ਕਿਸਾਨ ਜਥੇਬੰਦੀਆਂ ਵੱਲੋਂ ਖੇਤੀਬਾੜੀ ਮੰਤਰੀ ਦੇ ਬਿਆਨ ਦੀ ਨਿਖੇਧੀ

ਸ਼ਹੀਦ ਕਿਸਾਨਾਂ ਦੇ ਅੰਕੜੇ ਨਾ ਹੋਣ ਦਾ ਲਿਆ ਸਖ਼ਤ ਨੋਟਿਸ

ਕਿਸਾਨ ਜਥੇਬੰਦੀਆਂ ਵੱਲੋਂ ਖੇਤੀਬਾੜੀ ਮੰਤਰੀ ਦੇ ਬਿਆਨ ਦੀ ਨਿਖੇਧੀ

ਬਰਨਾਲਾ ਦੇ ਸਟੇਸ਼ਨ ’ਤੇ ਧਰਨੇ ’ਚ ਧਰਨੇ ਮੌਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇ ਬੁਲੰਦ ਕਰਦੀਆਂ ਹੋਈਆਂ ਕਿਸਾਨ ਬੀਬੀਆਂ।

ਪਰਸ਼ੋਤਮ ਬੱਲੀ
ਬਰਨਾਲਾ, 2 ਦਸੰਬਰ

ਮੌਜੂਦਾ ਕਿਸਾਨੀ ਸੰਘਰਸ਼ ਦੇ ਚਲਦਿਆਂ ਬਰਨਾਲਾ ਰੇਲਵੇ ਸਟੇਸ਼ਨ ’ਤੇ ਲੱਗਾ ਸਾਂਝਾ ਕਿਸਾਨ ਧਰਨਾ ਅੱਜ 428ਵੇਂ ਦਿਨ ਵੀ ਪੂਰੇ ਜੋਸ਼ੋ-ਖਰੋਸ਼ ਨਾਲ ਜਾਰੀ ਰਿਹਾ। ਬੁਲਾਰਿਆਂ ਖੇਤੀ ਮੰਤਰੀ ਵੱਲੋਂ ਕੱਲ੍ਹ ਸੰਸਦ ਵਿੱਚ ਦਿੱਤੇ ਉਸ ਬਿਆਨ ਦਾ ਗੰਭੀਰ ਨੋਟਿਸ ਲਿਆ ਜਿਸ ਵਿੱਚ ਉਸ ਨੇ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਅੰਕੜੇ ਉਪਲੱਬਧ ਨਾ ਹੋਣ ਦੀ ਗੱਲ ਆਖੀ ਸੀ। ਮੰਤਰੀ ਨੇ ਅੱਗੇ ਕਿਹਾ ਕਿ ਅੰਕੜੇ ਨਾ ਹੋਣ ਦੀ ਸੂਰਤ ਵਿੱਚ ਮੁਆਵਜ਼ਾ ਦੇਣ ਦੀ ਗੱਲ ਕਿਵੇਂ ਕੀਤੀ ਜਾ ਸਕਦੀ ਹੈ। ਆਗੂਆਂ ਬਲਵੰਤ ਸਿੰਘ ਉਪਲੀ, ਕਰਨੈਲ ਸਿੰਘ ਗਾਂਧੀ, ਨਰੈਣ ਦੱਤ, ਬਾਬੂ ਸਿੰਘ ਖੁੱਡੀ ਕਲਾਂ, ਪ੍ਰੇਮਪਾਲ ਕੌਰ, ਬਲਵੰਤ ਸਿੰਘ ਠੀਕਰੀਵਾਲਾ, ਬਲਵੀਰ ਕੌਰ ਕਰਮਗੜ੍ਹ, ਜਰਨੈਲ ਸਿੰਘ ਬਾਜਵਾ, ਅਮਰਜੀਤ ਕੌਰ, ਜਸਵਿੰਦਰ ਸਿੰਘ ਮੰਡੇਰ ਨੇ ਕਿਹਾ ਕਿ ਇਸ ਤੋਂ ਵੱਧ ਗੈਰ-ਸੰਵੇਦਨਸ਼ੀਲ, ਦੁਖਦਾਈ ਤੇ ਹਾਸੋਹੀਣਾ ਬਿਆਨ ਹੋਰ ਕੀ ਹੋ ਸਕਦਾ ਹੈ। ਅਜਿਹੇ ਬਿਆਨ ਦੇ ਕੇ ਸਰਕਾਰ ਕਿਸਾਨਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕ ਰਹੀ ਹੈ। ਉਨ੍ਹਾਂ ਕਿਹਾ ਕਿ ਅੰਕੜੇ ਸੰਯੁਕਤ ਕਿਸਾਨ ਮੋਰਚੇ ਕੋਲ ਮੌਜੂਦ ਹਨ। ਸਰਕਾਰ ਮੋਰਚੇ ਤੋਂ ਅੰਕੜੇ ਲੈ ਕੇ ਸ਼ਹੀਦ ਕਿਸਾਨਾਂ ਦੇ ਵਾਰਸਾਂ ਨੂੰ ਮੁਆਵਜ਼ਾ ਦੇਵੇ। ਬੁਲਾਰਿਆਂ ਨੇ ਕਿਸਾਨ ਅੰਦੋਲਨ ਦੇ ਚਾਲੂ ਰਹਿਣ ਬਾਰੇ ਸਥਿਤੀ ਸਪੱਸ਼ਟ ਕੀਤੀ। ਸਰਕਾਰ ਮੋਰਚੇ ਦੀ ਲੀਡਰਸ਼ਿਪ ਨੂੰ ਗੱਲਬਾਤ ਲਈ ਸੱਦਾ ਦੇਵੇ ਅਤੇ ਬਾਕੀ ਮੰਗਾਂ ਬਾਰੇ ਸਟੈਂਡ ਸਾਫ ਕਰੇ।

