ਪੱਤਰ ਪ੍ਰੇਰਕ
ਮਹਿਲ ਕਲਾਂ, 30 ਜਨਵਰੀ
ਸਕੂਲ ਖੋਲ੍ਹਣ ਦੀ ਮੰਗ ਲਈ ਪਿੰਡ ਸਹਿਜੜਾ ਵਾਸੀਆਂ ਵੱਲੋਂ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਹਿਜੜ੍ਹਾ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪਿੰਡ ਵਾਸੀਆਂ ਨੇ ਮੰਗ ਕੀਤੀ ਕਿ ਵਿਦਿਆਰਥੀਆਂ ਦੇ ਭਵਿੱਖ ਨੂੰ ਵੇਖਦੇ ਹੋਏ ਸਾਰੀਆਂ ਵਿਦਿਅਕ ਸੰਸਥਾਵਾਂ ਆਮ ਵਾਂਗ ਖੋਲ੍ਹੀਆ ਜਾਣੀਆਂ ਚਾਹੀਦੀਆਂ ਹਨ। ਇਸ ਮੌਕੇ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਆਗੂ ਮਨਜੀਤ ਸਿੰਘ ਸਹਿਜੜਾ, ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਆਗੂ ਗੁਰਪ੍ਰੀਤ ਸਿੰਘ ਸਹਿਜੜਾ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਹਰਨੇਕ ਸਿੰਘ ਸਹਿਜੜਾ ਆਦਿ ਨੇ ਕਿਹਾ ਕਿ ਕਰੋਨਾਵਾਇਰਸ ਦੀ ਆੜ ਹੇਠ ਸਕੂਲ ਬੰਦ ਕਰਨਾ ਵਿਦਿਆਰਥੀਆਂ ਦਾ ਭਵਿੱਖ ਤਬਾਹ ਕਰਨਾ ਹੈ।
ਝੁਨੀਰ (ਪੱਤਰ ਪ੍ਰੇਰਕ): ਬਜ਼ੁਰਗ ਕਿਸਾਨ ਆਗੂ ਹਰਦੇਵ ਸਿੰਘ ਕੋਟਧਰਮੂ, ਹਾਕਮ ਸਿੰਘ ਢਿੱਲੋਂ ਆਦਿ ਕਿਸਾਨਾਂ ਨੇ ਕਿਹਾ ਕਿ ਜੇਕਰ ਰਾਜ ਸਰਕਾਰ ਨੇ ਕਰੋਨਾ ਦੀ ਆੜ ਵਿਚ ਹੋਰ ਸਮਾਂ ਸਕੂਲ ਬੰਦ ਰੱਖੇ ਤਾਂ ਕਿਸਾਨ ਅਤੇ ਕਿਰਤੀ ਜਥੇਬੰਦੀਆਂ ਸੰਘਰਸ਼ ਕਰਕੇ ਸਰਕਾਰ ਦੀਆਂ ਨੀਤੀਆਂ ਦਾ ਪਰਦਾਫਾਸ਼ ਕਰਨਗੀਆਂ।
ਨਿਹਾਲ ਸਿੰਘ ਵਾਲਾ (ਪੱਤਰ ਪ੍ਰੇਰਕ): ਸਕੂਲ ਵੈਨ ਐਸੋਸੀਏਸ਼ਨ ਨਿਹਾਲ ਸਿੰਘ ਵਾਲਾ ਵੱਲੋਂ ਸਕੂਲ ਖੋਲ੍ਹਣ ਦੀ ਮੰਗ ਕਰਦਿਆਂ ਇੱਥੇ ਐੱਸਡੀਐੱਮ ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ ਕੀਤਾ ਅਤੇ ਐੱਸਡੀਐੱਮ ਨੂੰ ਮੰਗ ਪੱਤਰ ਦਿੱਤਾ।
ਸਕੂਲ ਖੁੱਲ੍ਹਵਾਉਣ ਲਈ ਸੰਘਰਸ਼ ਵਿੱਢਣ ਦੀਆਂ ਤਿਆਰੀਆਂ
ਨਥਾਣਾ (ਪੱਤਰ ਪ੍ਰੇਰਕ): ਵਿਦਿਆਰਥੀਆਂ ਦੀ ਪੜ੍ਹਾਈ ਦੇ ਨੁਕਸਾਨ ਨੂੰ ਵੇਖਦਿਆਂ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਖੁੱਲ੍ਹਵਾਉਣ ਦੀ ਮੰਗ ਨੂੰ ਲੈ ਕੇ ਪਿੰਡ ਪੂਹਲੀ ਵਿੱਚ ਕਿਰਤੀ ਕਿਸਾਨ ਯੂਨੀਅਨ ਵੱਲੋਂ ਇੱਕ ਭਰਵੀਂ ਮੀਟਿੰਗ ਕੀਤੀ ਗਈ। ਯੂਨੀਅਨ ਦੇ ਜ਼ਿਲ੍ਹਾ ਆਗੂ ਸਵਰਨ ਸਿੰਘ ਨੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕਰੋਨਾ ਦੀ ਆੜ ਹੇਠ ਵਾਰ-ਵਾਰ ਸਕੂਲਾਂ ਨੂੰ ਬੰਦ ਕਰ ਰਹੀ ਹੈ। ਸਾਲਾਨਾ ਪ੍ਰੀਖਿਆਵਾਂ ਨੂੰ ਦੇਖਦਿਆਂ ਵਿਦਿਆਰਥੀਆਂ ਦੀ ਪੜ੍ਹਾਈ ਦਾ ਵੱਡਾ ਨੁਕਸਾਨ ਹੋ ਰਿਹਾ ਹੈ। ਕਿਰਤੀ ਕਿਸਾਨ ਯੂਨੀਅਨ ਇਸ ਸਮੱਸਿਆ ਦੇ ਨਿਪਟਾਰੇ ਲਈ ਸਕੂਲੀ ਬੱਚਿਆਂ ਦੇ ਮਾਪਿਆਂ ਦੇ ਸਹਿਯੋਗ ਨਾਲ ਡੀਸੀ ਦਫਤਰ ਬਠਿੰਡਾ ਅੱਗੇ ਧਰਨਾ ਦੇਵੇਗੀ।