ਖੇਤਰੀ ਪ੍ਰਤੀਨਿਧ
ਬਰਨਾਲਾ, 13 ਫਰਵਰੀ
ਸਥਾਨਕ ਤਰਕਸ਼ੀਲ ਭਵਨ ਵਿਖੇ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਆਗੂ ਨਛੱਤਰ ਸਿੰਘ ਸਹੌਰ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਵਿੱਚ ਪ੍ਰਧਾਨ ਮੰਤਰੀ ਤੇ ਕੇਂਦਰ ਸਰਕਾਰ ਵੱਲੋਂ ਵਾਅਦਾ ਖ਼ਿਲਾਫ਼ੀ ਕਰਨ ਦੇ ਨਾਲ-ਨਾਲ ਲਖੀਮਪੁਰ ਖੀਰੀ ਦੇ ਕਿਸਾਨਾਂ ਦੇ ਕਾਤਲ ਅਸ਼ੀਸ਼ ਮਿਸ਼ਰਾ ਨੂੰ ਸੰਗੀਨ ਦੋਸ਼ੀ ਹੋਣ ਦੇ ਬਾਵਜੂਦ ਦਿੱਤੀ ਗਈ ਜ਼ਮਾਨਤ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਪੰਜਾਬ ਆਉਣ ਵੇਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀਆਂ ਖਿਲਾਫ ਪਿੰਡ ਪੱਧਰ ਅਤੇ ਜ਼ਿਲ੍ਹਾ ਪੱਧਰ ’ਤੇ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ। ਆਗੂਆਂ ਨੇ ਭਾਜਪਾ ਦੇ ਸਹਿਯੋਗੀ ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲ ਦਲ (ਸੰਯੁਕਤ) ਦੇ ਵੀ ਵਿਰੋਧ ਦਾ ਸੱਦਾ ਦਿੱਤਾ। ਆਗੂਆਂ ਨੇ ਕਿਹਾ ਕਿ 14 ਫਰਵਰੀ ਨੂੰ ਬਰਨਾਲਾ ਜ਼ਿਲ੍ਹੇ ਦੇ ਸਮੂਹ ਪਿੰਡਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਜਾਣਗੇ ਜਦੋਂਕਿ 16 ਫਰਵਰੀ ਨੂੰ ਅਨਾਜ ਮੰਡੀ ਬਰਨਾਲਾ ਵਿੱਚ ਇਕੱਤਰ ਹੋ ਕੇ ਬਰਨਾਲਾ ਸ਼ਹਿਰ ਵਿੱਚ ਰੋਸ ਮਾਰਚ ਕਰਦੇ ਹੋਏ ਡੀਸੀ ਦਫ਼ਤਰ ਬਰਨਾਲਾ ਅੱਗੇ ਅਰਥੀ ਫੂਕੀ ਜਾਵੇਗੀ।