ਪਹਾੜਾਂ ’ਚ ਭਾਰੀ ਮੀਂਹ ਮਗਰੋਂ ਫ਼ਿਰੋਜ਼ਪੁਰ ਜ਼ਿਲ੍ਹਾ ਪ੍ਰਸ਼ਾਸਨ ਚੌਕਸ
ਹਿਮਾਚਲ ਪ੍ਰੇਦਸ਼ ਵਿੱਚ ਭਾਰੀ ਮੀਂਹ ਕਾਰਨ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਦਰਿਆ ਨੇੜਲੇ ਪਿੰਡਾਂ ਵਿੱਚ ਹੜ੍ਹਾਂ ਵਰਗੇ ਹਾਲਾਤ ਨਾਲ ਨਜਿੱਠਣ ਲਈ ਪ੍ਰਸ਼ਾਸਨ ਨੇ ਤਿਆਰੀ ਖਿੱਚ ਲਈ ਹੈ। ਇਸ ਸਬੰਧੀ ਅੱਜ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਪਿੰਡ ਰੁਕਣੇ ਵਾਲਾ ਅਤੇ ਗੱਟਾ ਬਾਦਸ਼ਾਹ ਦਾ ਦੌਰਾ ਕੀਤਾ ਅਤੇ ਦਰਿਆ ਵਿੱਚ ਪਾਣੀ ਦੇ ਪੱਧਰ ਤੇ ਬੰਨ੍ਹਾਂ ਦੀ ਮਜ਼ਬੂਤੀ ਦਾ ਜਾਇਜ਼ਾ ਲਿਆ।
ਇਸ ਮੌਕੇ ਐੱਸਡੀਐੱਮ ਜ਼ੀਰਾ ਗੁਰਮੀਤ ਸਿੰਘ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਅਤੇ ਲੋਕਾਂ ਦੇ ਜਾਨ ਮਾਲ ਦੀ ਰਾਖੀ ਲਈ ਸਾਰੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਾਲ 2023 ਦੌਰਾਨ ਆਏ ਹੜ੍ਹਾਂ ਮੌਕੇ ਇਨ੍ਹਾਂ ਪਿੰਡਾਂ ਵਿੱਚ ਹਾਲਾਤ ਕਾਫੀ ਨਾਜ਼ੁਕ ਬਣ ਗਏ ਸਨ, ਇਸ ਲਈ ਹੁਣ ਪਹਿਲਾਂ ਤੋਂ ਹੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹਿਮਾਚਲ ਵਿੱਚ ਭਾਰੀ ਵਰਖਾ ਹੋਣ ਕਾਰਨ ਬਿਆਸ ਅਤੇ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਿਆ ਹੈ, ਪ੍ਰੰਤੂ ਹੁਣ ਤੱਕ ਸਥਿਤੀ ਨਾਰਮਲ ਹੈ। ਉਨ੍ਹਾਂ ਕਿਹਾ ਜੇਕਰ ਆਉਣ ਵਾਲੇ ਸਮੇਂ ਵਿੱਚ ਪਾਣੀ ਦਾ ਪੱਧਰ ਹੋਰ ਵਧਣ ਨਾਲ ਹੜ੍ਹਾਂ ਵਰਗੇ ਹਾਲਾਤ ਬਣਦੇ ਹਨ ਤਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਜਿਹੀ ਸਥਿਤੀ ਨਾਲ ਨਿਪਟਣ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ।
ਉਨ੍ਹਾਂ ਪਿੰਡ ਰੁਕਣੇ ਵਾਲਾ ਵਿੱਚ ਲੋਕਾਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਉਨ੍ਹਾਂ ਅਧਿਕਾਰੀਆਂ ਨੂੰ ਪਿੰਡ ਵਾਲੇ ਪਾਸੇ ਬੰਨ੍ਹ ਨੂੰ ਗੱਟੇ ਆਦਿ ਲਗਾ ਕੇ ਅਤੇ ਮਸ਼ੀਨਾਂ ਦੀ ਮਦਦ ਨਾਲ ਹੋਰ ਮਜ਼ਬੂਤ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਲੋਕਾਂ ਨੂੰ ਵੀ ਬੰਨ੍ਹਾਂ ਦੀ ਮਜ਼ਬੂਤੀ ਵਿੱਚ ਪ੍ਰਸ਼ਾਸਨ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਬਾਰੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਗਾਊਂ ਮੀਟਿੰਗ ਕਰਕੇ ਕਿਸ਼ਤੀਆਂ, ਲਾਈਫ਼ ਜੈਕੇਟਾਂ, ਫਲੱਡ ਲਾਈਟਾਂ, ਸਰਚ ਲਾਈਟਾਂ ਆਦਿ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਸਨ।