ਹੜ੍ਹ ਪੀੜਤ ਵਿਦਿਆਰਥੀਆਂ ਨੂੰ ਵਿੱਤੀ ਸਹਾਇਤਾ
ਅਧਿਆਪਕ ਜਥੇਬੰਦੀ ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਹੜ੍ਹਾਂ ਦੀ ਮਾਰ ਹੇਠ ਆਏ ਜ਼ਿਲ੍ਹਿਆਂ ਫਾਜ਼ਿਲਕਾ, ਫਿਰੋਜ਼ਪੁਰ, ਕਪੂਰਥਲਾ, ਗੁਰਦਾਸਪੁਰ, ਪਠਾਨਕੋਟ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਆਪਣੀ ਵਿੱਤੀ ਸਮਰੱਥਾ ਅਨੁਸਾਰ ਸੂਬੇ ਭਰ ਦੇ ਅਧਿਆਪਕਾਂ ਦੇ ਸਹਿਯੋਗ ਨਾਲ ਲਗਾਤਾਰ ਮਦਦ ਕੀਤੀ ਜਾਂ ਰਹੀ ਹੈ। ਇਸੇ ਕੜੀ ਤਹਿਤ ਜ਼ਿਲ੍ਹਾ ਕਮੇਟੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਝੰਗੜ ਭੈਣੀ ਵਿਚ, ਭੈਣੀ ਗੁਲਾਬ ਸਿੰਘ, ਰੇਤੇ ਵਾਲੀ ਭੈਣੀ ਅਤੇ ਤੇਜਾ ਰੋਹੇਲਾ ਦੇ ਵਿੱਦਿਅਕ ਅਦਾਰਿਆਂ ਵਿੱਚ ਇੰਜਨੀਅਰਿੰਗ, ਨਰਸਿੰਗ, ਖੇਤੀਬਾੜੀ, ਨਰਸਿੰਗ ਤੇ ਆਈਟੀਆਈ ਦੀ ਉਚੇਰੀ ਸਿੱਖਿਆ ਪ੍ਰਾਪਤ ਕਰ ਰਹੇ 13 ਲੋੜਵੰਦ ਵਿਦਿਆਰਥੀਆਂ ਦੀ ਪ੍ਰਤੀ ਵਿਦਿਆਰਥੀ ਸੱਤ ਹਜ਼ਾਰ ਰੁਪਏ (ਕੁੱਲ 91000 ਰੁਪਏ) ਦੀ ਵਿੱਤੀ ਸਹਾਇਤਾ ਰਾਸ਼ੀ ਦੇ ਚੈੱਕ ਪਹਿਲੀ ਕਿਸ਼ਤ ਵਜੋਂ ਦਿੱਤੇ ਗਏ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਹਰੀਕੇ ਅਤੇ ਜ਼ਿਲ੍ਹਾ ਸਕੱਤਰ ਜੀਵਨ ਸਿੰਘ ਬਧਾਈ ਨੇ ਦੱਸਿਆ ਕਿ ਡੀ ਟੀ ਐੱਫ ਦੀ ਸੂਬਾ ਕਮੇਟੀ ਵੱਲੋਂ ਲੱਗਭਗ ਤੀਹ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਵੰਡੀ ਜਾਣੀ ਹੈੈ। ਜਥੇਬੰਦੀ ਦੇ ਸਾਬਕਾ ਜ਼ਿਲ੍ਹਾ ਸਕੱਤਰ ਅਤੇ ਸੂਬਾਈ ਤਰਕਸ਼ੀਲ ਆਗੂ ਰਾਮ ਸਵਰਨ ਲੱਖੇਵਾਲੀ ਨੇ ਕਿਹਾ ਕਿ ਹੜ੍ਹ ਪੀੜਤ ਪਰਿਵਾਰਾਂ ਦੀ ਲੋਕ ਪੱਖੀ ਜੱਥੇਬੰਦੀਆਂ ਅਤੇ ਸਮਾਜ ਸੇਵੀਆਂ ਵੱਲੋਂ ਸਮੇਂ ਸਿਰ ਕੀਤੀ ਭਰਵੀਂ ਮੱਦਦ ਸਲਾਹੁਣਯੋਗ ਹੈ।
