ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹੜ੍ਹਾਂ ਦੀ ਮਾਰ: ਖੁੱਡੀਆਂ ਤੇ ਬਲਬੀਰ ਵੱਲੋਂ ਸਰਹੱਦੀ ਪਿੰਡਾਂ ਦਾ ਦੌਰਾ

ਪੀਡ਼ਤਾਂ ਦੀ ਸੰਭਵ ਮਦਦ ਕਰਨ ਦਾ ਐਲਾਨ; ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਫਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਪਿੰਡਾਂ ਦੇ ਦੌਰੇ ਮੌਕੇ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ।
Advertisement

ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਨੇ ਅੱਜ ਫਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਸਰਹੱਦੀ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਸ਼ੂ ਪਾਲਕਾਂ ਨੂੰ ਹਰੇ ਚਾਰੇ ਦੇ ਨਾਲ ਨਾਲ ਫੀਡ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੀਣ ਵਾਲੇ ਪਾਣੀ ਦੇ ਟੈਂਕਰ ਭੇਜਣ ਸਬੰਧੀ ਵੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਗਈ ਹੈ। ਉਨ੍ਹਾਂ ਨਾਲ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੀ ਹਾਜ਼ਰ ਸਨ।

ਕੈਬਨਿਟ ਮੰਤਰੀ ਨੇ ਕਾਵਾਂ ਵਾਲੀ ਪੱਤਣ, ਦੋਨਾ ਨਾਨਕਾ, ਤੇਜਾ ਰੁਹੇਲਾ ਆਦਿ ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਉਨ੍ਹਾਂ ਦੋਨਾ ਨਾਨਕਾ ਤੱਕ ਟਰੈਕਟਰ ਟਰਾਲੀ ’ਤੇ ਜਾ ਕੇ ਪਿੰਡ ਵਿੱਚ ਪਹੁੰਚ ਕੀਤੀ ਪਰ ਪਿੰਡ ਵਿੱਚ ਸਾਰੇ ਘਰ ਸੁਰੱਖਿਤ ਹਨ ਅਤੇ ਪਿੰਡ ਅੰਦਰ ਪਾਣੀ ਦਾਖ਼ਲ ਨਹੀਂ ਹੋਇਆ ਹੈ। ਪਿੰਡਾਂ ਦੇ ਲੋਕਾਂ ਨੇ ਆਖਿਆ ਕਿ ਹਰਾ ਚਾਰਾ ਪਹੁੰਚ ਰਿਹਾ ਹੈ ਜਦਕਿ ਫਿਲਹਾਲ ਉਨ੍ਹਾਂ ਕੋਲ ਰਾਸ਼ਨ ਦੀ ਵਿਵਸਥਾ ਆਪਣੇ ਪੱਧਰ ਤੇ ਹੈ। ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਉਪਰਾਲਿਆਂ ਦੀ ਸਲਾਘਾ ਕੀਤੀ ਅਤੇ ਕਿਹਾ ਕਿ ਪਿੰਡ ਵਿੱਚ ਮੈਡੀਕਲ ਅਤੇ ਪਸ਼ੂ ਪਾਲਣ ਵਿਭਾਗ ਦੀ ਟੀਮ ਪਹੁੰਚ ਰਹੀ ਹੈ।

Advertisement

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਉਹ ਖੁਦ ਅਤੇ ਪੂਰਾ ਜਿਲਾ ਪ੍ਰਸ਼ਾਸਨ ਪਿੰਡਾਂ ਵਿੱਚ ਲੋਕਾਂ ਦੀ ਮਦਦ ਲਈ ਲਗਾਤਾਰ ਕੰਮ ਕਰ ਰਿਹਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਮਨਦੀਪ ਸਿੰਘ, ਕਾਰਜਕਾਰੀ ਇੰਜੀਨੀਅਰ ਮੰਡੀ ਬੋਰਡ ਸਾਹਿਲ ਗਗਨੇਜਾ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਫਾਜ਼ਿਲਕਾ ਜ਼ਿਲ੍ਹੇ ਵਿੱਚ ਹੜ੍ਹ ਰਾਹਤ ਪ੍ਰਬੰਧਾਂ ਦੀ ਸਮੀਖਿਆ ਲਈ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਮੌਕੇ ਦੋਵੇਂ ਮੰਤਰੀਆਂ ਨੇ ਆਖਿਆ ਪੰਜਾਬ ਸਰਕਾਰ ਹੜਾਂ ਤੋਂ ਪੀੜਿਤ ਲੋਕਾਂ ਨੂੰ ਫੌਰੀ ਮਦਦ ਮੁਹੱਈਆ ਕਰਵਾਉਣ ਦੇ ਨਾਲ ਨਾਲ ਇਹ ਵੀ ਯਕੀਨੀ ਬਣਾਏਗੀ ਕਿ ਇਸ ਸਮੱਸਿਆ ਦਾ ਸਥਾਈ ਹੱਲ ਹੋਵੇ। ਸਿਹਤ ਮੰਤਰੀ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲੇ ਦੇ 8 ਪਿੰਡ ਪ੍ਰਭਾਵਿਤ ਹਨ ਅਤੇ 8 ਮੈਡੀਕਲ ਟੀਮਾਂ, ਤਿੰਨ ਐਂਬੂਲੈਂਸ ਅਤੇ ਜ਼ਿਲ੍ਹਾ ਹਸਪਤਾਲ ਵਿੱਚ 10 ਅਤੇ ਅਬੋਹਰ ਦੇ ਹਸਪਤਾਲ ਵਿੱਚ 5 ਬੈਡ ਦਾ ਆਈਸੋਲੇਟਡ ਵਾਰਡ ਬਣਾਇਆ ਗਿਆ ਹੈ।

ਧਰਮਕੋਟ (ਹਰਦੀਪ ਸਿੰਘ): ਸਾਬਕਾ ਕਾਂਗਰਸੀ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕਾਕਾ ਸੁਖਜੀਤ ਸਿੰਘ ਲੋਹਗੜ੍ਹ ਨੇ ਦੋਸ਼ ਲਾਇਆ ਕਿ ਆਪ ਸਰਕਾਰ ਹੜ੍ਹਾਂ ਦੀ ਮਾਰ ਹੇਠ ਆਏ ਹਲਕੇ ਦੇ ਪਿੰਡਾਂ ਦੇ ਲੋਕਾਂ ਦੀ ਸਾਰ ਲੈਣ ’ਚੋਂ ਅਸਮਰੱਥ ਰਹੀ ਹੈ। ਉਨ੍ਹਾਂ ਸੱਤਲੁਜ ਕਿਨਾਰੇ ਵੱਸਦੇ ਪਿੰਡਾਂ ਸੰਘੇੜਾ, ਮਰਦਾਰਪੁਰ, ਮੇਲਕ, ਭੈਣੀ, ਮੰਦਰ ਕਲਾਂ ਅਤੇ ਸ਼ੇਰੇਵਾਲਾ ਦਾ ਦੌਰਾ ਕਰਨ ਤੋਂ ਬਾਅਦ ਦੱਸਿਆ ਕਿ ਹੜ੍ਹਾਂ ਦੀ ਮਾਰ ਹੇਠ ਆਏ ਇਨ੍ਹਾਂ ਪਿੰਡਾਂ ਦੇ ਲੋਕ ਖੁੱਲ੍ਹੇ ਅਸਮਾਨ ਹੇਠ ਧੁੱਸੀ ਬੰਨ੍ਹ ਉੱਤੇ ਆਪਣਾ ਰੈਣ ਬਸੇਰਾ ਬਣਾਈ ਬੈਠੇ ਹਨ। ਇਸੇ ਦੌਰਾਨ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਅਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵਲੋਂ ਅੱਜ ਧਰਮਕੋਟ ਦੇ ਸਤਲੁਜ ਦਰਿਆ ਦੇ ਘੇਰੇ ਹੇਠ ਆਉਂਦੇ ਪਿੰਡਾਂ ਦਾ ਦੌਰਾ ਕੀਤਾ। ਵਿਧਾਇਕ ਢੋਸ ਨੇ ਦੱਸਿਆ ਕਿ ਹੜ੍ਹਾਂ ਦੇ ਸੰਕਟ ਨਾਲ ਨਜਿੱਠਣ ਲਈ ਸਰਕਾਰ ਵੱਲੋਂ ਪੂਰੀ ਤਿਆਰੀ ਕਰ ਰੱਖੀ ਹੋਈ ਹੈ।

