ਪੱਤਰ ਪ੍ਰੇਰਕ
ਮਾਨਸਾ, 14 ਜਨਵਰੀ
ਮਾਨਸਾ ਬਾਰ ਐਸੋਸੀਏਸ਼ਨ ਨੇ ਲੋਹੜੀ ਮੌਕੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਕ੍ਰਿਸ਼ਨ ਚੰਦ ਗਰਗ ਅਤੇ ਸੈਕਟਰੀ ਹਰਪ੍ਰੀਤ ਸਿੰਘ ਭੈਣੀ ਬਾਘਾ ਨੇ ਕੇਂਦਰ ਸਰਕਾਰ ਤੋਂ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ। ਇਸ ਸਮੇਂ ਸੰਵਿਧਾਨ ਬਚਾਓ ਮੰਚ ਦੇ ਆਗੂ ਗੁਰਲਾਭ ਸਿੰਘ ਮਾਹਲ ਐਡਵੋਕੇਟ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਆਗੂ ਬਲਵੀਰ ਕੌਰ ਐਡਵੋਕੇਟ, ਹਰਿੰਦਰ ਸ਼ਰਮਾ ਐਡਵੋਕੇਟ, ਐਸੋਸੀਏਸ਼ਨ ਮਾਨਸਾ ਦੇ ਸਾਬਕਾ ਪ੍ਰਧਾਨ ਅਜੀਤ ਸਿੰਘ ਭੰਗੂ, ਵਿਜੈ ਸਿੰਗਲਾ, ਕਮਲਜੀਤ ਸਿੰਘ, ਗੁਰਇਕਬਾਲ ਸਿੰਘ ਮਾਨਸ਼ਾਹੀਆ, ਨਵਲ ਕੁਮਾਰ ਗੋਇਲ, ਲਖਵਿੰਦਰ ਲਖਨਪਾਲ, ਪਰਮਿੰਦਰ ਸਿੰਘ ਬਹਿਣੀਵਾਲ, ਸਹਿਜਪਾਲ ਮੰਡੇਰ ਹਾਜ਼ਰ ਸਨ।
ਸ਼ਹਿਣਾ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਕਸਬਾ ਸ਼ਹਿਣਾ ’ਚ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਨਾਮਧਾਰੀ ਅਗਵਾਈ ਹੇਠ ਲੋਹੜੀ ਮੌਕੇ ਖੇਤੀ ਕਾਨੂੰਨ ਦੀਆਂ ਕਾਪੀਆਂ ਸਾੜੀਆਂ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਨਥਾਣਾ (ਪੱਤਰ ਪ੍ਰੇਰਕ): ਵੱਖ-ਵੱਖ ਜਥੇਬੰਦੀਆਂ ਨਾਲ ਜੁੜੇ ਕਿਸਾਨ ਵਰਕਰਾਂ ਤੇ ਖੇਤ ਮਜ਼ਦੂਰਾਂ ਨੇ ਪਿੰਡ ਬੱਜੋਆਣਾ, ਕਲਿਆਣ ਸੁੱਖਾ, ਨਾਥਪੁਰਾ ਤੇ ਢੇਲਵਾਂ ’ਚ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਰੋਸ ਜ਼ਾਹਿਰ ਕੀਤਾ।
ਰਾਮਪੁਰਾ ਫੂਲ (ਨਿੱਜੀ ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਮਾਸਟਰ ਸੁਖਦੇਵ ਸਿੰਘ ਜਵੰਦਾ ਤੇ ਨਿੱਕਾ ਸਿੰਘ ਜੇਠੂਕੇ ਨੇ ਦੱਸਿਆ ਕਿ ਜਥੇਬੰਦੀ ਦੀ ਅਗਵਾਈ ਹੇਠ ਰਾਮਪੁਰਾ ਦੇ ਰਿਲਾਇੰਸ ਪੰਪ ਦੇ ਮੋਰਚੇ ਤੋਂ ਇਲਾਵਾ ਬਲਾਕ ਰਾਮਪੁਰਾ ਦੇ 28 ਪਿੰਡਾਂ ਵਿਚ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ ਹਨ।
