ਪੱਤਰ ਪ੍ਰੇਰਕ
ਮਹਿਲ ਕਲਾਂ, 11 ਅਗਸਤ
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਬਲਾਕ ਪ੍ਰਧਾਨ ਜੱਜ ਸਿੰਘ ਗਹਿਲ ਦੀ ਅਗਵਾਈ ਹੇਠ ਪਿੰਡ ਚੁਹਾਣਕੇ ਵਿੱਚ ਕੀਤੀ ਗਈ ਬਲਾਕ ਪੱਧਰੀ ਇਕੱਤਰਤਾ ਵਿੱਚ 15 ਤੋਂ 21 ਅਗਸਤ ਤੱਕ ਖੇਤੀ ਆਰਡੀਨੈਂਸਾਂ ਖਿਲਾਫ਼ ਪਿੰਡਾਂ ਵਿੱਚ ਸੰਘਰਸ਼ ਮਘਾਉਣ ਦਾ ਫ਼ੈਸਲਾ ਲਿਆ ਗਿਆ। ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਮੀਤ ਪ੍ਰਧਾਨ ਬੁੱਕਣ ਸਿੰਘ ਸੱਦੋਵਾਲ ਅਤੇ ਜਨਰਲ ਸਕੱਤਰ ਜਰਨੈਲ ਸਿੰਘ ਬਦਰਾ ਨੇ ਕਿਹਾ ਕਿ ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ, ਬਿਜਲੀ ਸੋਧ ਬਿਲ 2020 ਅਤੇ ਤੇਲ ਕੀਮਤਾਂ ਵਿੱਚ ਕੀਤੇ ਵਾਧੇ ਨਾਲ ਖੇਤੀਬਾੜੀ ਖੇਤਰ ਤਬਾਹ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਰੋਨਾ ਦੀ ਆੜ ਹੇਠ ਕਿਸਾਨ ਵਿਰੋਧੀ ਬਿੱਲ ਲਿਆ ਕੇ ਸਰਕਾਰੀ ਅਦਾਰਿਆਂ ਨੂੰ ਕੌਡੀਆਂ ਦੇ ਭਾਅ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕੀਤਾ ਜਾ ਰਿਹਾ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਸੂਬਾ ਪੱਧਰੀ ਸੱਦੇ ਤਹਿਤ ਫ਼ੈਸਲਾ ਲਿਆ ਗਿਆ ਕਿ 15 ਤੋ 21 ਅਗਸਤ ਤੱਕ ਪਿੰਡਾਂ ਵਿੱਚ ਰੈਲੀਆਂ ਕਰਦਿਆਂ ਪਿੰਡਾਂ ਅੰਦਰ ਆਉਣ ਵਾਲੇ ਅਕਾਲੀ, ਭਾਜਪਾ ਵਿਧਾਇਕਾਂ/ਸੰਸਦ ਮੈਂਬਰਾਂ ਨੂੰ ਘੇਰ ਕੇ ਉਹਨਾਂ ਤੋਂ ਆਰਡੀਨੈਂਸਾਂ ਬਾਰੇ ਸਵਾਲ ਪੁੱਛੇ ਜਾਣਗੇ।