ਹੜ੍ਹ ਪੀੜਤ ਮਜ਼ਦੂਰਾਂ ਨੂੰ ਵੀ ਮੁਆਵਜ਼ਾ ਮਿਲੇ: ਸੰਦੀਪ ਜਾਖੜ
ਵਿਧਾਇਕ ਸੰਦੀਪ ਜਾਖੜ ਨੇ ਕਿਹਾ ਕਿ ਅਬੋਹਰ ਅਤੇ ਬੱਲੂਆਣਾ ਵਿਧਾਨ ਸਭਾ ਹਲਕਿਆਂ ਵਿੱਚ ਕੁਦਰਤੀ ਆਫ਼ਤਾਂ ਤੋਂ ਪ੍ਰਭਾਵਿਤ ਕਿਸਾਨਾਂ, ਮਜ਼ਦੂਰਾਂ ਅਤੇ ਬਾਗਬਾਨੀ ਖੇਤਰ ਨੂੰ ਹੋਏ ਨੁਕਸਾਨ ਦੀ ਭਰਪਾਈ ਲਈ ਵਿਸ਼ੇਸ਼ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਜਾਵੇ। ਵਿਧਾਇਕ ਨੇ ਕਿਹਾ ਕਿ ਇਨ੍ਹਾਂ ਹਲਕਿਆਂ ਵਿੱਚ ਹਾਲ ਹੀ ਵਿੱਚ ਬੇਮੌਸਮੀ ਬਾਰਸ਼ਾਂ ਕਾਰਨ ਖੇਤੀਬਾੜੀ, ਖਾਸ ਕਰ ਕੇ ਕਪਾਹ ਅਤੇ ਬਾਗਬਾਨੀ ਫ਼ਸਲਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਸ੍ਰੀ ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਤੋਂ ਮੰਗੀ ਗਈ 14,000 ਕਰੋੜ ਰੁਪਏ ਦੀ ਅੰਤਰਿਮ ਸਹਾਇਤਾ ਰਾਸ਼ੀ ਵਿੱਚੋਂ, ਬਾਗਬਾਨੀ ਫ਼ਸਲਾਂ, ਕਪਾਹ ਦੀ ਕਟਾਈ ਅਤੇ ਕਿੰਨੂ ਦੀ ਕਟਾਈ (ਮਜ਼ਦੂਰੀ) ਲਈ ਇੱਕ ਵਿਸ਼ੇਸ਼ ਰਕਮ ਸ਼ਾਮਲ ਕੀਤੀ ਜਾਣੀ ਚਾਹੀਦੀ ਹੈ ਅਤੇ ਵਿਸ਼ੇਸ਼ ਮੁਆਵਜ਼ਾ ਰਾਸ਼ੀ ਜਾਰੀ ਕਰਨ ਦਾ ਪ੍ਰਬੰਧ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪ੍ਰਤੀ ਏਕੜ 20,000 ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਇਹ ਮੁਆਵਜ਼ਾ ਪ੍ਰਤੀ ਏਕੜ ਕਿਸਾਨਾਂ ਨੂੰ ਹੋਏ ਨੁਕਸਾਨ ਦੇ ਮੁਕਾਬਲੇ ਬਹੁਤ ਘੱਟ ਹੈ। ਕਿੰਨੂ ਦੀ ਫ਼ਸਲ ਸਾਲ ਵਿੱਚ ਇੱਕ ਵਾਰ ਪੈਦਾ ਹੁੰਦੀ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, ਖਾਸ ਕਰ ਕੇ ਬਾਗਬਾਨੀ ਫ਼ਸਲਾਂ ਲਈ ਘੱਟੋ-ਘੱਟ 50,000 ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ।