ਨਿੱਜੀ ਪੱਤਰ ਪ੍ਰੇਰਕ/ਖੇਤਰੀ ਪ੍ਰਤੀਨਿਧ
ਬਰਨਾਲਾ, 13 ਅਗਸਤ
75ਵੇਂ ਆਜ਼ਾਦੀ ਦਿਵਸ ਸਮਾਰੋਹ ਦੀ ਫੁੱਲ ਡਰੈੱਸ ਰਿਹਰਸਲ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਬੈਂਬੀ ਵੀ ਹਾਜ਼ਰ ਸਨ। ਇਸ ਮਗਰੋਂ ਸਾਰੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੁਕੰਮਲ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਨੇ ਆਖਿਆ ਕਿ ਕੋਵਿਡ-19 ਦੇ ਮੱਦੇਨਜ਼ਰ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਆਜ਼ਾਦੀ ਦਿਹਾੜਾ ਸੰਖੇਪ ਅਤੇ ਸਾਦੇ ਰੂਪ ਵਿੱਚ ਮਨਾਇਆ ਜਾ ਰਿਹਾ ਹੈ ਤੇ ਇਸ ਵਾਰ ਵੀ ਬੱਚਿਆਂ ਦਾ ਪ੍ਰੋਗਰਾਮ ਨਹੀਂ ਹੋਵੇਗਾ।ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਦੇਵਦਰਸ਼ਦੀਪ ਸਿੰਘ, ਐੱਸਪੀ ਜਗਵਿੰਦਰ ਸਿੰਘ ਚੀਮਾ ਅਤੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
ਮੋਗਾ (ਪੱਤਰ ਪ੍ਰੇਰਕ): ਇਥੇ ਨਵੀਂ ਅਨਾਜ ਮੰਡੀ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ‘ਤੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਕੌਮੀ ਝੰਡਾ ਲਹਿਰਾਉਣਗੇ ਅਤੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲੈਣਗੇ। ਵਧੀਕ ਡਿਪਟੀ ਕਮਿਸ਼ਨਰ (ਜ) ਹਰਚਰਨ ਸਿੰਘ ਨੇ ਅੱਜ ਆਜ਼ਾਦੀ ਦਿਵਸ ਸਮਾਰੋਹ ਲਈ ਫੁੱਲ ਡਰੈਸ ਰਿਹਰਸਲ ਦਾ ਜ਼ਾਇਜ਼ਾ ਲਿਆਂ।
ਇਸ ਮੌਕੇ ਐੱਸਡੀਐੱਮ ਸਤਵੰਤ ਸਿੰਘ ਐੈੱਸਪੀ ਗੁਰਦੀਪ ਸਿੰਘ ਅਤੇ ਸਬੰਧਤ ਵਿਭਾਗਾਂ ਦੇ ਮੁੱਖੀ ਵੀ ਹਾਜ਼ਰ ਸਨ।
ਸਿਰਸਾ (ਪੱਤਰ ਪ੍ਰੇਰਕ): ਇੱਥੋਂ ਦੀ ਪੁਲੀਸ ਲਾਈਨ ’ਚ ਅੱਜ ਸੁਤੰਤਰਤਾ ਦਿਵਸ ਮੌਕੇ ਹੋਣ ਵਾਲੇ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ। ਇਸ ਸਮਾਗਮ ਦੇ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਅਨੀਸ਼ ਯਾਦਵ ਨੇ ਝੰਡਾ ਲਹਿਰਾ ਕੇ ਪਰੇਡ ਦੀ ਸਲਾਮੀ ਲਈ। ਰਿਹਰਸਲ ਦੌਰਾਨ ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਪੁਲੀਸ ਮੁਖੀ ਅਰਪਿਤ ਜੈਨ ਨੇ ਸ਼ਹੀਦਾਂ ਦੇ ਸਮਾਰਕ ’ਤੇ ਜਾ ਕੇ ਫੁੱਲ ਚੜ੍ਹਾਏ ਤੇ ਉਨ੍ਹਾਂ ਨੂੰ ਪ੍ਰਣਾਮ ਕੀਤਾ।
ਇਸ ਮੌਕੇ ’ਤੇ ਐੱਸਡੀਐਮ ਜੈਵੀਰ ਯਾਦਵ, ਸਿਟੀ ਮੈਜਿਸਟਰੇਟ ਗੌਰਵ ਗੁਪਤਾ, ਡੀਐਸਪੀ ਆਰਿਅਨ ਚੌਧਰੀ, ਸੰਜੈ ਕੁਮਾਰ, ਜ਼ਿਲ੍ਹਾ ਸਿੱਖਿਆ ਅਧਿਕਾਰੀ ਸੰਤ ਕੁਮਾਰ, ਜ਼ਿਲ੍ਹਾ ਮੌਲਿਕ ਸਿੱਖਿਆ ਅਧਿਕਾਰੀ ਆਤਮ ਪ੍ਰਕਾਸ਼ ਤੇ ਸਕਾਊਟ ਇੰਚਾਰਜ ਸੁਖਦੇਵ ਸਿੰਘ ਢਿੱਲੋਂ ਆਦਿ ਸਮੇਤ ਕਈ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ।
ਮਾਨਸਾ ’ਚ ਕਾਂਗੜ ਲਹਿਰਾਉਣਗੇ ਕੌਮੀ ਝੰਡਾ
ਮਾਨਸਾ (ਪੱਤਰ ਪ੍ਰੇਰਕ): ਡਿਪਟੀ ਕਮਿਸ਼ਨਰ ਮਹਿੰਦਰ ਪਾਲ ਅਤੇ ਸੀਨੀਅਰ ਕਪਤਾਨ ਪੁਲੀਸ ਡਾ. ਨਰਿੰਦਰ ਭਾਰਗਵ ਵੱਲੋਂ ਅੱਜ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਖੇਡ ਸਟੇਡੀਅਮ ਵਿੱਚ 75ਵੇਂ ਆਜ਼ਾਦੀ ਦਿਵਸ ਸਮਾਰੋਹ ਦੇ ਸਬੰਧ ਵਿੱਚ ਹੋਈ ਫੁੱਲ ਡਰੈਸ ਅੰਤਿਮ ਰਿਹਰਸਲ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਆਜ਼ਾਦੀ ਦਿਵਸ ਮੌਕੇ ਕੈਬਨਿਟ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।