ਨਿੱਜੀ ਪੱਤਰ ਪ੍ਰੇਰਕ/ ਪੱਤਰ ਪ੍ਰੇਰਕ
ਮਲੋਟ, 24 ਮਾਰਚ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦੀ ਅੰਤਿਮ ਅਰਦਾਸ ਮੌਕੇ ਅੱਜ ਸਿਆਸੀ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਮੌਕੇ ਹਜ਼ੂਰੀ ਰਾਗੀ ਜਥਾ ਦਰਬਾਰ ਸਾਹਿਬ ਅਮ੍ਰਿਤਸਰ ਨੇ ਕੀਰਤਨ ਕੀਤਾ।
ਇਸ ਮੌਕੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ, ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ, ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ, ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ, ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਕਿਹਾ ਕਿ ਦਿਆਲ ਸਿੰਘ ਕੋਲਿਆਂਵਾਲੀ ਦਾ ਵਿਛੋੜਾ ਨਾ ਸਿਰਫ਼ ਇਸ ਇਲਾਕੇ ਲਈ ਸਗੋਂ ਸ਼੍ਰੋਮਣੀ ਅਕਾਲੀ ਦਲ ਲਈ ਵੀ ਵੱਡਾ ਘਾਟਾ ਹੈ।
ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦੇ ਪੁੱਤਰ ਪਰਮਿੰਦਰ ਸਿੰਘ ਸੰਧੂ ਨੂੰ ਦਸਤਾਰ ਭੇਟ ਕੀਤੀ।