ਫਾਜ਼ਿਲਕਾ ਦੇ ਵਿਦਿਆਰਥੀਆਂ ਵੱਲੋਂ ਡੀ ਸੀ ਦਫ਼ਤਰ ਵੱਲ ਮਾਰਚ
ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸੂਬਾ ਪੱਧਰੀ ਸੱਦੇ ਤਹਿਤ ਫਾਜ਼ਿਲਕਾ ਸ਼ਹਿਰ ਵਿੱਚ ਮਾਰਚ ਕਰਕੇ ਪੰਜਾਬ ਸਰਕਾਰ ਦੇ ਨਾਮ ਸਹਾਇਕ ਕਮਿਸ਼ਨਰ ਨੂੰ ਮੰਗ ਪੱਤਰ ਸੌਪਿਆ ਗਿਆ। ਇਸ ਮੌਕੇ ਆਗੂਆਂ ਵੱਲੋਂ ਨਵੀਂ ਸਿੱਖਿਆ ਨੀਤੀ 2020 ਤਹਿਤ ਸਬਜੈਕਟਾਂ ਵਿੱਚ ਹੋਏ ਵਾਧੇ ਨੂੰ ਵਾਪਸ ਕਰਵਾਉਣ, ਪੰਜਾਬ/ ਪੰਜਾਬੀ ਯੂਨੀਵਰਸਿਟੀ ਵੱਲੋਂ ਫ਼ੀਸਾਂ ਵਿੱਚ ਕੀਤੇ ਵਾਧੇ ਵਾਪਸ ਕਰਵਾਉਣ, ਸਮੈਸਟਰ ਸਿਸਟਮ ਰੱਦ ਕਰਕੇ ਐਨੂਅਲ ਸਿਸਟਮ ਲਾਗੂ ਕਰਵਾਉਣ ਅਤੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਵਿਦਿਆਰਥੀਆਂ ਦੀਆਂ ਇੱਕ ਸਾਲ ਦੀਆਂ ਫੀਸਾਂ ਮੁਆਫ਼ ਕਰਵਾਉਣ, ਸਰਕਾਰੀ ਆਈ ਟੀ ਆਈ ਦੀ ਬਿਲਡਿੰਗ ਦਾ ਪ੍ਰਬੰਧ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਧੀਰਜ ਫਾਜ਼ਿਲਕਾ, ਫਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਕਮਲਜੀਤ ਮੁਹਾਰਖੀਵਾ, ਜ਼ਿਲ੍ਹਾ ਸਕੱਤਰ ਮਮਤਾ ਲਾਧੂਕਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨਵੀਂ ਸਿੱਖਿਆ ਨੀਤੀ 2020 ਨੂੰ ਤੇਜ਼ੀ ਨਾਲ ਪੰਜਾਬ ਦੀਆਂ ਵਿੱਦਿਅਕ ਸੰਸਥਾਵਾਂ ਅੰਦਰ ਲਾਗੂ ਕਰਨ ਲੱਗੀ ਹੋਈ ਹੈ। ਜ਼ਿਲ੍ਹਾ ਆਗੂ ਦਿਲਕਰਨ ਰਤਨਪੁਰਾ, ਆਦਿਤਿਆ ਫਾਜ਼ਿਲਕਾ ਅਤੇ ਨੌਜਵਾਨ ਭਾਰਤ ਸਭਾ ਦੇ ਆਗੂ ਰਾਜਨ ਮੁਹਾਰਸੋਨਾ ਤੇ ਕੁਲਵੰਤ ਮੁਹਾਰਸੋਨਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੀ ਨਾਕਾਮੀ ਕਰਕੇ ਹੜ੍ਹਾਂ ਦੀ ਮਾਰ ਝੱਲ ਰਹੇ ਪਿੰਡਾਂ ਦੇ ਵਿਦਿਆਰਥੀ ਆਪਣੀਆਂ ਫ਼ੀਸਾਂ ਭਰਨ ਤੋਂ ਅਸਮਰਥ ਹਨ। ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਇਹਨਾਂ ਵਿਦਿਆਰਥੀ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਤਾਂ ਆਉਣ ਵਾਲੇ ਸਮੇਂ ਵਿੱਚ ਇਹਨਾਂ ਮੰਗਾਂ ਉਪਰ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।