ਹੜ੍ਹਾਂ ਦੀ ਮਾਰ: ਸਰਕਾਰਾਂ ਬਦਲੀਆਂ ਪਰ ਨਾ ਬਦਲੇ ਸਰਹੱਦੀ ਲੋਕਾਂ ਦੇ ਹਾਲਾਤ
ਸੂਬੇ ’ਚ ਕਈ ਸਰਕਾਰਾਂ ਆਈਆਂ ਅਤੇ ਕਈ ਗਈਆਂ ਪਰ ਸਤਲੁਜ ਦਰਿਆ ਨੇੜੇ ਵਸਦੇ ਲੋਕਾਂ ਦੇ ਹਾਲਾਤ ਨਹੀਂ ਬਦਲੇ। ਹਰ ਸਾਲ ਹੜ੍ਹਾਂ ਕਾਰਨ ਹੁੰਦੇ ਨੁਸਕਾਨ ਕਰ ਕੇ ਇਹ ਲੋਕ ਆਰਥਿਕ ਪੱਖੋਂ ਝੰਭੇ ਜਾਂਦੇ ਹਨ।
ਇਥੇ ਜ਼ਿਲ੍ਹੇ ਵਿਚੋਂ ਲੰਘਦੇ ਸਤਲੁਜ ਦਰਿਆ ਦੇ ਪਾਣੀ ਦੀ ਵਧਣ ਦੀਆਂ ਸੰਭਾਵਨਾਂ ਕਾਰਨ ਇਹ ਲੋਕ ਫ਼ਿਕਰਮੰਦ ਹਨ। ਫ਼ਿਰੋਜ਼ਪੁਰ ਦੇ ਡਿਵੀਜ਼ਨਲ ਕਮਿਸ਼ਨਰ ਅਰੁਣ ਸੇਖੜੀ ਅਤੇ ਡੀਸੀ ਸਾਗਰ ਸੇਤੀਆ ਦੀਆਂ ਹਦਾਇਤਾਂ ਉੱਤੇ ਤਹਿਸੀਲਦਾਰ ਨਵਜੀਵਨ ਛਾਬੜਾ ਅਤੇ ਨਾਇਬ ਤਹਿਸੀਲਦਾਰ ਅਜੇ ਕੁਮਾਰ ਨੇ ਸਤਲੁਜ ਦਰਿਆ ਦਾ ਜਾਇਜ਼ਾ ਲਿਆ।
ਕਮਿਸ਼ਨਰ ਅਰੁਣ ਸੇਖੜੀ ਅਤੇ ਡੀਸੀ ਸਾਗਰ ਸੇਤੀਆ ਨੇ ਕਿਹਾ ਕਿ ਸੰਭਾਵੀ ਹੜ੍ਹ ਵਰਗੀ ਸਥਿਤੀ ਦਾ ਮੁਕਾਬਲਾ ਕਰਨ ਲਈ ਪ੍ਰਸ਼ਾਸਨ ਵੱਲੋਂ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਸੰਭਾਵੀ ਹੜ੍ਹ ਵਰਗੀ ਸਥਿਤੀ ਦਾ ਮੁਕਾਬਲਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਪੂਰੀ ਤਰ੍ਹਾਂ ਤਿਆਰ ਹੈ। ਲੋਕਾਂ ਦੀ ਸੁਰੱਖਿਆ ਲਈ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਡਰੇਨੇਜ ਅਧਿਕਾਰੀ ਰਾਹੀਂ ਪ੍ਰਸ਼ਾਸਨ ਸਤਲੁਜ ਦਰਿਆ ਅੰਦਰਲੇ ਪਾਣੀ ਵਧਣ ਬਾਰੇ ਪਲ-ਪਲ ਦੀ ਜਾਣਕਾਰੀ ਹਾਸਲ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਆਬਾਦੀ ਨੂੰ ਅਜੇ ਤੱਕ ਕੋਈ ਖਤਰਾ ਨਹੀਂ ਹੈ। ਅਧਿਕਾਰੀਆਂ ਨੂੰ ਹੜ੍ਹਾਂ ਦੀ ਸਥਿਤੀ ਵਿੱਚ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਲਈ ਹੜ੍ਹਾਂ ਦੀ ਸੰਭਾਵਨਾ ਵਾਲੇ ਸੰਵੇਦਨਸ਼ੀਲ ਖੇਤਰਾਂ ਨੂੰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਵਿਆਪਕ ਪ੍ਰਬੰਧਾਂ ਲਈ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਡਰੇਨੇਜ ਵਿਭਾਗ ਨੂੰ ਨਾਲਿਆਂ ਸਮੇਤ ਸਾਰੀਆਂ ਡਰੇਨਾਂ ਦੀ ਸਫ਼ਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।