ਮਹਿੰਦਰ ਸਿੰਘ ਰੱਤੀਆਂ
ਮੋਗਾ, 23 ਮਈ
ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ 26 ਮਈ ਨੂੰ ਮਨਾਏ ਜਾ ਰਹੇ ਕਾਲੇ ਦਿਨ ਤਹਿਤ ਇੱਥੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਸੂਬੇ ਭਰ ਵਿੱਚ ਟਰੈਕਟਰ ਮਾਰਚ ਕੱਢਣ ਅਤੇ ਮਾਰਚ ਰਵਾਨਾ ਹੋਣ ਤੋਂ ਪਹਿਲਾਂ ਮੋਦੀ ਦੇ ਪੁਤਲੇ ਫੂਕਣ ਦਾ ਫ਼ੈਸਲਾ ਲਿਆ ਗਿਆ ਹੈ।
ਇੱਥੇ ਸੂਬਾ ਕਮੇਟੀ ਮੈਂਬਰ ਮਾਸਟਰ ਜਸਵਿੰਦਰ ਸਿੰਘ ਝਬੇਲਵਾਲੀ, ਜ਼ਿਲ੍ਹਾ ਪ੍ਰਧਾਨ ਪਰਗਟ ਸਾਫੂਵਾਲਾ, ਮੁਖਤਿਆਰ ਸਿੰਘ, ਬੂਟਾ ਸਿੰਘ ਤਖਾਣ ਵੱਧ ਨੇ ਦੱਸਿਆ ਕਿ ਮੋਦੀ ਸਰਕਾਰ ਨੂੰ ਹਲੂਣਾ ਦੇਣ ਅਤੇ ਸੰਘਰਸ਼ ਨੂੰ ਫੇਲ੍ਹ ਕਰਨ ਦੀ ਹਰ ਸਾਜ਼ਿਸ਼ ਦਾ ਮੂੰਹ ਤੋੜਵਾਂ ਜਵਾਬ ਦੇਣ ਲਈ ਕਿਸਾਨ ਸੜਕਾਂ ਉੱਤੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਨੇ ਪਹਿਲੇ ਦਿਨ ਤੋਂ ਹੀ ਲੰਮਾ ਦਮ ਰੱਖ ਕੇ ਇਹ ਘੋਲ ਵਿੱਢਿਆ ਸੀ। ਉਨ੍ਹਾਂ ਦੱਸਿਆ ਕਿ 28, 29, 30 ਮਈ ਨੂੰ ਵੱਡੀ ਗਿਣਤੀ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਕਿਸਾਨ, ਔਰਤਾਂ ਦਿੱਲੀ ਮੋਰਚੇ ਲਈ ਜਥੇ ਰਵਾਨਾ ਕੀਤੇ ਜਾਣਗੇ।
ਬਰਨਾਲਾ (ਪਰਸ਼ੋਤਮ ਬੱਲੀ): ਸੰਯੁੁਕਤ ਕਿਸਾਨ ਮੋਰਚੇ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮਐਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਬਰਨਾਲਾ ਰੇਲਵੇ ਸਟੇਸ਼ਨ ’ਤੇ ਲਾਏ ਧਰਨੇ ਵਿੱਚ ਅੱਜ 235ਵੇਂ ਦਿਨ ਕਿਸਾਨੀ ਮੰਗਾਂ ਦੇ ਹੱਕ ਵਿੱਚ ਨਾਅਰੇਬਾਜ਼ੀ ਹੁੰਦੀ ਰਹੀ| 26 ਮਈ ਨੂੰ ਕਾਲੇ ਦਿਵਸ ਵਜੋਂ ਮਨਾਉਣ ਹਿੱਤ ਉਲੀਕੇ ਪ੍ਰੋਗਰਾਮਾਂ ਲਈ ਠੋਸ ਵਿਉਂਤਬੰਦੀ ਬਾਰੇ ਚਰਚਾ ਕੀਤੀ|
ਬੁੁਲਾਰਿਆਂ ਨੇ ਕਿਹਾ ਕਿ 26 ਮਈ ਨੂੰ ਕਾਲਾ ਦਿਵਸ ਮਨਾਉਣ ਦਾ ਸੱਦੇ ਤਹਿਤ ਘਰਾਂ,ਦੁੁਕਾਨਾਂ ਅਤੇ ਵਾਹਨਾਂ ਉਪਰ ਕਾਲੇ ਝੰਡੇ ਲਾਏ ਜਾਣਗੇ| ਕਾਲੀਆਂ ਪੱਗਾਂ, ਚੁੰਨੀਆਂ, ਪੱਟੀਆਂ ਅਤੇ ਰਬਿਨ ਬੰਨ੍ਹ ਕੇ ਪ੍ਰਦਰਸ਼ਨ ਕੀਤਾ ਜਾਵੇਗਾ| ਧਰਨਿਆਂ ਵਾਲੀਆਂ ਥਾਵਾਂ, ਚੌਕਾਂ ਤੇ ਪਿੰਡਾਂ ਵਿੱਚ ਅਰਥੀਆਂ ਫੂਕ ਕੇ ਸਰਕਾਰੀ ਨੀਤੀਆਂ ਵਿਰੁੱਧ ਲੋਕ ਰੋਹ ਦਾ ਪ੍ਰਗਟਾਵਾ ਕੀਤਾ ਜਾਵੇਗਾ|
ਭੁੱਚੋ ਮੰਡੀ (ਪਵਨ ਗੋਇਲ): ਬੀਕੇਯੂ ਏਕਤਾ (ਉਗਰਾਹਾਂ) ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਬੈਸਟ ਪ੍ਰਾਈਸ ਮਾਲ ਅਤੇ ਲਹਿਰਾ ਬੇਗਾ ਟੌਲ ਪਲਾਜ਼ਾ ’ਤੇ ਲਗਾਏ ਮੋਰਚੇ ਅੱਜ 235ਵੇਂ ਦਿਨ ਵੀ ਜਾਰੀ ਰਹੇ। ਇਸ ਮੌਕੇ ਬਲਾਕ ਪ੍ਰਧਾਨ ਹੁਸ਼ਿਆਰ ਸਿੰਘ ਨੇ ਕਿਹਾ ਕਿ ਕਿਸਾਨ ਖੇਤੀ ਵਿਰੋਧੀ ਕਾਨੂੰਨ ਅਤੇ ਬਿਜਲੀ ਸੋਧ ਬਿੱਲ 2020 ਵਿਰੁੱਧ ਪੌਣੇ ਅੱਠ ਮਹੀਨਿਆਂ ਤੋਂ ਬੈਸਟ ਪ੍ਰਾਈਸ ਮਾਲ ਅੱਗੇ ਅਤੇ ਛੇ ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ ’ਤੇ ਤਿੱਖਾ ਸੰਘਰਸ਼ ਕਰ ਰਹੇ ਹਨ। ਪਰ ਕੇਂਦਰ ਸਰਕਾਰ ਨੇ ਚੁੱਪ ਧਾਰੀ ਹੋਈ ਹੈ। ਇਸ ਦੇ ਰੋਸ ਵਜੋਂ ਕਿਸਾਨ 26 ਮਈ ਨੂੰ ਕਾਲੇ ਦਿਵਸ ਵਜੋਂ ਮਨਾ ਰਹੀ ਹੈ।
