ਜੋਗਿੰਦਰ ਸਿੰਘ ਮਾਨ
ਮਾਨਸਾ, 27 ਮਈ
ਜ਼ਿਲ੍ਹਾ ਮਾਨਸਾ ਦੇ ਹਰ ਵਰਗ ਦੇ ਲੋੜਵੰਦ ਲੋਕਾਂ ਦੀਆਂ ਸਮੱਸਿਆਵਾਂ ਨੂੰ ੇ ਹੱਲ ਕਰਨ ਤੇ ਲੋਕਾਂ ਨੂੰ ਰਾਜ ਸਰਕਾਰ ਵੱਲੋਂ ਸਮੇਂ ਸਮੇਂ ’ਤੇ ਉਲੀਕੀਆਂ ਯੋਜਨਾਵਾਂ ਦਾ ਲਾਭ ਮੁਹੱਈਆ ਕਰਵਾਉਣ ’ਚ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਹ ਗੱਲਾਂ ਹਲਕਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਅਤੇ ਹਲਕਾ ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਦੀ ਹਾਜ਼ਰੀ ਵਿੱਚ ਅੱਜ ਇਥੇ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਚੱਲੇ ਸੰਘਰਸ਼ ਦੌਰਾਨ ਸ਼ਹੀਦ ਹੋਏ ਜ਼ਿਲ੍ਹੇ ਦੇ 79 ਕਿਸਾਨਾਂ ਦੇ ਵਾਰਸਾਂ ਨੂੰ 2 ਕਰੋੜ 87 ਲੱਖ ਤੋਂ ਵੱਧ ਦੇ ਚੈੱਕ ਸੌਂਪਣ ਮੌਕੇ ਕਹੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹਲਕਾ ਬੁਢਲਾਡਾ ਤੇ ਸਰਦੂਲਗੜ੍ਹ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸ ਤੋਂ ਇਲਾਵਾ ਕਰੋਨਾ ਮਹਾਮਾਰੀ ਦੌਰਾਨ ਜਾਨ ਗੁਆਉਣ ਵਾਲੇ ਛੇ ਵਿਅਕਤੀਆਂ ਦੇ ਵਾਰਸਾਂ ਨੂੰ ਵੀ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਸੌਂਪੇ ਗਏ।
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਸੂਬਾ ਸਰਕਾਰ ਵੱਲੋਂ ਮਿਲਣ ਵਾਲੀ ਹਰੇਕ ਸਹੂਲਤ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਉਨ੍ਹਾਂ ਤੱਕ ਪੁੱਜਦੀ ਕਰਵਾਉਣ ਲਈ ਕਾਰਜਸ਼ੀਲ ਹੈ। ਉਨ੍ਹਾਂ ਜ਼ਿਲ੍ਹਾ ਮਾਨਸਾ ਦੇ ਹਰ ਪਰਿਵਾਰ ਨੂੰ ਰਾਜ ਸਰਕਾਰ ਵੱਲੋਂ ਮਿਲਣ ਵਾਲੀਆਂ ਭਲਾਈ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।