ਮਹਿਲ ਕਲਾਂ (ਨਵਕਿਰਨ ਸਿੰਘ): ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਮਹਿਲ ਕਲਾਂ ਟੌਲ ਪਲਾਜ਼ਾ ਅੱਗੇ ਕਿਸਾਨਾਂ ਦਾ ਪੱਕਾ ਧਰਨਾ ਜਾਰੀ ਹੈ ਇਸ ਮੌਕੇ ਨਾਅਰੇਬਾਜ਼ੀ ਕਰਦਿਆਂ ਕਿਸਾਨਾਂ ਨੇ ਕਿਸਾਨ ਮੰਗਾਂ ਦੀਆਂ ਪੂਰਤੀ ਤੱਕ ਪੱਕੇ ਮੋਰਚੇ ਨੂੰ ਚਲਾਉਣ ਦਾ ਐਲਾਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਮਲਕੀਤ ਸਿੰਘ ਮਹਿਲ ਕਲਾਂ, ਅਜਮੇਰ ਕਾਲਸਾਂ, ਭਾਗ ਸਿੰਘ ਕੁਰੜ, ਗੁਰਦੇਵ ਮਾਂਗੇਵਾਲ ਆਦਿ ਨੇ ਕਿਹਾ ਕਿ ਖੇਤੀ ਕਾਨੂੰਨ ਵਾਪਸ ਕਰਵਾਉਣਾ ਕਿਸਾਨ ਸੰਘਰਸ਼ ਦੀ ਅਹਿਮ ਪ੍ਰਾਪਤੀ ਹੈ ਪਰ ਜਦ ਤੱਕ ਸੰਘਰਸ਼ ਦੌਰਾਨ ਦਰਜ ਹੋਏ ਪੁਲੀਸ ਕੇਸ ਵਾਪਸ ਨਹੀਂ ਲਏ ਜਾਂਦੇ, ਐਮਐਸਪੀ ਸਬੰਧੀ ਕੋਈ ਠੋਸ ਸਹਿਮਤੀ ਨਹੀਂ ਬਣਦੀ ਅਤੇ ਬਿਜਲੀ ਸੋਧ ਬਿੱਲ ਨੂੰ ਖਤਮ ਨਹੀਂ ਕੀਤਾ ਜਾਂਦਾ ਤਦ ਤੱਕ ਪੱਕਾ ਮੋਰਚਾ ਜਾਰੀ ਰਹੇਗਾ। ਇਸੇ ਤਰ੍ਹਾਂ ਬਰਨਾਲਾ ਲੁਧਿਆਣਾ ਮੁੱਖ ਮਾਰਗ ’ਤੇ ਭੱਦਲਵੱਡ ਨਜ਼ਦੀਕ ਰਿਲਾਇੰਸ ਪੈਟਰੋਲ ਪੰਪ ਅੱਗੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਅਗਵਾਈ ਹੇਠ ਪੱਕਾ ਧਰਨਾ ਜਾਰੀ ਹੈ।

