ਪੱਤਰ ਪ੍ਰੇਰਕ
ਭੁੱਚੋ ਮੰਡੀ, 30 ਜੂਨ
ਪਿੰਡ ਗਿੱਦੜ ਦੀਆਂ ਤਿੰਨ ਕਿਸਾਨ ਜੱਥੇਬੰਦੀਆਂ ਵੱਲੋਂ ਹਾੜ੍ਹੀ ਦੀ ਫਸਲ ਦੇ ਮੁਆਵਜ਼ੇ ਲਈ ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ ਦੀ ਕੋਠੀ ਅੱਗੇ ਲਾਏ ਮੋਰਚੇ ਵਿੱਚ ਕਿਸਾਨ ਅਤੇ ਬੀਬੀਆਂ ਅੱਜ ਪੰਜਵੇਂ ਦਿਨ ਵੀ ਡਟੀਆਂ ਰਹੀਆਂ।
ਚਾਰ ਦਿਨਾਂ ਤੋਂ ਘਰੋਂ ਗਾਇਬ ਵਿਧਾਇਕ ਕਾਰਨ ਕਿਸਾਨਾਂ ਵਿੱਚ ਰੋਸ ਸੀ। ਉਨ੍ਹਾਂ ਪੰਜਾਬ ਸਰਕਾਰ, ਵਿਧਾਇਕ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਧਾਰੀ ਚੁੱਪ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਜਲਦੀ ਸੁਣਵਾਈ ਨਾ ਹੋਣ ’ਤੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦੀ ਚਿਤਾਵਨੀ ਦਿੱਤੀ। ਮੰਚ ਸੰਚਾਲਨ ਲਖਵੀਰ ਸਿੰਘ ਨੇ ਕੀਤਾ। ਇਸ ਮੌਕੇ ਬੀਕੇਯੂ ਉਗਰਾਹਾਂ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਬਲਾਕ ਪ੍ਰਧਾਨ ਹੁਸ਼ਿਆਰ ਸਿੰਘ ਅਤੇ ਬੀਕੇਯੂ ਡਕੌਂਦਾ ਦੇ ਬਲਾਕ ਪ੍ਰਧਾਨ ਬੂਟਾ ਸਿੰਘ ਨੇ ਕਿਹਾ ਝੱਖੜ ਅਤੇ ਗੜੇਮਾਰੀ ਕਾਰਨ ਖਰਾਬ ਹੋਈ ਹਾੜ੍ਹੀ ਦੀ ਫਸਲ ਦਾ ਮੁਆਵਜ਼ਾ ਲੈਣ ਲਈ ਉਨ੍ਹਾਂ ਨੇ ਮਹੀਨੇ ਤੋਂ ਪੱਕਾ ਮੋਰਚਾ ਲਗਾਇਆ ਹੋਇਆ ਹੈ, ਜੋ ਸਰਕਾਰ ਅਤੇ ਪ੍ਰਸ਼ਾਸਨ ਦੀ ਬੇਰੁਖੀ ਕਾਰਨ ਨਥਾਣਾ ਦੀ ਸਬ ਤਹਿਸੀਲ ਤੋਂ ਸ਼ੂਰੂ ਹੋ ਕੇ ਵਿਧਾਇਕ ਦੀ ਕੋਠੀ ਤੱਕ ਪਹੁੰਚ ਗਿਆ ਹੈ ਪਰ ਕੋਈ ਸੁਣਵਾਈ ਨਹੀਂ ਹੋ ਰਹੀ।
ਇਸ ਦੌਰਾਨ ਕਿਸੇ ਵੀ ਪ੍ਰਸ਼ਾਸਨਿਕ ਅਧਿਕਾਰੀ ਨੇ ਉਨ੍ਹਾਂ ਦੀ ਬਾਂਹ ਨਹੀਂ ਫੜੀ। ਇਸ ਦੇ ਬਾਵਜੂਦ ਵਿਧਾਇਕ ਨੇ ਮਸਲਾ ਹੱਲ ਕਰਵਾਉਣ ਦੀ ਬਜਾਇ ਘਰੋਂ ਗਾਇਬ ਹੋਣ ਨੂੰ ਤਰਜੀਹ ਦਿੱਤੀ।