ਸੰਜੀਵ ਹਾਂਡਾ
ਫ਼ਿਰੋਜ਼ਪੁਰ, 6 ਅਕਤੂਬਰ
ਬਾਬਾ ਬੁੱਢਾ ਸਾਹਿਬ ਦੇ ਦਰਸ਼ਨਾ ਨੂੰ ਸੰਗਤ ਲੈ ਕੇ ਜਾ ਰਹੀ ਟਰੈਕਟਰ-ਟਰਾਲੀ ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ ’ਤੇ ਹਾਦਸਾਗ੍ਰਸਤ ਹੋ ਗਈ। ਤੇਜ਼ ਰਫ਼ਤਾਰ ਟਰੱਕ ਨਾਲ ਟੱਕਰ ਤੋਂ ਬਾਅਦ ਟਰੈਕਟਰ-ਟਰਾਲੀ ਸੜਕ ਕਿਨਾਰੇ ਪਲਟ ਗਈ, ਜਿਸ ਕਾਰਨ 11 ਸਾਲ ਦੇ ਬੱਚੇ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਤਿੰਨ ਦਰਜਨ ਦੇ ਕਰੀਬ ਸ਼ਰਧਾਲੂ ਜ਼ਖ਼ਮੀ ਹੋ ਗਏ। ਇਹ ਹਾਦਸਾ ਅੱਜ ਤੜਕਸਾਰ ਡੇਢ ਵਜੇ ਦੇ ਕਰੀਬ ਪਿੰਡ ਖਾਈ ਫ਼ੇਮੇ ਕੀ ਦੇ ਨਜ਼ਦੀਕ ਹੋਇਆ। ਟਰੈਕਟਰ-ਟਰਾਲੀ ’ਤੇ ਸਵਾਰ ਸਾਰੇ ਸ਼ਰਧਾਲੂ ਫ਼ਾਜ਼ਿਲਕਾ ਦੇ ਪਿੰਡ ਰੂਪਨਗਰ ਅਤੇ ਪੰਜਾਵਾਂ ਦੇ ਰਹਿਣ ਵਾਲੇ ਹਨ। ਮ੍ਰਿਤਕ ਬੱਚੇ ਦੀ ਪਛਾਣ ਕਰਨ ਸਿੰਘ ਵਜੋਂ ਕੀਤੀ ਗਈ ਹੈ। ਹਾਦਸੇ ਤੋਂ ਬਾਅਦ ਸਾਰੇ ਜ਼ਖ਼ਮੀਆਂ ਨੂੰ ਅੱਧੀ ਦਰਜਨ ਐਬੂਲੈਂਸਾਂ ਰਾਹੀਂ ਫ਼ਿਰੋਜ਼ਪੁਰ ਦੇ ਵੱਖ-ਵੱਖ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ, ਜਿਥੇ ਮੁੱਢਲੀ ਸਹਾਇਤਾ ਦੇਣ ਉਪਰੰਤ ਗੰਭੀਰ ਜ਼ਖ਼ਮੀਆਂ ਨੂੰ ਇਥੋਂ ਅੱਗੇ ਰੈਫ਼ਰ ਕਰ ਦਿੱਤਾ ਗਿਆ। ਹਾਦਸਾ ਏਨਾ ਜ਼ਬਰਦਸਤ ਸੀ ਕਿ ਟੱਕਰ ਤੋਂ ਬਾਅਦ ਟਰੈਕਟਰ ਦੇ ਦੋ ਟੁਕੜੇ ਹੋ ਗਏ।