ਪੱਤਰ ਪ੍ਰੇਰਕ
ਮਾਨਸਾ, 30 ਮਈ
ਖੇਤੀ ਕਾਨੂੰਨਾਂ ਖ਼ਿਲਾਫ਼ ਕੇਂਦਰ ਸਰਕਾਰ ਵਿਰੁੱਧ ਵਿੱਢੀ ਜੰਗ ਦੌਰਾਨ ਹੁਣ ਮਾਲਵਾ ਖੇਤਰ ਵਿੱਚ ਲੱਗੇ ਧਰਨਿਆਂ ਦੌਰਾਨ ਕਿਸਾਨਾਂ ਦਾ ਪਾਰਾ ਹੋਰ ਵਧਣਾ ਸ਼ੁਰੂ ਹੋ ਗਿਆ ਹੈ। ਇਸ ਖੇਤਰ ਵਿੱਚ ਦਿੱਤੇ ਜਾਂਦੇ ਧਰਨਿਆਂ ਵਿੱਚ ਹਰ ਰੋਜ਼ ਕਿਸਾਨਾਂ ਦੀ ਗਿਣਤੀ ਵੱਧਣ ਲੱਗੀ ਹੈ ਅਤੇ ਕਿਸਾਨ ਜਥੇਬੰਦੀਆਂ ਦੇ ਆਗੂ ਦਿੱਲੀ ਵੱਲ ਚੜ੍ਹਾਈ ਕਰਨ ਲੱਗੇ ਹਨ। ਇਥੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਮਾਨਸਾ ਦੇ ਰੇਲਵੇ ਸਟੇਸ਼ਨ ਨੇੜੇ ਲਾਏ ਧਰਨੇ ਦੇ 242ਵੇਂ ਦਿਨ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਭਾਤਰੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਆਗੂ ਮੱਖਣ ਸਿੰਘ ਭੈਣੀਬਾਘਾ ਨੇ ਕਿਹਾ ਕਿ ਸਰਕਾਰ ਨੇ ਦਿੱਲੀ ਅੰਦੋਲਨ ਨੂੰ ਫੇਲ੍ਹ ਕਰਨ ਲਈ ਕਈ ਤਰ੍ਹਾਂ ਦੀਆਂ ਚਾਲਾਂ ਚੱਲੀਆਂ ਹਨ ਅਤੇ ਸਰਕਾਰ ਹੁਣ ਕਰੋਨਾ ਦੀ ਆੜ ਹੇਠ ਕਿਸਾਨਾਂ ਨੂੰ ਡਰਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਛੇਤੀ ਹੀ ਹੁਣ ਲੋਕਾਂ ਦੀ ਏਕਤਾ ਕਾਰਨ ਖੇਤੀ ਕਾਨੂੰਨਾਂ ਤੋਂ ਨਿਜ਼ਾਤ ਮਿਲਣ ਦੀ ਆਸ ਬੱਝ ਗਈ ਹੈ।
ਭੁੱਚੋ ਮੰਡੀ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਝੰਡੇ ਹੇਠ ਪਿੰਡ ਤੁੰਗਵਾਲੀ, ਚੱਕ ਫ਼ਤਿਹ ਸਿੰਘ ਵਾਲਾ, ਚੱਕ ਰਾਮ ਸਿੰਘ ਵਾਲਾ ਅਤੇ ਭੁੱਚੋ ਖੁਰਦ ਦੇ ਕਿਸਾਨ ਅੱਜ ਦਿੱਲੀ ਵੱਲ ਰਵਾਨਾ ਹੋਏ। ਇਸ ਤੋਂ ਪਹਿਲਾਂ ਕਿਸਾਨ ਚੱਕ ਰਾਮ ਸਿੰਘ ਵਾਲਾ ਵਿੱਚ ਇਕੱਠੇ ਹੋਏ ਸਨ। ਇਸ ਦੇ ਬਾਵਜੂਦ ਖੇਤੀ ਕਨੂੰਨਾਂ ਖ਼ਿਲਾਫ਼ ਬੈਸਟ ਪ੍ਰਾਈਸ ਮਾਲ ਅਤੇ ਲਹਿਰਾ ਬੇਗਾ ਟੌਲ ਪਲਾਜ਼ਾ ’ਤੇ ਚੱਲ ਰਹੇ ਮੋਰਚੇ ਵੀ ਅੱਜ ਜਾਰੀ ਰਹੇ।