ਵਿੱਤ ਕਮਿਸ਼ਨਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ
ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਅਨੁਰਾਗ ਵਰਮਾ ਨੇ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਸਤਲੁਜ ਦਰਿਆ ਦੇ ਪਾਣੀ ਨਾਲ ਹੜ੍ਹਾਂ ਦੀ ਲਪੇਟ ਵਿੱਚ ਆਏ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਹੜ੍ਹਾਂ ਦੇ ਨਾਲ ਪ੍ਰਭਾਵਿਤ ਹੋਏ ਪਿੰਡ ਵਾਸੀਆਂ ਦੀ ਮੰਗ ਹੈ ਕੇ ਉਨ੍ਹਾਂ ਦੀਆਂ ਜ਼ਮੀਨਾਂ ਦੀ ਪੱਕੀ ਮਾਲਕੀ ਕਰਕੇ ਗਿਰਦਾਵਰੀ ਰਾਹੀਂ ਫਸਲਾਂ ਦੇ ਖਰਾਬੇ ਦਾ ਮੁਆਵਜ਼ਾ ਦਿੱਤਾ ਜਾਵੇ। ਇਸ ਸਬੰਧੀ ਜ਼ਿਲ੍ਹੇ ਦੇ ਸਬੰਧਿਤ ਅਧਿਕਾਰੀਆਂ ਨੂੰ ਫਸਲਾਂ ਦੇ ਨੁਕਸਾਨ ਸਬੰਧੀ ਡਾਟਾ ਇਕੱਠਾ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵਿਚਾਰ ਵਟਾਂਦਰਾ ਕਰਕੇ ਪੀੜਤਾਂ ਨੂੰ ਉਚਿਤ ਮੁਆਵਜ਼ਾ ਦਿੱਤਾ ਜਾਵੇਗਾ। ਜ਼ਿਲ੍ਹਾ ਫਿਰੋਜ਼ਪੁਰ ਵਿੱਚ 107 ਦੇ ਕਰੀਬ ਪਿੰਡ ਪ੍ਰਭਾਵਿਤ ਹੋਏ ਹਨ ਅਤੇ 45000 ਦੇ ਕਰੀਬ ਲੋਕ ਵੀ ਹੜ੍ਹ ਦੀ ਮਾਰ ਹੇਠਾਂ ਆਏ ਹਨ। ਪ੍ਰਭਾਵਿਤ ਹੋਏ ਕੁਝ ਪਿੰਡ ਵਾਸੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਬਣਾਏ ਗਏ ਅੱਠ ਰਾਹਤ ਕੇਂਦਰਾਂ ਵਿੱਚ ਸੁਰੱਖਿਅਤ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਿੰਡ ਗੱਟੀ ਰਾਜੋ ਕੇ ਵਿਖੇ ਪਿੰਡ ਵਾਸੀਆਂ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਪਿੰਡ ਵਿੱਚ ਹੜ੍ਹ ਦੇ ਪਾਣੀ ਦੀ ਨਿਕਾਸੀ ਤੇਜ਼ੀ ਨਾਲ ਨਹੀਂ ਹੋ ਰਹੀ ਇਸ ਲਈ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਜੇਸੀਬੀ ਦੀ ਸਹਾਇਤਾ ਦੇ ਨਾਲ ਜਲਦ ਤੋਂ ਜਲਦ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਕੀਤੇ ਜਾਣ। ਇਸ ਤੋਂ ਇਲਾਵਾ ਸੜਕ ’ਤੇ ਪਾਣੀ ਆ ਜਾਣ ਕਾਰਨ ਇਸ ਜਗ੍ਹਾ ਤੋਂ ਬਾਕੀ ਦੇ ਪਿੰਡ ਵੀ ਸੰਪਰਕ ਤੋਂ ਬਾਹਰ ਹੋ ਗਏ ਹਨ, ਉਨ੍ਹਾਂ ਨਾਲ ਸੰਪਰਕ ਬਣਾਉਣ ਤੋਂ ਬਾਅਦ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇਗੀ। ਜ਼ਿਲਾ ਪ੍ਰਸ਼ਾਸਨ ਦਿਨ ਰਾਤ ਰਾਹਤ ਕਾਰਜਾਂ ਵਿੱਚ ਲੱਗਿਆ ਹੋਇਆ ਹੈ ਅਤੇ ਤਰਪਾਲਾ ਸਮੇਤ ਹੋਰ ਜ਼ਰੂਰੀ ਸਮਾਨ ਆਰਮੀ, ਐਨਡੀਆਰਐਫ, ਪੰਜਾਬ ਪੁਲੀਸ ਅਤੇ ਬੀਐਸਐਫ ਦੇ ਸਹਿਯੋਗ ਦੇ ਨਾਲ ਵੀ ਪਹੁੰਚਾਇਆ ਜਾ ਰਿਹਾ ਹੈ। ਹੁਣ ਤੱਕ 3300 ਤੋਂ ਵੱਧ ਲੋਕਾਂ ਨੂੰ ਰੈਸਕਿਊ ਕੀਤਾ ਗਿਆ ਹੈ। ਇਸ ਮੌਕੇ ਤੇ ਉਹਨਾਂ ਦੇ ਨਾਲ ਡਿਵੀਜ਼ਨਲ ਕਮਿਸ਼ਨਰ ਫਿਰੋਜ਼ਪੁਰ ਅਰੁਣ ਸੇਖੜੀ, ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਐਸਐਸਪੀ ਭੁਪਿੰਦਰ ਸਿੰਘ ਸਿੱਧੂ, ਏਡੀਸੀ ਦਮਨਜੀਤ ਸਿੰਘ ਮਾਨ ਤੋਂ ਇਲਾਵਾ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।
ਰਾਹਤ ਸਮੱਗਰੀ ਅਤੇ ਪਸ਼ੂਆਂ ਦਾ ਚਾਰਾ ਉਡੀਕ ਰਹੇ ਹਨ ਲੋਕ
ਇਥੋਂ ਨੇੜਲੇ ਪਿੰਡ ਫੱਤੇ ਵਾਲਾ, ਬੰਡਾਲਾ, ਨਿਹਾਲਾ ਲਵੇਰਾ, ਕੁਤਬਦੀਨ ਵਾਲੀ, ਮੁੱਠਿਆਂ ਵਾਲਾ, ਬਾਣਾਂ ਵਾਲੀ, ਬਸਤੀ ਦੂਲਾ ਸਿੰਘ ਅਤੇ ਹਾਮਦ ਚੱਕ ਸਮੇਤ ਕਈ ਪਿੰਡਾਂ ਦੇ ਲੋਕਾਂ ਦੀ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਤੇ ਹੜ੍ਹਾਂ ਨੇ ਜ਼ਿੰਦਗੀ ਨਰਕ ਬਣਾ ਕੇ ਰੱਖ ਦਿੱਤੀ ਹੈ। ਪਿੰਡ ਬੰਡਾਲਾ ਦੇ ਰਕਬੇ ’ਚ ਆਉਂਦੀ ਬਸਤੀ ਰੋੜਾਂ ਵਾਲੀ ਦੇ ਵਸਨੀਕ ਬੋਹੜ ਸਿੰਘ, ਰਸਾਲ ਸਿੰਘ, ਰੋਸ਼ਨਦੀਪ ਸਿੰਘ, ਸਰਬਜੀਤ ਕੌਰ ਅਤੇ ਹਰਜੀਤ ਕੌਰ ਆਦਿ ਨੇ ਦੱਸਿਆ ਕਿ ਜਿਸ ਦਿਨ ਤੋਂ ਉਨ੍ਹਾਂ ਦੇ ਇਲਾਕੇ ਵਿੱਚ ਹੜ੍ਹ ਦਾ ਪਾਣੀ ਭਰਿਆ ਹੈ, ਉਸ ਦਿਨ ਤੋਂ ਹੁਣ ਤੱਕ ਉਨ੍ਹਾਂ ਨੂੰ ਕੋਈ ਵੀ ਕਿਸੇ ਕਿਸਮ ਦੀ ਮਦਦ ਨਹੀਂ ਮਿਲੀ। ਉਕਤ ਪਰਿਵਾਰਾਂ ਨੇ ਦੱਸਿਆ ਕਿ ਪਾਣੀ ਡੂੰਘਾ ਹੋਣ ਕਾਰਨ ਅਤੇ ਘਰਾਂ ਵਿੱਚ ਚੋਰੀਆਂ ਹੋਣ ਦੇ ਡਰੋਂ ਉਹ ਆਪਣੇ ਘਰ ਨਹੀਂ ਛੱਡ ਰਹੇ। ਆਪਣੇ ਪਰਿਵਾਰਕ ਮੈਂਬਰਾਂ ਦੇ ਨਾਲ ਨਾਲ ਆਪਣੇ ਪਸ਼ੂਆਂ ਦੀ ਵੀ ਸਾਂਭ ਸੰਭਾਲ ਕਰ ਰਹੇ ਹਨ। ਬੋਹੜ ਸਿੰਘ ਅਤੇ ਰਸਾਲ ਸਿੰਘ ਆਦਿ ਨੇ ਕਿਹਾ ਕਿ ਸਰਕਾਰ ਵੱਲੋਂ ਜਾਂ ਸਮਾਜ ਸੇਵੀ ਸੰਸਥਾਵਾਂ ਵੱਲੋਂ ਪਸ਼ੂਆਂ ਲਈ ਹਰਾ ਚਾਰਾ, ਫੀਡ, ਦਾਣਾ, ਚੋਕਰ ਜਾਂ ਅਚਾਰ ਅਤੇ ਇਸ ਤੋਂ ਇਲਾਵਾ ਘਰ ਦਾ ਰਾਸ਼ਨ ਖਾਣ ਪੀਣ ਦੀਆਂ ਹੋਰ ਵਸਤੂਆਂ ਜੋ ਭੇਜੀਆਂ ਜਾਂਦੀਆਂ ਹਨ, ਉਹ ਸਹੀ ਲੋੜਵੰਦਾਂ ਤੱਕ ਨਹੀਂ ਪਹੁੰਚ ਰਹੀਆਂ। ਕੁੱਝ ਲੋਕਾਂ ਦਾ ਕਹਿਣਾ ਹੈ ਕਿ ਪਾਣੀ ਵਿੱਚ ਘਿਰੇ ਪਰਿਵਾਰਾਂ ਤੋਂ ਇਲਾਵਾ ਕੁੱਝ ਹੋਰ ਲੋਕ ਜੋ ਬੰਨ੍ਹਾਂ ’ਤੇ ਆ ਕੇ ਬੈਠ ਜਾਂਦੇ ਹਨ ਅਤੇ ਰਾਹਤ ਸਮੱਗਰੀ ਲੈ ਕੇ ਆਪਣੇ ਘਰਾਂ ਵਿੱਚ ਇਕੱਠੀ ਕਰ ਰਹੇ ਹਨ, ਜਦ ਕਿ ਹੜ੍ਹ ਪੀੜਤ ਇਨ੍ਹਾਂ ਸਹੂਲਤਾਂ ਤੋਂ ਵਾਂਝੇ ਰਹਿ ਰਹੇ ਹਨ। ਲੋਕਾਂ ਨੇ ਮੰਗ ਕੀਤੀ ਕਿ ਕਿਸ਼ਤੀਆਂ ਰਾਹੀਂ ਘਰ ਘਰ ਜਾ ਕੇ ਲੋੜਵੰਦਾਂ ਨੂੰ ਰਾਹਤ ਸਮੱਗਰੀ ਵੰਡੀ ਜਾਵੇ ਤਾਂ ਕਿ ਹੜ੍ਹ ਪੀੜਤਾਂ ਦੀਆਂ ਲੋੜਾਂ ਪੂਰੀਆਂ ਹੋ ਸਕਣ। ਇਥੋਂ ਨੇੜਲੀ ਬਸਤੀ ਦੂਲਾ ਸਿੰਘ ਵਾਲੀ ਵਿੱਚ ਹੜ੍ਹ ਦੇ ਪਾਣੀ ਕਾਰਨ ਇੱਕ ਗਰੀਬ ਪਰਿਵਾਰ ਦੀ ਕੰਧ ਡਿੱਗ ਪਈ ਅਤੇ ਮਕਾਨ ਨੂੰ ਤਰੇੜਾਂ ਆ ਗਈਆਂ, ਜਿਸ ਕਾਰਨ ਮਕਾਨ ਡਿੱਗਣ ਦਾ ਖਤਰਾ ਬਣਿਆ ਹੋਇਆ ਹੈ। ਗਰੀਬ ਪਰਿਵਾਰ ਪੂਰੀ ਤਰ੍ਹਾਂ ਚਿੰਤਾ ਵਿੱਚ ਡੁੱਬਿਆ ਹੋਇਆ ਹੈ।