ਝੁਨੀਰ (ਜੀਵਨ ਕ੍ਰਾਂਤੀ): ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਮੀਟਿੰਗ ਡੇਰਾ ਬਾਬਾ ਧਿਆਨ ਦਾਸ ਝੁਨੀਰ ਵਿਚ ਹੋਈ। ਜ਼ਿਲ੍ਹਾ ਜਨਰਲ ਸਕੱਤਰ ਮਹਿੰਦਰ ਸਿੰਘ ਨੇ ਕਿਹਾ ਕਿ ਸੰਯੁਕਤ ਮੋਰਚੇ ਵੱਲੋਂ ਆਏ ਸੱਦੇ ’ਤੇ 26 ਮਈ ਨੂੰ ਮੋਦੀ ਸਰਕਾਰ ਦੀਆਂ ਅਰਥੀਆਂ ਕਾਲ਼ੇ ਕੱਫ਼ਣ ਸਾੜੀਆਂ ਜਾਣਗੀਆਂ। ਇਸ ਮੌਕੇ ਹਰਬੰਸ ਸਿੰਘ ਟਾਡੀਆ ਬਲਾਕ ਜਰਨਲ ਸਕੱਤਰ ਅਤੇ ਕੁਲਦੀਪ ਸਿੰਘ ਖ਼ਿਆਲੀ ਚਹਿਲਾਂ ਵਾਲੀ ਨੂੰ ਮੀਤ ਪ੍ਰਧਾਨ ਚੁਣਿਆ ਗਿਆ।
ਗਿੱਦੜਬਾਹਾ (ਦਵਿੰਦਰ ਮੋਹਨ ਬੇਦੀ): ਬੀਕੇਯੂ ਏਕਤਾ ਉਗਰਾਹਾਂ ਦੇ ਪਿੰਡ ਚੋਟੀਆਂ ਦੇ ਪ੍ਰਧਾਨ ਸੁਖਮੰਦਰ ਸਿੰਘ ਚੋਟੀਆਂ, ਜ਼ਿਲ੍ਹਾ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਨੇ ਕਿਹਾ ਕਿ ਦਿੱਲੀ ਮੋਰਚੇ ਦੀ ਤਕੜਾਈ ਲਈ ਜੰਗ ਜਾਰੀ ਰਹੇਗੀ।
ਬਰੇਟਾ (ਸਤ ਪ੍ਰਕਾਸ਼ ਸਿੰਗਲਾ): ਕੇਂਦਰ ਸਰਕਾਰ ਦੇ ਤਿੰਨ ਕਿਸਾਨ ਵਿਰੋਧੀ ਕਾਨੂੰਨਾਂ ਦੇ ਵਿਰੋਧ ਵਿੱਚ ਸੰਧੁਕਤ ਕਿਸਾਨ ਮੋਰਚਾ ਵੱਲੋਂ ਰੇਲਵੇ ਦੀ ਪਾਰਕਿੰਗ ਵਿਚ ਧਰਨੇ ਵਿੱਚ ਬੁਲਾਰਿਆਂ ਨੇ ਬੈਂਕਾਂ ਤੇ ਹੋਰਨਾਂ ਸਰਕਾਰੀ ਦਫ਼ਤਰਾਂ ਵਿੱਚ ਮੁਲਾਜ਼ਮਾਂ ਦੀ ਗਿਣਤੀ ਘਟਾਏ ਜਾਣ ਦੇ ਵਿਰੋਧ ਵਿੱਚ ਕਿਹਾ ਕਿ ਅਜਿਹਾ ਕਰ ਕੇ ਬੈਂਕਾਂ ਤੇ ਦਫ਼ਤਰਾਂ ਵਿਚ ਭੀੜ ਵਧ ਰਹੀ ਹੈ। ਇਸ ਕਾਰਨ ਜਿੱਥੇ ਲੋਕ ਪ੍ਰੇਸ਼ਾਨ ਹੁੰਦੇ ਹਨ, ਉੱਥੇ ਭੀੜ ਇਕੱਠੀ ਹੋਣ ਕਾਰਨ ਕਰੋਨਾ ਫੈਲਣ ਦਾ ਵੀ ਡਰ ਬਣਿਆ ਹੋਇਆ ਹੈ।