ਹੜ੍ਹਾਂ ਦੀ ਮਾਰ: ਲੋਕਾਂ ਲਈ ਫਰਿਸ਼ਤੇ ਬਣ ਬਹੁੜੀਆਂ ਸਮਾਜ ਸੇਵੀ ਜਥੇਬੰਦੀਆਂ
ਹੜ੍ਹਾਂ ਦੀ ਮਾਰ ਝੱਲ ਰਹੇ ਫਾਜ਼ਿਲਕਾ ਦੇ ਸਰਹੱਦੀ ਪਿੰਡਾਂ ’ਚ ਸਮਾਜ ਸੇਵੀ ਜਥੇਬੰਦੀਆਂ ਲੋਕਾਂ ਲਈ ਰਾਹਤ ਬਣ ਬਹੁੜੀਆਂ ਹਨ। ਸਮਾਜ ਸੇਵੀ ਜਥੇਬੰਦੀਆਂ ਹੜ੍ਹ ਪੀੜਤਾਂ ਦੀ ਮਦਦ ਲਈ ਹਰ ਸੰਭਵ ਮਦਦ ਕਰ ਰਹੀਆਂ ਹਨ। ਲੋਕ ਹੜ੍ਹ ਪੀੜਤਾਂ ਲਈ ਸੁੱਕਾ ਰਾਸ਼ਨ ਅਤੇ ਪਸ਼ੂਆਂ ਲਈ ਹਰਾ ਚਾਰਾ ਲੈ ਕੇ ਆ ਰਹੇ ਹਨ। ਜਾਣਕਾਰੀ ਅਨੁਸਾਰ ਪਹਾੜਾਂ ’ਚ ਭਾਰੀ ਮੀਂਹ ਕਾਰਨ ਪੰਜਾਬ ਦੇ ਸਤਲੁਜ ਤੇ ਬਿਆਸ ਦਰਿਆ ਨਾਲ ਲੱਗਦੇ ਖੇਤਰਾਂ ’ਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਫਾਜ਼ਿਲਕਾ ਜ਼ਿਲ੍ਹੇ ’ਚ ਸਤਲੁਜ ਦਰਿਆ ਦੇ ਪਾਣੀ ਕਾਰਨ ਕਈ ਪਿੰਡਾਂ ’ਚ ਲੋਕਾਂ ਦੀਆਂ ਫ਼ਸਲਾਂ ਡੁੱਬ ਗਈਆਂ ਹਨ। ਖੇਤਾਂ ’ਚ ਪਾਣੀ ਭਰਨ ਕਾਰਨ ਹਰਾ ਚਾਰਾ ਖ਼ਰਾਬ ਹੋ ਗਿਆ ਹੈ ਅਤੇ ਪਸ਼ੂਆਂ ਦਾ ਬੁਰਾ ਹਾਲ ਹੈ। ਸਰਹੱਦੀ ਖੇਤਰ ’ਚ ਲੋਕਾਂ ਨੂੰ ਆਪਣੇ ਘਰ-ਬਾਰ ਛੱਡ ਕੇ ਸੁਰੱਖਿਆ ਥਾਵਾਂ ’ਤੇ ਜਾਣਾ ਹੈ ਰਿਹਾ ਹੈ। ਇਸੇ ਦੌਰਾਨ ਅੱਜ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਮੁਹਾਰ ਜਮਸ਼ੇਰ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਮਦਦ ਦਾ ਭਰੋਸਾ ਦਿੱਤਾ। ਇਸੇ ਤਰ੍ਹਾਂ ਅੱਜ ਪੰਜਾਬ ਸਟੂਡੈਂਟਸ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਆਮ ਲੋਕਾਂ ਨੂੰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ ਗਿਆ। ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਮਲਜੀਤ ਮੁਹਾਰਖੀਵਾ, ਜ਼ਿਲ੍ਹਾ ਸਕੱਤਰ ਮਮਤਾ ਲਾਧੂਕਾ, ਨੌਜਵਾਨ ਭਾਰਤ ਸਭਾ ਦੇ ਆਗੂ ਰਾਜਨ ਮੁਹਾਰ ਸੋਨਾ ਅਤੇ ਕੁਲਵੰਤ ਸਿੰਘ ਨੇ ਕਿਹਾ ਕਿ ਬਾਰਡਰ ਨਾਲ ਲੱਗਦੇ ਇਹ ਇਲਾਕੇ ਦੇ ਲੋਕ ਲੰਮੇ ਸਮੇਂ ਤੋਂ ਸੰਤਾਪ ਹੰਢਾਉਂਦੇ ਆ ਰਹੇ ਹਨ। ਪਿਛਲੇ ਹੀ ਦਿਨਾਂ ਵਿੱਚ ਜੰਗ ਵਰਗੇ ਮਾਹੌਲ ਦੌਰਾਨ ਵੀ ਸਰਹੱਦੀ ਲੋਕਾਂ ਨੂੰ ਆਪਣੇ ਪਿੰਡ ਸਮਾਨ-ਡੰਗਰਾ ਸਮੇਤ ਛੱਡਣੇ ਪਏ ਤੇ ਹੁਣ ਫਿਰ ਅਜਿਹੀ ਹੀ ਸਥਿਤੀ ਪੈਦਾ ਹੋ ਗਈ ਹੈ ਪਰ ਸਰਕਾਰ ਨੇ ਨਾ ਤਾਂ ਇਨ੍ਹਾਂ ਲੋਕਾਂ ਲਈ ਉਦੋਂ ਕੋਈ ਰਾਹਤ ਕੈਂਪਾਂ ਦਾ ਪ੍ਰਬੰਧ ਕੀਤਾ ਤੇ ਨਾ ਹੀ ਹੁਣ ਕੀਤਾ ਹੈ। ਪੰਜਾਬ ਸਟੂਡੈਂਟਸ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਹੜਾਂ ਦੌਰਾਨ ਬਣੀ ਇਸ ਖ਼ਤਰਨਾਕ ਸਥਿਤੀ ਵਿੱਚ ਲੋਕਾਂ ਨਾਲ ਖੜ੍ਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਮਾੜੇ ਪ੍ਰਬੰਧਾਂ ਖ਼ਿਲਾਫ਼ ਲੜਾਈ ਵੀ ਵਿੱਢੇਗੀ।