ਕਿਸਾਨਾਂ ਤੋਂ ਜ਼ਮੀਨਾਂ ਖੋਹਣ ਦੀਆਂ ਸਾਜ਼ਿਸ਼ਾਂ ਕਾਮਯਾਬ ਨਹੀਂ ਹੋਣਗੀਆਂ: ਅਰਸ਼ੀ

ਮਾਨਸਾ (ਪੱਤਰ ਪ੍ਰੇਰਕ): ਪੈਪਸੂ ਮੁਜਾਰਾ ਲਹਿਰ ਦੇ ਬਾਨੀ ਅਤੇ ਸਾਬਕਾ ਵਿਧਾਇਕ ਕਾਮਰੇਡ ਧਰਮ ਸਿੰਘ ਫੱਕਰ ਦੀ 48ਵੀਂ ਬਰਸੀ ਉਨ੍ਹਾਂ ਦੇ ਜੱਦੀ ਪਿੰਡ ਦਲੇਲ ਸਿੰਘ ਵਾਲਾ ਵਿਖੇ ਕਾਮਰੇਡ ਗੁਰਦਿਆਲ ਸਿੰਘ,ਰਾਜ ਸਿੰਘ ਅਕਲੀਆ, ਤੇਜ ਸਿੰਘ ਚਕੇਰੀਆਂ ਅਤੇ ਸਰਪੰਚ ਅਮਰੀਕ ਸਿੰਘ ਦੇ ਪ੍ਰਧਾਨਗੀ ਮੰਡਲ ਹੇਠ ਇਨਕਲਾਬੀ ਜੋਸ਼ੋ-ਖਰੋਸ ਨਾਲ ਮਨਾਈ ਗਈ। ਝੰਡੇ ਦੀ ਰਸਮ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਸਿੰਘ ਅਰਸ਼ੀ ਅਤੇ ਸੰਯੁਕਤ ਮੋਰਚੇ ਦੇ ਆਗੂਆਂ ਵੱਲੋਂ ਨਾਅਰਿਆਂ ਦੀ ਗੂੰਜ ਨਾਲ ਨਿਭਾਈ ਗਈ। ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਹਰਦੇਵ ਸਿੰਘ ਅਰਸ਼ੀ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੀ ਰੱਦ ਕਰਵਾਉਣਾ, ਕਿਸਾਨ ਅੰਦੋਲਨ ਦੀ ਪਹਿਲੀ ਤੇ ਵੱਡੀ ਜਿੱਤ ਹੈ ਅਤੇ ਦੇਸ਼ ਵਿੱਚੋਂ ਅੰਬਾਨੀ-ਅਡਾਨੀਆਂ ਨੂੰ ਕੱਢਣ ਤੱਕ ਅੰਦੋਲਨ ਜਾਰੀ ਰੱਖਾਂਗੇ, ਕਿਉਂਕਿ ਕਾਮਰੇਡ ਧਰਮ ਸਿੰਘ ਫੱਕਰ ਨੇ ਜਾਗੀਰਦਾਰਾਂ ਤੋਂ ਜ਼ਮੀਨਾਂ ਲੈਕੇ ਮੁਜਾਰਿਆਂ ਨੂੰ ਜ਼ਮੀਨਾਂ ਦੇ ਮਾਲਕ ਬਣਾਉਣ ਅਤੇ ਅੱਜ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵੱਲੋਂ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਤੋਂ ਰੋਕਣ ਲਈ ਚੱਲ ਰਹੇ ਕਿਸਾਨੀ ਘੋਲ ਦੇ ਪ੍ਰਤੀਕ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੀ ਤਾਨਾਸ਼ਾਹ ਸਰਕਾਰ ਕਾਰਪੋਰੇਟ ਖੇਤੀ ਲਈ ਰਾਹ ਪੱਧਰਾ ਕਰਨ, ਕਿਸਾਨਾਂ ਤੋਂ ਜ਼ਮੀਨਾਂ ਤੋਂ ਖੋਹਣ ਲਈ ਖਤਰਨਾਕ ਸਾਜ਼ਿਸ਼ਾਂ ਰਚ ਰਹੀ ਹੈ, ਜਿੰਨਾਂ ਨੂੰ ਕਿਸਾਨ ਮੋਰਚਾ ਤੇ ਸੰਘਰਸ਼ਸੀਲ ਲੋਕ ਕਾਮਯਾਬ ਨਹੀਂ ਹੋਣ ਦੇਣਗੇ।

