ਪੱਤਰ ਪ੍ਰੇਰਕ
ਮਾਨਸਾ, 21 ਅਪਰੈਲ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਮਾਨਸਾ ’ਚ 23 ਅਪਰੈਲ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਯੂਪੀ ਦੇ ਮੁੱਖ ਮੰਤਰੀ ਅਦਿੱਤਿਆਨਾਥ ਯੋਗੀ ਦੇ ਪੁਤਲੇ ਫੂਕਣ ਦਾ ਫੈਸਲਾ ਕੀਤਾ ਹੈ। ਕਿਸਾਨਾਂ ਵੱਲੋਂ ਇਹ ਪੁਤਲੇ ਲਖੀਮਪੁਰ ਖੀਰੀ ’ਚ ਕਿਸਾਨਾਂ ’ਤੇ ਬਣਾਏ ਗਏ ਝੂਠੇ ਕੇਸ ਰੱਦ ਕਰਨ ਤੇ ਗ੍ਰਿਫ਼ਤਾਰ ਕਿਸਾਨਾਂ ਨੂੰ ਤੁਰੰਤ ਰਿਹਾਅ ਕਰਨ ਸਮੇਤ ਕੇਂਦਰੀ ਮੰਤਰੀ ਅਜੈ ਮਿਸ਼ਰਾ ਨੂੰ ਮੰਤਰੀ ਮੰਡਲ ਵਿੱਚੋਂ ਤੁਰੰਤ ਬਰਖਾਸਤ ਕਰਨ ਦੀ ਮੰਗ ਲਈ ਸਾੜੇ ਜਾਣਗੇ। ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਨਿਰਮਲ ਸਿੰਘ ਝੰਡੂਕੇ ਦੀ ਅਗਵਾਈ ਹੇਠ ਇਸ ਮੌਕੇ ਕੇਂਦਰ ਸਰਕਾਰ ਤੇ ਯੋਗੀ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਖੇਤੀਬਾੜੀ ਮੋਟਰਾਂ ਦੀ ਬਿਜਲੀ ਤੇ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇ, ਅੱਗ ਲੱਗਣ ਕਾਰਨ ਸੜੀ ਕਣਕ ਦਾ ਮੁਆਵਜ਼ਾ 50 ਹਜ਼ਾਰ ਰੁਪਏ ਪ੍ਰਤੀ ਏਕੜ ਦਿੱਤਾ ਜਾਵੇ ਸਮੇਤ ਘੱਟ ਝਾੜ ਕਾਰਨ ਪ੍ਰਤੀ ਕੁਇੰਟਲ 500 ਰੁਪਏ ਮੁਆਵਜ਼ਾ ਦਿੱਤਾ ਜਾਵੇ। ਇਸ ਮੌਕੇ ਸੁਖਦੇਵ ਸਿੰਘ ਕੋਟਲੀ, ਜਗਦੇਵ ਸਿੰਘ ਕੋਟਲੀ, ਹਰਚਰਨ ਤਾਮਕੋਟ, ਦਰਸ਼ਨ ਸਿੰਘ ਜਟਾਣਾ, ਭਜਨ ਸਿੰਘ ਘੁੰਮਣ, ਕਰਨੈਲ ਸਿੰਘ ਮਾਨਸਾ, ਜਗਦੇਵ ਭੁਪਾਲ ਹਾਜ਼ਰ ਸਨ।