ਭਾਈਰੂਪਾ (ਪੱਤਰ ਪ੍ਰੇਰਕ): ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀਆਂ ਵਰਕਰਾਂ ਤੇ ਹੈਲਪਰਾਂ ਨੇ ਦਿਆਲਪੁਰਾ ਭਾਈਕਾ ’ਚ ਜ਼ਿਲ੍ਹਾ ਬਠਿੰਡਾ ਦੀ ਪ੍ਰਧਾਨ ਸ਼ਿੰਦਰਪਾਲ ਕੌਰ ਦਿਆਲਪੁਰਾ ਦੀ ਅਗਵਾਈ ਹੇਠ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ।
ਅਜੀਤਵਾਲ (ਪੱਤਰ ਪ੍ਰੇਰਕ): ਪਿੰਡ ਤਖਾਣਵੱਧ ’ਚ ਪਿੰਡ ਵਾਸੀਆਂ ਨੇ ਕਿਸਾਨੀ ਅੰਦੋਲਨ ਨਾਲ ਸਬੰਧਤ ਨਾਟਕ ਕਰਵਾਏ ਗਏ ਤੇ ਕਾਲੇ ਕਾਨੂੰਨਾ ਦੀਆਂ ਕਾਪੀਆਂ ਸਾੜੀਆਂ ਗਈਆਂ। ਡਾ. ਨਿਰਪਾਲਦੀਪ ਕੌਰ ਨੇ ਕਿਹਾ ਕਿ ਕਿਸਾਨਾਂ ਦਾ ਸੰਘਰਸ਼ 50ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਕਿਸਾਨ ਆਗੂ ਬੂਟਾ ਸਿੰਘ ਨੇ ਕਿਹਾ ਕਿ ਹਰੇਕ ਹਫਤੇ ਕਿਸਾਨਾਂ ਦੇ ਜਥੇ ਦਿੱਲੀ ਲਈ ਰਵਾਨਾ ਹੋਣਗੇੇ। ਇਸ ਮੌਕੇ ਸੋਮਪਾਲ ਹੀਰਾ ਦੁਆਰਾ ਲਿਖਿਆ ਨਾਟਕ ‘ਇਹ ਦੇਸ਼ ਕਿਸੇ ਦੇ ਬਾਪ ਦਾ ਨਹੀਂ’ ਤੇ ਭਾਈ ਮੰਨਾ ਸਿੰਘ ਦਾ ‘ਲੀਰਾਂ’ ਨਾਟਕ ਗਦਰ ਰੰਗ ਮੰਚ ਮੱਦੋਕੇ ਅਤੇ ਸ਼ਹੀਦ ਭਗਤ ਸਿੰਘ ਕਲਾ ਮੰਚ ਚੜਿੱਕ ਨੇ ਖੇਡਿਆ। ਅੰਤ ਵਿੱੱਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਸਮੇਂ ਭਾਕਿਯੂ ਏਕਤਾ ਉਗਰਾਹਾਂ ਤੋਂ ਨਛੱਤਰ ਸਿੰਘ ਹੇਰ, ਨੌਜਵਾਨ ਭਾਰਤ ਸਭਾ ਦੇ ਕਰਮਜੀਤ ਸਿੰਘ ਮਾਣੂਕੇ ਸਰਪੰਚ ਕੁਲਵੰਤ ਸਿੰਘ, ਮਨਜੀਤ ਕੌਰ, ਸਾਬਕਾ ਬਲਾਕ ਸਮਿਤੀ ਮੈਂਬਰ ਰਣਧੀਰ ਸਿੰਘ ਧੀਰਾ, ਕਾ. ਲਾਲ ਸਿੰਘ ਢਿੱਲੋਂ, ਸ਼ਿਵੰਦਰ ਸਿੰਘ, ਇਕਬਾਲ ਸਿੰਘ, ਮਨਦੀਪ ਸਿੰਘ ਹਾਜ਼ਰ ਸਨ।
ਭਦੌੜ (ਪੱਤਰ ਪ੍ਰੇਰਕ): ਆਲ ਇੰਡੀਆ ਕਿਸਾਨ ਸਭਾ ਨੇ ਕਾਮਰੇਡ ਗੁਰਮੇਲ ਸ਼ਰਮਾ ਦੀ ਅਗਵਾਈ ਹੇਠ ਭਦੌੜ ’ਚ ਲੋਹੜੀ ਤੇ ਕਾਲੇ ਖੇਤੀ ਕਾਨੂੰਨ ਦੀ ਕਾਪੀਆਂ ਸਾੜੀਆਂ।
ਚਾਉਕੇ (ਪੱਤਰ ਪ੍ਰੇਰਕ): ਮਾਤਾ ਸੁੰਦਰੀ ਗਰਲਜ਼ ਕਾਲਜ ’ਚ ਅਖੰਡ ਪਾਠ ਦੇ ਭੋਗ ਪਾਉਣ ਤੋਂ ਬਾਅਦ ਕਾਲਜ ’ਚ ਮਨਾਈ ਗਈ ਲੋਹੜੀ ਮੌਕੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ।
