ਕੁਲਦੀਪ ਸੂਦ
ਹੰਢਿਆਇਆ, 22 ਮਈ
ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਪਾਰਟੀ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਅੱਜ ਜਵੰਦਾ ਪਿੰਡੀ, ਮਾਨਾ ਪਿੰਡੀ ਸਮੇਤ ਵੱਖ-ਵੱਖ ਥਾਵਾਂ ’ਤੇ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਸ੍ਰੀ ਮਾਨ ਦਾ ਇਲਾਕਾ ਨਿਵਾਸੀਆਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਵੱਖ-ਵੱਖ ਥਾਵਾਂ ’ਤੇ ਲੋਕਾਂ ਦੇ ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਅ) ਲੋਕਾਂ ਨੂੰ ਬਣਦੇ ਹੱਕ ਦਿਵਾਉਣ ਲਈ ਲੜਾਈ ਲੜ ਰਹੀ ਹੈ, ਜਿਸ ਵਿੱਚ ਫ਼ਤਹਿ ਹਾਸਲ ਕਰਨ ਲਈ ਸਾਨੂੰ ਤੁਹਾਡੇ ਸਾਰਿਆਂ ਦੇ ਸਾਥ ਦੀ ਲੋੜ ਹੈ। ਮਾਨ ਨੇ ਕਿਹਾ ਕਿ ਵਾਅਦੇ ਕਰਕੇ ਮੁਕਰਨ ਵਾਲੀਆਂ ਇਨ੍ਹਾਂ ਪਾਰਟੀਆਂ ਨੂੰ ਸਬਕ ਸਿਖਾਉਣ ਦਾ ਸਮਾਂ ਹੈ। ਸੂਬੇ ਦੇ ਲੋਕਾਂ ਦੀ ਖੁਸ਼ਹਾਲੀ ਅਤੇ ਸਰਕਾਰਾਂ ਤੋਂ ਬਣਦੇ ਹੱਕ ਲੈਣ ਲਈ ਸ਼੍ਰੋਮਣੀ ਅਕਾਲੀ ਦਲ (ਅ) ਦਾ ਸਾਥ ਦਿਓ। ਸ੍ਰੀ ਮਾਨ ਨੇ ਕਿਹਾ ਕਿ ਅਸੀਂ ਹੋਰਨਾਂ ਪਾਰਟੀਆਂ ਵਾਂਗ ਤੁਹਾਡੇ ਨਾਲ ਝੂਠੇ ਵਾਅਦੇ ਨਹੀਂ ਕਰਨੇ, ਸਗੋਂ ਭਰੋਸਾ ਦਿਵਾਉਂਦੇ ਹਾਂ ਕਿ ਉਨ੍ਹਾਂ ਦੀ ਪਾਰਟੀ ਤੁਹਾਡੇ ਹਰ ਦੁੱਖ-ਤਕਲੀਫ ਨੂੰ ਦੂਰ ਕਰਨ ਲਈ ਵਚਨਬੱਧ ਹੋਵੇਗੀ। ਇਸ ਦੌਰਾਨ ਸ੍ਰੀ ਮਾਨ ਨੇ ਆਪਣੇ ਪਿਛਲੇ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਕਰਵਾਏ ਵੱਖ-ਵੱਖ ਵਿਕਾਸ ਕਾਰਜਾਂ ਬਾਰੇ ਚਾਨਣਾ ਵੀ ਪਾਇਆ। ਇਸ ਮੌਕੇ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ, ਵਰਕਰ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।