fazilka news: ਢੰਡੀ ਖੁ਼ਰਦ ਦੀ ਪੰਚਾਇਤ ਨਸ਼ਿਆਂ ਖ਼ਿਲਾਫ਼ ਨਿੱਤਰੀ
ਨਸ਼ੇ ਰੋਕਣ ਲਈ ਪਿੰਡ ਵਾਸੀਆਂ ਦੀ ਹਾਜ਼ਰੀ ’ਚ ਮਤਾ ਪਾਸ; ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਲੜਾਈ ਦਾ ਐਲਾਨ
ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਖ਼ਿਲਾਫ਼ ਸਰਹੱਦੀ ਖੇਤਰ ਦੇ ਪਿੰਡਾਂ ਦੇ ਲੋਕ ਵੀ ਖੁਦ ਮੈਦਾਨ ਵਿੱਚ ਉਤਰਦੇ ਨਜ਼ਰ ਆ ਰਹੇ ਹਨ। ਇਸੇ ਤਹਿਤ ਜ਼ਿਲ੍ਹੇ ਦੇ ਪਿੰਡ ਢੰਡੀ ਖੁਰਦ ਵਿੱਚ ਗ੍ਰਾਮ ਪੰਚਾਇਤ, ਪਿੰਡ ਦੇ ਨੌਜਵਾਨਾਂ ਅਤੇ ਸਮੂਹ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਨਸ਼ਿਆਂ ਨੂੰ ਰੋਕਣ ਲਈ ਅਹਿਮ ਮਤਾ ਪਾਸ ਕੀਤਾ ਹੈ।
ਪਿੰਡ ਵਾਸੀਆਂ ਨੇ ਐਲਾਨ ਕੀਤਾ ਕਿ ਨਸ਼ੇ ਦੀ ਵਿਕਰੀ ਅਤੇ ਵਰਤੋਂ ਨੂੰ ਰੋਕਣ ਲਈ ਇੱਕ ਕਮੇਟੀ ਬਣਾਈ ਗਈ ਹੈ। ਪਿੰਡ ਵਾਸੀਆਂ ਨੇ ਐਲਾਨ ਕੀਤਾ ਕਿ ਜੇਕਰ ਕੋਈ ਸ਼ੱਕੀ ਵਿਅਕਤੀ ਨਸ਼ਾ ਲੈ ਕੇ ਪਿੰਡ ਵਿੱਚ ਆਉਂਦਾ ਹੈ ਤਾਂ ਉਸ ਬਾਰੇ ਪੁਲਿਸ ਨੂੰ ਸੂਚਿਤ ਕਰ ਕੇ ਕਾਨੂੰਨੀ ਕਾਰਵਾਈ ਕਰਵਾਈ ਜਾਵੇਗੀ।
ਪਿੰਡ ਦੇ ਸਰਪੰਚ ਜਸਪਾਲ ਸਿੰਘ, ਨੌਜਵਾਨ ਮਨਜੀਤ ਸਿੰਘ ਸਮੇਤ ਪਿੰਡ ਦੇ ਸਮੂਹ ਨੌਜਵਾਨਾਂ ਨੇ ਦੱਸਿਆ ਕਿ ਨਸ਼ਾ ਵੇਚਣ ਵਾਲੇ ਲੋਕਾਂ ਨੂੰ ਵੀ ਘਰ-ਘਰ ਜਾ ਕੇ ਨਸ਼ਾ ਬੰਦ ਕਰਨ ਦੀ ਅਪੀਲ ਕੀਤੀ ਗਈ ਹੈ।
ਇਸ ਮੌਕੇ ਪਿੰਡ ਵਾਸੀਆਂ ਨੇ ਐੱਸ ਐੱਸ ਪੀ ਫਾਜ਼ਿਲਕਾ ਅਤੇ ਸਥਾਨਕ ਪੁਲੀਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪਿੰਡ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਚਾਇਤ ਅਤੇ ਪਿੰਡ ਵਾਸੀਆਂ ਦਾ ਪੂਰਾ ਸਹਿਯੋਗ ਕੀਤਾ ਜਾਵੇ। ਪਿੰਡ ਵਾਸੀਆਂ ਦੋਸ਼ ਲਾਇਆ ਕਿ ਉਨ੍ਹਾਂ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕਰਵਾਉਣ ਲਈ ਕਈ ਵਾਰ ਪੁਲੀਸ ਕੋਲ ਪਹੁੰਚ ਕੀਤੀ ਗਈ, ਪ੍ਰੰਤੂ ਨਸ਼ਾ ਤਸਕਰ ਸ਼ਰ੍ਹੇਆਮ ਬੇਖੌਫ਼ ਘੁੰਮਦੇ ਹਨ। ਇਥੋਂ ਤੱਕ ਕਿ ਮਤਾ ਪਾਸ ਕਰਨ ਦਾ ਫੈਸਲਾ ਲੈਣ ਤੋਂ ਬਾਅਦ ਨਸ਼ਾ ਤਸਕਰਾਂ ਵੱਲੋਂ ਉਨ੍ਹਾਂ ਨੂੰ ਸਬਕ ਸਿਖਾਉਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।

