ਪੱਤਰ ਪ੍ਰੇਰਕ
ਮਮਦੋਟ, 27 ਅਗਸਤ
ਇਥੇ ਫਿਰੋਜ਼ਪੁਰ-ਫਰੀਦਕੋਟ ਸੜਕ ’ਤੇ ਪੈਂਦੇ ਪਿੰਡ ਰੁਕਨਾ ਬੇਗੂ ਵਿੱਚ ਪ੍ਰਾਈਵੇਟ ਕੰਪਨੀ ਵੱਲੋਂ ਈਥੋਨਲ ਅਲਕੋਹਲ ਬਨਾਉਣ ਦੀ ਫੈਕਟਰੀ ਲਾਉਣ ਲਈ ਜ਼ਮੀਨ ਐਕਵਾਇਰ ਕੀਤੀ ਗਈ ਹੈ। ਇਸ ਦਾ ਵਿਰੋਧ ਸੰਯੁਕਤ ਸਮਾਜ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਮੋੜਾ ਸਿੰਘ ਅਨਜਾਨ ਅਤੇ ਇਲਾਕੇ ਦੀਆਂ ਜਥੇਬੰਦੀਆਂ ਤੇ ਸਮੂਹ ਪਿੰਡਾਂ ਦੇ ਲੋਕਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਕੀਤਾ ਜਾ ਰਿਹਾ ਹੈ। ਇਥੇ ਲੱਗਣ ਵਾਲੀ ਫੈਕਟਰੀ ਦੇ ਵਿਰੋਧ ਵਿੱਚ ਅੱਜ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਮੋੜਾ ਸਿੰਘ ਅਨਜਾਨ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਨੂੰ ਅਜਿਹੇ ਜਾਨਲੇਵਾ ਪ੍ਰਾਜੈਕਟਾਂ ’ਤੇ ਰੋਕ ਲਾਉਣੀ ਚਾਹੀਦੀ ਹੈ। ਇਹ ਭਾਰਤੀ ਸੰਵਿਧਾਨ ਦੇ ਭੂਮੀ ਐਕਟ ਦੀ ਵੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰਾਜੈਕਟਾਂ ਨਾਲ ਉਪਜਾਊ ਜ਼ਮੀਨਾਂ ਨੂੰ ਖ਼ਤਮ ਕੀਤਾ ਜਾ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਇਕੇ ਕਿਸੇ ਵੀ ਕੀਮਤ ’ਤੇ ਸ਼ਰਾਬ ਫੈਕਟਰੀ ਨਹੀਂ ਲੱਗਣ ਦਿੱਤੀ ਜਾਵੇਗੀ। ਅੱਜ ਦੇ ਰੋਸ ਧਰਨੇ ਵਿੱਚ ਇਲਾਕੇ ਦੇ ਇੱਕੀ ਪਿੰਡਾਂ ਦੇ ਪੰਚਾਇਤ ਮੈਂਬਰ ਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਇਕਾਈ ਦੇ ਕਾਰਕੁਨ , ਦਲੀਪ ਸਿੰਘ, ਵਰਿੰਦਰ ਸਿੰਘ, ਬਲਵਿੰਦਰ ਸਿੰਘ, ਹਰਪ੍ਰੀਤ ਸਿੰਘ, ਸੁਖਵਿੰਦਰ ਸਿੰਘ ਨੂਰਪੁਰ ਸੇਠਾਂ, ਹਨੀ ਖੁੱਲਰ ਆਦਿ ਹਾਜ਼ਰ ਸਨ।
ਮਨਸੂਰਵਾਲ ਧਰਨੇ ਨੂੰ ਹਮਾਇਤ
ਜ਼ੀਰਾ (ਹਰਮੇਸ਼ ਨੀਲੇਵਾਲ): ਇਥੇ ਪਿੰਡ ਮਨਸੂਰਵਾਲ ਕਲਾਂ ਵਿੱਚ ਮਾਲਬਰੋਜ਼ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਲਈ ਵੱਖ-ਵੱਖ ਕਿਸਾਨ ਜੱਥੇਬੰਦੀਆਂ, ਸਮਾਜ ਸੇਵੀ ਸੰਸਥਾਵਾਂ ਅਤੇ ਪਿੰਡਾਂ ਦੇ ਲੋਕਾਂ ਵੱਲੋਂ ਫੈਕਟਰੀ ਦੇ ਮੁੱਖ ਗੇਟ ਅੱਗੇ ਲਗਾਇਆ ਗਿਆ ਧਰਨਾ ਅੱਜ ਵੀ ਜਾਰੀ ਰਿਹਾ। ਧਰਨੇ ਨੂੰ ਸਾਢੇ ਤਿੰਨ ਮਹੀਨੇ ਹੋ ਗਏ ਹਨ। ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨੇ ਧਰਨੇ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਸੂਬਾ ਜਨਰਲ ਸਕੱਤਰ ਬਲਦੇਵ ਜ਼ੀਰਾ ਨੇ ਦੱਸਿਆ ਕਿ 29 ਅਗਸਤ ਨੂੰ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬਾ ਪ੍ਰਧਾਨ ਸੁਰਜੀਤ ਸਿੰਘ ਫੂਲ ਵੱਡੀ ਗਿਣਤੀ ਵਿੱਚ ਆਪਣੇ ਸਾਥੀਆਂ ਨੂੰ ਨਾਲ ਲੈ ਕਿ ਮਨਸੂਰਵਾਲ ਕਲਾਂ ਧਰਨੇ ਵਿੱਚ ਸ਼ਮੂਲੀਅਤ ਕਰਕੇ ਧਰਨੇ ਨੂੰ ਸਮਰਥਨ ਦੇਣਗੇ। ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਮੋਰਚੇ ਵਿਚ ਪਹੁੰਚਣ ਦੀ ਅਪੀਲ ਕੀਤੀ।