ਹੜ੍ਹਾਂ ਲਈ ਮੁਆਵਜ਼ਾ: ਧਰਨਿਆਂ ਲਈ ਲਾਮਬੰਦੀ ਸ਼ੁਰੂ
ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਨੇ ਕਿਹਾ ਕਿ 8 ਅਕਤੂਬਰ ਨੂੰ ਮੋਰਚੇ ਦੇ ਸੱਦੇ ’ਤੇ ਹੜ੍ਹਾਂ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਅਤੇ ਹੋਰ ਕਿਸਾਨੀ ਮੰਗਾਂ ਲਈ ਸੂਬੇ ਦੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ਉੱਤੇ ਧਰਨੇ ਦਿੱਤੇ ਜਾ ਰਹੇ ਹਨ। ਇਨ੍ਹਾਂ ਧਰਨਿਆਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਜਥੇਬੰਦੀਆਂ ਨੂੰ ਅੱਜ ਤੋਂ ਪੂਰਨ ਲਾਮਬੰਦੀ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ’ਤੇ ਹੜ੍ਹਾਂ ਦਾ ਮੁਆਵਜ਼ਾ ਲੈਣ ਲਈ ਅਤੇ ਕਣਕ ਦੇ ਸਬਸਿਡੀ ਵਾਲੇ ਬੀਜ ਸਮੇਤ ਡੀਏਪੀ ਖਾਦ ਵਿੱਚ ਕੀਤੀ ਜਾ ਰਹੀ ਕਿਸਾਨੀ ਦੀ ਲੁੱਟ ਨੂੰ ਰੋਕਣ ਲਈ ਦਬਾਅ ਪਾਉਣ ਦਾ ਹੁਣ ਹੀ ਢੁੱਕਵਾਂ ਸਮਾਂ ਹੈ। ਉਹ ਅੱਜ ਇੱਥੇ ਪੰਜਾਬ ਕਿਸਾਨ ਯੂਨੀਅਨ ਦੀ ਮਾਲਵਾ ਜ਼ੋਨ ਦੇ ਇੱਕ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਕਿਸਾਨ ਆਗੂ ਨੇ ਦੱਸਿਆ ਕਿ ਜ਼ਿਲ੍ਹਾ ਹੈੱਡ-ਕੁਆਰਟਰਾਂ ਉੱਤੇ ਦਿੱਤੇ ਜਾ ਰਹੇ ਇਨ੍ਹਾਂ ਧਰਨਿਆਂ ਵਿੱਚ ਪੰਜਾਬ ਕਿਸਾਨ ਯੂਨੀਅਨ ਵੱਡੀ ਪੱਧਰ ’ਤੇ ਸ਼ਮੂਲੀਅਤ ਕਰੇਗੀ। ਉਨ੍ਹਾਂ ਕਿਹਾ ਕਿ 16 ਅਕਤੂਬਰ ਨੂੰ ਪੰਜਾਬ ਕਿਸਾਨ ਯੂਨੀਅਨ ਵੱਲੋਂ ਪਰਾਲੀ ਪ੍ਰਬੰਧਨ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ 12 ਵਜੇ ਤੋਂ 4 ਵਜੇ ਤੱਕ ਧਰਨੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮਾਰੀਆਂ ਗਈਆਂ ਫ਼ਸਲਾਂ ਦੀ ਗਿਰਦਾਵਰੀ ਦਾ ਕਾਰਜ ਢਿੱਲਾ ਚੱਲ ਰਿਹਾ ਹੈ ਅਤੇ ਬੈਂਕ ਵਾਲਿਆਂ ਵੱਲੋਂ ਕਿਸਾਨਾਂ ਨੂੰ ਸਮੇਂ ਸਿਰ ਕਿਸ਼ਤਾਂ ਭਰਨ ਦੇ ਨੋਟਿਸ ਦਿੱਤੇ ਜਾ ਰਹੇ ਹਨ ਜਦੋਂਕਿ ਪੰਜਾਬ ਸਰਕਾਰ ਵੱਲੋਂ ਅਜਿਹੀਆਂ ਕਿਸ਼ਤਾਂ ਅੱਗੇ ਪਾਉਣ ਦਾ ਐਲਾਨ ਕੀਤਾ ਹੋਇਆ ਹੈ।