ਮਹਿੰਦਰ ਸਿੰਘ ਰੱਤੀਆਂ
ਮੋਗਾ, 28 ਮਈ
ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਮਨਜੀਤ ਸਿੰਘ ਅਤੇ ਖੇਤੀ ਵਿਗਿਆਨੀ ਡਾ. ਜਸਵਿੰਦਰ ਸਿੰਘ ਬਰਾੜ ਨੇ ਕਿਹਾ ਕਿ ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਪੋਰਟਲ ਉੱਪਰ ਰਜਿਸਟਰ ਕਰਨ ਲਈ 25 ਜੂਨ ਤੱਕ ਦਾ ਸਮਾਂ ਦਿੱਤਾ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਸਿੱਧੀ ਬਿਜਾਈ ਲਈ ਦਿੱਤੀ ਜਾਣ ਵਾਲੀ ਵਿੱਤੀ ਰਕਮ 1500 ਰੁਪਏ ਪ੍ਰਤੀ ਏਕੜ ਨੂੰ ਪ੍ਰਾਪਤ ਕਰਨ ਲਈ ਕਿਸਾਨ ਪੋਰਟਲ ਉੱਪਰ ਆਪਣੇ ਰਕਬੇ ਦੀ ਰਜਿਸਟ੍ਰੇਸ਼ਨ ਕਰਨ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਇਹ ਵਿਧੀ ਜ਼ਮੀਨ ਵਿਚ ਪਾਣੀ ਦੇ ਰਿਸਣ ਵਿਚ ਸੁਧਾਰ ਕਰਨ ਦੇ ਨਾਲ-ਨਾਲ ਖ਼ਰਚੇ ਘਟਾਉਂਦੀ ਹੈ ਤੇ ਮਿੱਟੀ ਦੀ ਸਿਹਤ ਵਿਚ ਸੁਧਾਰ ਵੀ ਕਰਦੀ ਹੈ। ਇਸ ਨਾਲ ਝੋਨੇ ਅਤੇ ਕਣਕ ਦੇ ਝਾੜ ਵਿਚ ਵੀ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ 4 ਹਜ਼ਾਰ ਏਕੜ ਵਿਚ ਸਿੱਧੀ ਬਿਜਾਈ ਦਾ ਟੀਚਾ ਮਿਥਿਆ ਗਿਆ ਹੈ। ਕਿਸਾਨਾਂ ਨੂੰ ਸਿੱਧੀ ਬਿਜਾਈ ਲਈ ਜਾਗਰੂਕ ਕੀਤਾ ਜਾ ਰਿਹਾ ਹੈ।