ਪਰਮਜੀਤ ਸਿੰਘ
ਫਾਜ਼ਿਲਕਾ, 19 ਜੂਨ
ਪੰਚਾਇਤੀ ਜ਼ਮੀਨਾਂ ’ਤੇ ਕਬਜ਼ੇ ਛੁਡਾਉਣ ਦੇ ਨਾਂ ’ਤੇ ਕਿਸਾਨਾਂ-ਮਜ਼ਦੂਰਾਂ ਦੀ ਬਿਜਾਈ ਤੋਂ ਤੀਹ ਵੀ ਜ਼ਮੀਨ ਖੋਹੀ ਜਾ ਰਹੀ ਹੈ। ਇਸ ਖ਼ਿਲਾਫ਼ ਪੰਜਾਬ ਭਰ ਵਿੱਚ ਵੱਖ-ਵੱਖ ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਦਾ ਡਟ ਕੇ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਦੇ ਮਾਮਲੇ ਨੂੰ ਲੈ ਕੇ ਜ਼ਿਲ੍ਹਾ ਫ਼ਾਜ਼ਿਲਕਾ ਵਿੱਚ ਪਹੁੰਚੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜ਼ਿਲ੍ਹਾ ਪ੍ਰਧਾਨ ਜਗਦੀਸ਼ ਸਿੰਘ ਮਨਸਾ ਨੇ ਇਕੱਠ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅਬੋਹਰ ਤਹਿਸੀਲ ਦੇ ਆਸ-ਪਾਸ ਦੀਆਂ ਸੱਤ ਪੰਚਾਇਤਾਂ ਨੂੰ ਲੱਗਦੀ ਲਗਭਗ 2200 ਏਕੜ ਜ਼ਮੀਨ ਜੋ ਕਿ ਗ਼ੈਰ-ਮਰੂਸੀ ਹੈ, ਪੰਜਾਬ ਸਰਕਾਰ ਇਸ ਨੂੰ ਪੰਚਾਇਤੀ ਜ਼ਮੀਨ ਬਣਾ ਕੇ ਕਿਸਾਨਾਂ ਦਾ ਉਜਾੜਾ ਕਰਨਾ ਚਾਹੁੰਦੀ ਹੈ, ਜੋ ਕਿਸੇ ਵੀ ਕੀਮਤ ’ਤੇ ਕਿਸਾਨਾਂ ਦਾ ਉਜਾੜਾ ਨਹੀਂ ਹੋਣ ਦਿੱਤਾ ਜਾਵੇਗਾ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਵਿਧਾਨ ਸਭਾ ਵਿਚ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਮ ’ਤੇ ਐਕਟ ਬਣਾ ਕੇ ਪੰਜਾਬ ਭਰ ਦੇ ਆਬਾਦਕਾਰਾਂ ਨੂੰ ਮਾਲਕੀ ਹੱਕ ਦਿੱਤੇ ਜਾਣ। ਅੱਜ ਇੱਥੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਜ਼ਿਲ੍ਹਾ ਫ਼ਾਜ਼ਿਲਕਾ ਦੇ ਪਿੰਡ ਢਾਣੀ ਖੜਕ ਸਿੰਘ ਵਿੱਚ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ। ਪਿੰਡ ਦੇ ਅਹੁਦੇਦਾਰਾਂ ਦੀ ਚੋਣ ਕਰਦਿਆਂ ਪ੍ਰਧਾਨ ਸੁਖਜਿੰਦਰ ਸਿੰਘ, ਸਕੱਤਰ ਕੁਲਦੀਪ ਸਿੰਘ, ਖਜ਼ਾਨਚੀ ਗੋਪਾਲ ਸਿੰਘ, ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਆਦਿ ਅਹੁਦੇਦਾਰਾਂ ਦੀ ਚੋਣ ਕੀਤੀ ਗਈ।