ਮਹਿੰਦਰ ਸਿਘ ਰੱਤੀਆਂ
ਮੋਗਾ, 22 ਦਸੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦਾ ਸੂਬਾ ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਤੇ ਪਿਛਲੇ ਚੋਣ ਵਾਅਦੇ ਲਾਗੂ ਕਰਨ ਤੋਂ ਇਲਾਵਾ ਹੋਰ ਭਖਦੇ ਮਸਲੇ ਹੱਲ ਕਰਨ ਬਾਰੇ ਅਪਣਾਈ ਗਈ ਟਰਕਾਊ ਨੀਤੀ ਖ਼ਿਲਾਫ਼ ਜ਼ਿਲ੍ਹਾ ਸਕੱਤਰੇਤ ਅੱਗੇ ਦਿਨ ਰਾਤ ਦਾ 4 ਰੋਜ਼ਾ ਧਰਨਾ ਤੀਜੇ ਦਿਨ ਵੀ ਜਾਰੀ ਰਿਹਾ। ਇਸ ਮੌਕੇ ਵੱਡੀ ਗਿਣਤੀ ’ਚ ਬੀਬੀਆਂ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਜਥੇਬੰਦੀ ਦੇ ਸੁੂਬਾਈ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਨੇ ਕਿਹਾ ਕਿ ਭਾਵੇਂ ਭਲਕੇ ਮੁੱਖ ਮੰਤਰੀ ਚਰਨਜੀਤ ਸਿਘ ਚੰਨੀ ਨਾਲ ਮੁਲਾਕਾਤ ਦਾ ਸਮਾਂ ਮਿਲਿਆ ਹੈ ਪਰ ਉਨ੍ਹਾਂ ਵੱਲੋਂ ਗੱਲਬਾਤ ਆਪ ਹੀ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਦੇ ਤਾਨਾਸ਼ਾਹ ਰਵੱਈਏ ਖ਼ਿਲਾਫ਼ ਕਿਸਾਨਾਂ ’ਚ ਭਾਰੀ ਰੋਸ ਹੈ। ਇਸ ਮੌਕੇ ਉਨ੍ਹਾਂ ਮੰਗ ਕੀਤੀ ਕਿ ਅੰਦੋਲਨਕਾਰੀ ਬੇਰੁਜ਼ਗਾਰ ਅਧਿਆਪਕਾਂ ’ਤੇ ਮਾਨਸਾ ਵਿੱਚ ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਕੀਤੇ ਗਏ ਅੰਨ੍ਹੇਵਾਹ ਲਾਠੀਚਾਰਜ ਦੇ ਕਸੂਰਵਾਰ ਡੀਐੱਸਪੀ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਨੂੰ ਜੇਲ੍ਹ ਵਿੱਚ ਬੰਦ ਕੀਤਾ ਜਾਵੇ, ਟੌਲ ਪਲਾਜ਼ਿਆਂ ਦੇ ਰੇਟਾਂ ਵਿੱਚ ਕੀਤਾ ਗਿਆ ਵਾਧਾ ਰੱਦ ਕੀਤਾ ਜਾਵੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜਦੋਂ ਤੱਕ ਟੌਲ ਪਲਾਜ਼ਾ ਦੇ ਵਧੇ ਰੇਟ ਵਾਪਸ ਨਹੀਂ ਲਏ ਜਾਂਦੇ ਤੇ ਹੋਰ ਮੰਗਾਂ ਦੀ ਪ੍ਰਾਪਤੀ ਤੱਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ ਬਲੌਰ ਸਿੰਘ ਘਾਲੀ ਨੇ ਕਿਹਾ ਕਿ ਕੇਂਦਰ ਦੀ ਫਾਸ਼ੀਵਾਦੀ ਸਰਕਾਰ ਧੜਾਧੜ ਲੋਕ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸੀ ਪਰ ਕਿਸਾਨ ਜਥੇਬੰਦੀਆਂ ਤੇ ਲੋਕਾਂ ਦੇ ਏਕੇ ਨੇ ਸਰਕਾਰ ਦੇ ਸੁਪਨੇ ਚਕਨਾਚੂਰ ਕਰ ਦਿੱਤੇ ਹਨ।