ਸ਼ਹੀਦ ਹੋਏ ਕਿਸਾਨ ਲਈ ਰਾਹਤ ਮੰਗੀ

ਬਠਿੰਡਾ (ਸ਼ਗਨ ਕਟਾਰੀਆ): ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਦਿੱਲੀ ਹੱਦ ’ਤੇ ਸਿਹਤ ਵਿਗੜਨ ਕਾਰਨ ਸਦੀਵੀ ਰੁਖ਼ਸਤ ਹੋਏ ਕਿਸਾਨ ਦੇ ਪਰਿਵਾਰ ਲਈ ਸਰਕਾਰ ਤੋਂ ਵਿੱਤੀ ਮੱਦਦ ਅਤੇ ਨੌਕਰੀ ਦੀ ਮੰਗ ਕੀਤੀ ਹੈ। ਬਠਿੰਡਾ ਦੇ ਬੀਬੀ ਵਾਲਾ ਚੌਕ ਦੇ ਵਸਨੀਕ ਮਰਹੂਮ ਕਿਸਾਨ ਮੰਗਲ ਸਿੰਘ ਗਿੱਲ ਪੰਜਾਬ ਕਿਸਾਨ ਯੂਨੀਅਨ ਦੀ ਅਗਵਾਈ ਵਿੱਚ ਦਿੱਲੀ ਹੱਦ ’ਤੇ ਚੱਲ ਰਹੇ ਕਿਸਾਨ ਅੰਦੋਲਨ ਵਿਚ ਗਿਆ ਹੋਇਆ ਸੀ। ਉੱਥੇ ਸਿਹਤ ਵਿਗੜਨ ’ਤੇ ਉਸ ਨੂੰ ਬਠਿੰਡਾ ਲਿਆ ਕੇ ਇੱਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ, ਜਿੱਥੇ ਇਲਾਜ ਦੌਰਾਨ ਕਰੀਬ ਹਫ਼ਤੇ ਬਾਅਦ 19 ਨਵੰਬਰ ਨੂੰ ਉਸ ਦਾ ਦੇਹਾਂਤ ਹੋ ਗਿਆ। ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਿ੍ਤਕ ਦੇ ਪਰਿਵਾਰ ਨੂੰ 10 ਲੱਖ ਰੁਪਏ ਦੀ ਵਿੱਤੀ ਮੱਦਦ ਤੋਂ ਇਲਾਵਾ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਪਰਿਵਾਰ ਦਾ ਸਮੁੱਚਾ ਕਰਜ਼ਾ ਮੁਆਫ਼ ਕੀਤਾ ਜਾਵੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਸ਼ਹਿਰ

View All