ਹੜ੍ਹ ਪ੍ਰਭਾਵਿਤ ਖੇਤਰਾਂ ’ਚ ਰੈਪਿਡ ਰਿਸਪਾਂਸ ਟੀਮਾਂ ਤਾਇਨਾਤ: ਸਿਹਤ ਮੰਤਰੀ

ਫ਼ਿਰੋਜ਼ਪੁਰ (ਜਸਪਾਲ ਸਿੰਘ ਸੰਧੂ): ਪੰਜਾਬ ’ਚ ਕੈਬਨਿਟ ਮੰਤਰੀਆਂ ਵੱਲੋਂ ਜ਼ਮੀਨੀ ਪੱਧਰ ’ਤੇ ਪਹੁੰਚ ਕਰ ਕੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਨਿੱਜੀ ਤੌਰ ’ਤੇ ਨਿਗਰਾਨੀ ਕੀਤੀ ਜਾ ਰਹੀ ਹੈ। ਇਹ ਗੱਲਾਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਵੀਰ ਸਿੰਘ ਨੇ ਸਿਵਲ ਹਸਪਤਾਲ ਫ਼ਿਰੋਜ਼ਪੁਰ ਦਾ ਦੌਰਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਤਕਰੀਬਨ 450 ਰੈਪਿਡ ਰਿਸਪਾਂਸ ਟੀਮਾਂ ਅਤੇ 323 ਮੋਬਾਈਲ ਮੈਡੀਕਲ ਟੀਮਾਂ ਨਿਯੁਕਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਮਾਹਿਰ ਡਾਕਟਰਾਂ ਤੋਂ ਇਲਾਵਾ ਜ਼ਰੂਰੀ ਦਵਾਈਆਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ’ਤੇ ਉਨ੍ਹਾਂ ਦੇ ਨਾਲ ਵਿਧਾਇਕ ਰਣਬੀਰ ਸਿੰਘ ਭੁੱਲਰ, ਵਿਧਾਇਕ ਰਜਨੀਸ਼ ਕੁਮਾਰ ਦਹੀਯਾ ਅਤੇ ਵਿਧਾਇਕ ਫੌਜਾ ਸਿੰਘ ਸਰਾਰੀ ਵੀ ਹਾਜ਼ਰ ਸਨ। ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਆਏ ਹੜ੍ਹਾਂ ਦੇ ਸੰਕਟ ਨਾਲ ਨਿਜੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ, ਸਿਹਤ ਵਿਭਾਗ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਰਾਹਤ ਪ੍ਰਬੰਧਾਂ ਦਾ ਨਿਰੀਖਣ ਕਰਨ ਲਈ ਉਹ ਅੱਜ ਫ਼ਿਰੋਜ਼ਪੁਰ ਵਿਖੇ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਹੜ੍ਹਾਂ ਦੌਰਾਨ ਹੋਏ ਖ਼ਰਾਬੇ ਦੇ ਪੱਕੇ ਹਲ ਦੇ ਲਈ ਰੂਪ ਰੇਖਾ ਤਿਆਰ ਕੀਤੀ ਗਈ ਹੈ ਤਾਂ ਕਿ ਭਵਿੱਖ ਵਿੱਚ ਅਜਿਹੀ ਸਥਿਤੀ ਨਾਲ ਨਜਿੱਠਿਆ ਜਾ ਸਕੇ। ਇਸ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 172 ਐਂਬੂਲੈਂਸਾਂ ਨੂੰ ਕਾਰਜਸ਼ੀਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਿੱਚ 400 ਨਰਸਾਂ ਦੀ ਭਰਤੀ ਲਈ ਵੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ ਅਤੇ 550 ਨਰਸਾਂ ਦੀ ਹੋਰ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 1000 ਡਾਕਟਰਾਂ ਦੀ ਭਰਤੀ ਪ੍ਰਕਿਰਿਆ ਵੀ ਲਗਭਗ ਮੁਕੰਮਲ ਹੋ ਚੁੱਕੀ ਹੈ। ਸਾਰੇ ਸਰਕਾਰੀ ਹਸਪਤਾਲਾਂ ਅਤੇ ਸੀ.ਐਚ.ਸੀਜ਼ ਦੇ ਵਿੱਚ 24 ਘੰਟੇ ਸਰਵਿਸ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਨੇ ਹਸਪਤਾਲ ਦੇ ਵਾਰਡ ਵਿੱਚ ਦਾਖਲ ਮਰੀਜਾਂ ਦਾ ਹਾਲ ਚਾਲ ਪੁਛਿਆ ਅਤੇ ਡਾਕਟਰਾਂ ਨਾਲ ਗੱਲਬਾਤ ਵੀ ਕੀਤੀ।

Advertisement