ਐੱਸ.ਐੱਸ.ਪੀ ਅਮਨੀਤ ਕੌਂਡਲ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਹਰ ਸਾਲ ਦੀ ਤਰ੍ਹਾਂ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਬਠਿੰਡਾ ਪੁਲੀਸ ਵੱਲੋਂ ਸ਼ਹਿਰ ਵਿੱਚ ਫਲੈਗ ਮਾਰਚ ਕੀਤਾ ਗਿਆ।
ਐਸਐਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਇਹ ਫਲੈਗ ਮਾਰਚ ਪੁਲੀਸ ਲਾਇਨ ਤੋਂ ਫੇਜ਼ 3, ਘੋੜੇ ਵਾਲਾ ਚੌਕ ਹੁੰਦਾ ਹੋਇਆ ਅਜੀਤ ਰੋਡ ਵਿੱਚ ਸਮਾਪਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਫਲੈਗ ਮਾਰਚ ’ਚ ਉੱਚ ਅਧਿਕਾਰੀਆਂ ਤੋਂ ਇਲਾਵਾ ਕਰੀਬ 150 ਦੇ ਕਰੀਬ ਫੋਰਸ ਤਾਇਨਾਤ ਸੀ। ਉਨ੍ਹਾਂ ਦੱਸਿਆ ਕਿ ਸ਼ਹਿਰ ਅੰਦਰ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਪੁਲੀਸ ਵਲੋਂ ਸ਼ਹਿਰ ਅੰਦਰ ਲਗਾਤਾਰ ਦਿਨ-ਰਾਤ ਨਾਕਾਬੰਦੀ ਅਤੇ ਚੈਕਿੰਗ ਕੀਤੀ ਜਾ ਰਹੀ ਹੈ।
ਇਸ ਉਪਰੰਤ ਐੱਸਐੱਸਪੀ ਅਮਨੀਤ ਕੌਂਡਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੂਨਮ ਸਿੰਘ ਵੱਲੋਂ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿੱਚ ਸਮਾਗਮ ਸਬੰਧੀ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।
ਏਡੀਸੀ ਵੱਲੋਂ ਆਜ਼ਾਦੀ ਸਮਾਗਮ ਦੀ ਰਿਹਰਸਲ ਦਾ ਨਿਰੀਖਣ
ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੂਨਮ ਸਿੰਘ ਨੇ ਅੱਜ ਸਥਾਨਕ ਸ਼ਹੀਦ ਭਗਤ ਸਿੰਘ ਬਹੁ-ਮੰਤਵੀ ਖੇਡ ਸਟੇਡੀਅਮ ਵਿੱਚ ਸੁਤੰਤਰਤਾ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੇ ਮੱਦੇਨਜ਼ਰ ਰਿਹਰਸਲ ਦਾ ਨਿਰੀਖਣ ਕੀਤਾ।
ਇਸ ਮੌਕੇ ਏਡੀਸੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਪਾਈਆਂ ਗਈਆਂ ਉਣਤਾਈਆਂ ਨੂੰ ਦੂਰ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਸਮਾਗਮ ਨੂੰ ਸਫਲਤਾਪੂਰਵਕ ਢੰਗ ਨਾਲ ਨੇਪਰੇ ਚੜਾਉਣ ਲਈ ਆਪੋ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਰਿਹਰਸਲ ਦੇ ਦਿਨਾਂ ਤੋਂ ਇਲਾਵਾ 15 ਅਗਸਤ ਵਾਲੇ ਦਿਨ ਤੱਕ ਬੱਚਿਆਂ ਨੂੰ ਪੀਣ ਵਾਲੇ ਪਾਣੀ ਤੇ ਰਿਫਰੈਸ਼ਮੈਂਟ ਦਾ ਪ੍ਰਬੰਧ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਗੀਤਾਂ ’ਤੇ ਕੋਰੀਓਗ੍ਰਾਫ਼ੀਆਂ, ਗਿੱਧੇ ਅਤੇ ਭੰਗੜੇ ਦੀ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਐਸਡੀਐੱਮ ਬਲਕਰਨ ਸਿੰਘ ਮਾਹਲ, ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਮਨਿੰਦਰ ਕੌਰ, ਸਕੱਤਰ ਰੈਡ ਕਰਾਸ ਦਰਸ਼ਨ ਕੁਮਾਰ, ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ, ਲੈਕਚਰਾਰ ਮਨਦੀਪ ਕੌਰ, ਹਰਭਗਵਾਨ ਸਿੰਘ ਆਦਿ ਹਾਜ਼ਰ ਸਨ।