ਨਿੱਜੀ ਪੱਤਰ ਪ੍ਰੇਰਕ
ਮਲੋਟ, 14 ਅਕਤੂਬਰ
ਇਕ ਪਾਸੇ ਤਾਂ ਵਾਢੀ ਦਾ ਜ਼ੋਰ ਹੈ ਅਤੇ ਵੱਡੇ ਪੱਧਰ ‘ਤੇ ਕਿਸਾਨ ਝੋਨਾ ਲੈ ਕੇ ਮੰਡੀਆਂ ’ਚ ਪਹੁੰਚ ਰਹੇ ਹਨ ਤੇ ਦੂਜੇ ਪਾਸੇ ਖਰੀਦ ਏਜੰਸੀਆਂ ਨੇ ਖਰੀਦ ਨੂੰ ਲੈ ਕੇ ਹੜਤਾਲ ਕਰ ਦਿੱਤੀ ਹੈ।
ਇਸ ਸਬੰਧੀ ਮਾਰਕੀਟ ਕਮੇਟੀ ਮਲੋਟ ਦੇ ਸਕੱਤਰ ਅਮਨਦੀਪ ਸਿੰਘ ਕੰਗ ਨੇ ਦੱਸਿਆ ਕਿ ਪਨਸਪ, ਵੇਅਰਹਾਊਸ, ਮਾਰਕਫੈੱਡ ਤੇ ਐਫਸੀਆਈ ਸਮੇਤ ਸਾਰੀਆਂ ਖਰੀਦ ਏਜੰਸੀਆਂ ਵੱਲੋਂ ਲਿਫਟਿੰਗ ਤੇ ਆਨਲਾਈਨ ਗੇਟ ਪਾਸਾਂ ਨੂੰ ਲੈ ਕੇ ਹੜਤਾਲ ਕੀਤੀ ਗਈ ਹੈ, ਪਰ ਸ਼ਾਮ ਤੱਕ ਮਸਲਾ ਹੱਲ ਹੋਣ ਦੀ ਸੰਭਾਵਨਾ ਹੈ। ਓਧਰ ਕੌਮੀ ਕਿਸਾਨ ਯੂਨੀਅਨ ਦੇ ਬੁਲਾਰੇ ਲਖਨਪਾਲ ਸ਼ਰਮਾ ਤੇ ਕਿਸਾਨ ਆਗੂ ਇੰਦਰਜੀਤ ਸਿੰਘ ਅਸਪਾਲਾਂ ਨੇ ਦੱਸਿਆ ਕਿ ਜੇਕਰ ਇਹ ਹੜਤਾਲ ਇਕ-ਦੋ ਦਿਨ ਹੋਰ ਚਲਦੀ ਰਹੀ ਤਾਂ ਇਥੇ ਕਿਸਾਨਾਂ ਦੀ ਪ੍ਰੇਸ਼ਾਨੀ ਹੋਰ ਵਧ ਜਾਵੇਗੀ। ਸਕੱਤਰ ਅਮਨਦੀਪ ਸਿੰਘ ਨੇ ਦੱਸਿਆ ਕਿ ਇੱਕ ਤਰੀਕ ਨੂੰ ਖਰੀਦ ਸ਼ੁਰੂ ਹੋਈ ਸੀ ਅਤੇ ਹੁਣ ਤੱਕ ਮੰਡੀ ’ਚ 4 ਹਜ਼ਾਰ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ‘ਚੋਂ 21 ਸੌ ਟਨ ਦੀ ਖਰੀਦ ਹੋ ਚੁੱਕੀ ਹੈ ਅਤੇ ਹੜਤਾਲ ਖੁਲਦਿਆਂ ਹੀ ਖਰੀਦ ਜੰਗੀ ਪੱਧਰ ’ਤੇ ਮੁੜ ਸ਼ੁਰੂ ਕਰ ਦਿੱਤੀ ਜਾਵੇਗੀ, ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਕਿ ਉਨ੍ਹਾਂ ਨੂੰ ਇਥੇ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।