ਭੁੱਚੋ ਮੰਡੀ (ਪੱਤਰ ਪ੍ਰੇਰਕ): ਗੁਰੂ ਗੋਬਿੰਦ ਸਿੰਘ ਸਪੋਰਟਸ ਕਲੱਬ ਵੱਲੋਂ ਸਰਕਾਰੀ ਸਕੂਲ ਦੇ ਗਰਾਊਂਡ ਵਿੱਚ ਕਰਵਾਏ ਗਏ 22ਵੇਂ ਫੁੱਟਬਾਲ ਟੂਰਨਾਮੈਂਟ ਵਿੱਚ ਰਾਮਪੁਰਾ ਦੀ ਟੀਮ ਨੇ ਬਾਜ਼ੀ ਮਾਰੀ ਹੈ। ਇਸ ਟੂਰਨਾਮੈਂਟ ਵਿੱਚ ਸਮੁੱਚੇ ਪੰਜਾਬ ਵਿੱਚੋਂ 22 ਟੀਮਾਂ ਨੇ ਭਾਗ ਲਿਆ। ਫਾਈਨਲ ਮੈਚ ਦਾ ਮੁਕਾਬਲਾ ਬਠਿੰਡਾ ਅਤੇ ਰਾਮਪੁਰਾ ਦੀਆਂ ਟੀਮਾਂ ਵਿਚਕਾਰ ਹੋਇਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਭਾਜਪਾ ਜ਼ਿਲ੍ਹਾ ਪ੍ਰਧਾਨ ਵਿਨੋਦ ਬਿੰਟਾ ਨੇ ਰਾਮਪੁਰਾ ਦੀ ਜੇਤੂ ਟੀਮ ਨੂੰ 25 ਹਜ਼ਾਰ ਰੁਪਏ ਨਕਦ ਤੇ ਟਰਾਫੀ ਦਿੱਤੀ ਅਤੇ ਦੂਜੇ ਸਥਾਨ ’ਤੇ ਰਹੀ ਬਠਿੰਡਾ ਦੀ ਟੀਮ ਨੂੰ 15 ਹਜ਼ਾਰ ਰੁਪਏ ਨਕਦ ਅਤੇ ਟਰਾਫੀ ਦੇ ਕੇ ਸਨਮਾਨਿਆ।