ਕਣਕ ਦੀ ਬਿਜਾਈ ਮੌਕੇ ਨਹਿਰ ਬੰਦੀ ਕਾਰਨ ਕਿਸਾਨ ਪ੍ਰੇਸ਼ਾਨ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਕਮੇਟੀ ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਕਣਕ ਦੀ ਬਿਜਾਈ ਪੂਰੇ ਜ਼ੋਰਾਂ ’ਤੇ ਹੈ ਪਰ ਇਸ ਮੌਕੇ ਨਹਿਰੀ ਪਾਣੀ ਬੰਦ ਕਰਨਾ ਤੇ ਮੋਟਰਾਂ ਦੀ ਸਪਲਾਈ ਸਿਰਫ ਚਾਰ ਘੰਟੇ ਕਰਨਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਅਜਿਹੇ ਵਿੱਚ ਕਿਸਾਨਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਨਹਿਰੀ ਵਿਭਾਗ ਤੇ ਪੰਜਾਬ ਸਰਕਾਰ ਸੁੱਤੀ ਪਈ ਹੈ। ਉਨ੍ਹਾਂ ਕਿਹਾ ਕਿ ਤਰੁੰਤ ਨਹਿਰੀ ਪਾਣੀ ਛੱਡਿਆ ਜਾਵੇ ਤੇ ਮੋਟਰਾਂ ਦੀ ਸਪਲਾਈ 10 ਘੰਟੇ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਤੇ ਜਰਨਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਨੇ ਪੰਜਾਬ ਸਰਕਾਰ ’ਤੇ ਦੋਸ਼ ਲਾਇਆ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਹਿਲੀਆਂ ਪਿਛਲੀਆਂ ਸਰਕਾਰਾਂ ਨੂੰ ਭੰਡਣ ਵਾਲ਼ੀ ਭਗਵੰਤ ਮਾਨ ਸਰਕਾਰ ਟੇਲਾਂ ’ਤੇ ਪਾਣੀ ਦੇਣ ਦੇ ਵਾਅਦਿਆਂ ਤੋਂ ਭੱਜ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਬਿਜਾਈ ਦੌਰਾਨ ਨਹਿਰੀ ਪਾਣੀ ਬੰਦ ਕਰਨਾ ਜਾਇਜ਼ ਨਹੀਂ ਹੈ। ਉਨ੍ਹਾਂ ਤੁਰੰਤ ਨਹਿਰੀ ਪਾਣੀ ਛੱਡਣ ਤੇ ਮੋਟਰਾਂ ਲਈ ਦਸ ਘੰਟੇ ਬਿਜਲੀ ਸਪਲਾਈ ਦੇਣ ਦੀ ਮੰਗ ਕੀਤੀ।
 
 
             
            