ਭੀਖੀ (ਪੱਤਰ ਪ੍ਰੇਰਕ): ਸਥਾਨਕ ਬੱਸ ਸਟੈਂਡ ਵਿਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਵੱਖ-ਵੱਖ ਸਮਾਜਿਕ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਲੇ ਕਾਨੂੰਨਾਂ ਖਿਲਾਫ਼ ਲੋਹੜੀ ਬਾਲ ਕੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ।
ਬੋਹਾ (ਪੱਤਰ ਪ੍ਰੇਰਕ): ਮਜ਼ਦੂਰ ਮੁਕਤੀ ਮੋਰਚਾ ਤੇ ਆੜ੍ਹਤੀਆ ਐਸੋਸੀਏਸ਼ਨ ਬੋਹਾ ਨੇ ਲੋਹੜੀ ਮੌਕੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ। ਇਸ ਮੌਕੇ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾਈ ਆਗੂ ਕਾਮਰੇਡ ਜੀਤ ਸਿੰਘ ਬੋਹਾ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਮਾਸਟਰ ਜਗਦੀਸ਼ ਗੋਇਲ, ਭੱਠਾ ਮਾਲਕ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਮੰਗਲ ਨੇ ਸੰਬੋਧਨ ਕੀਤਾ।
‘ਆਪ’ ਵੱਲੋਂ ਕਿਸਾਨਾਂ ਨੂੰ ਸ਼ਰਧਾਂਜਲੀ
ਮਾਨਸਾ (ਪੱਤਰ ਪ੍ਰੇਰਕ): ਆਮ ਆਦਮੀ ਪਾਰਟੀ ਨੇ ਗੁਰਦੁਆਰਾ ਸਾਹਿਬ ਚੌਕ ਮਾਨਸਾ ’ਚ ਲੋਹੜੀ ਬਾਲ ਕੇ ਕਿਸਾਨ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਦੋ ਮਿੰਟ ਦਾ ਮੌਨ ਧਾਰਕੇ ਸ਼ਰਧਾਂਜਲੀ ਭੇਂਟ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਅੱਕਾਂਵਾਲੀ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਵਰਕਰਾਂ ਨੇ ਮੋਦੀ ਦੀ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਕਾਨੂੰਨਾਂ ਦੀਆਂ ਕਾਪੀਆਂ ਤਿਲਾਂ ਦੀ ਥਾਂ ਤੇ ਸਾੜ ਕੇ ਰੋਸ਼ ਪ੍ਰਗਟ ਕੀਤਾ ਗਿਆ। ਇਸ ਮੌਕੇ ਡਾ. ਵਿਜੈ ਸਿੰਗਲਾ, ਗੁਰਪ੍ਰੀਤ ਸਿੰਘ ਭੁੱਚਰ, ਗੁਰਪ੍ਰੀਤ ਸਿੰਘ ਬਣਾਂਵਾਲੀ, ਸੁਖਵਿੰਦਰ ਸਿੰਘ, ਭੋਲਾ ਮਾਨ, ਪਰਮਿੰਦਰ ਕੌਰ ਸਮਾਘ, ਜਸਪਾਲ ਸਿੰਘ ਦਾਤੇਵਾਸ, ਅਭੈ ਕੁਮਾਰ ਗੋਦਾਰਾ, ਹਰਦੇਵ ਸਿੰਘ ਉੱਲਕ, ਨੇਮ ਚੰਦ ਚੌਧਰੀ, ਚਰਨ ਦਾਸ ਸਰਦੂਲਗੜ੍ਹ ਨੇ ਵੀ ਸੰਬੋਧਨ ਕੀਤਾ।