀ ਹੈ ਤੇ ਹੁਣ ਘੱਟ ਬਿਜਲੀ ਸਪਲਾਈ ਦੀ ਘਾਟ ਨਾਲ ਝੋਨੇ ਦੀ ਲਵਾਈ ਹੋਰ ਲੇਟ ਹੋ ਸਕਦੀ ਹੈ ਜਿਸ ਦਾ ਸਿੱਧਾ ਅਸਰ ਝਾੜ ’ਤੇ ਪਵੇਗਾ। ਕਿਸਾਨਾਂ ਨੇ ਕਿਹਾ ਕਿ ਜੇ ਬਿਜਲੀ ਸਪਲਾਈ ਪੂਰੀ ਨਹੀਂ ਮਿਲਦੀ ਤਾਂ ਕੁਝ ਕਿਸਾਨਾਂ ਨੂੰ ਮਜਬੂਰੀਬੱਸ ਮਹਿੰਗੇ ਭਾਅ ਦਾ ਡੀਜ਼ਲ ਫੂਕਣਾ ਪੈਂਦਾ ਹੈ ਜਿਸ ਨਾਲ ਆਰਥਿਕ ਬੋਝ ਵਧੇਗਾ। ਇਸ ਮੌਕੇ ਸਬ ਡਵੀਜ਼ਨ ਗਰਿੱਡ ਮਹਿਲ ਕਲਾਂ ਦੇ ਐਸਡੀਓ ਜਸਦੇਵ ਸਿੰਘ ਨੇ ਧਰਨੇ ਵਿੱਚ ਪੁੱਜ ਕੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਮਹਿਕਮੇ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਸਪਲਾਈ ਮਿਲੇਗੀ ਅਤੇ ਜੋ ਪਾਵਰ ਕੱਟ ਲੱਗਦਾ ਹੈ ਉਸ ਦੀ ਸਪਲਾਈ ਕਿਸਾਨਾਂ ਨੂੰ ਬਾਅਦ ਵਿੱਚ ਮੁਹੱਈਆ ਕਰਵਾਈ ਜਾਵੇਗੀ, ਜਿਸ ਉਪਰੰਤ ਕਿਸਾਨਾਂ ਵੱਲੋਂ ਧਰਨਾ ਸਮਾਪਤ ਕੀਤਾ ਗਿਆ।