ਪੱਤਰ ਪ੍ਰੇਰਕ
ਮਾਨਸਾ, 3 ਅਪਰੈਲ
ਫਾਇਰ ਬਿਗ੍ਰੇਡ ਮਹਿਕਮੇ ਵਿੱਚੋਂ ਜਬਰੀ ਫਾਰਗ ਕੀਤੇ ਗਏ ਮੁਲਾਜ਼ਮਾਂ ਨੇ ਅੱਜ ਛੁੱਟੀ ਵਾਲੇ ਦਿਨ ਪਰਿਵਾਰਾਂ ਅਤੇ ਛੋਟੇ-ਛੋਟੇ ਬੱਚਿਆਂ ਸਮੇਤ ਨਗਰ ਕੌਂਸਲ ਮਾਨਸਾ ਦੇ ਮੁੱਖ ਦਫ਼ਤਰ ਦਾ ਘਿਰਾਓ 7ਵੇਂ ਦਿਨ ਵੀ ਜਾਰੀ ਰਿਹਾ। ਧਰਨਾਕਾਰੀਆਂ ਦਾ ਕਹਿਣਾ ਸੀ ਕਿ ਜਿੰਨਾਂ ਚਿਰ ਤੱਕ ਨੌਕਰੀ ਤੋਂ ਕੱਢੇ ਮੁਲਾਜ਼ਮਾਂ ਨੂੰ ਮੁੜ ਬਹਾਲ ਨਹੀਂ ਕੀਤਾ ਜਾਂਦਾ, ਉੰਨਾ ਚਿਰ ਤੱਕ ਇਹ ਪੱਕਾ ਮੋਰਚਾ ਜਾਰੀ ਰਹੇਗਾ।
ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਆਗੂ ਗਗਨਦੀਪ ਸਿੰਘ ਨੇ ਦੋਸ਼ ਲਾਇਆ ਕਿ ਜਦੋਂ ਉਨ੍ਹਾਂ ਨੇ ਆਪਣੀਆਂ ਤਨਖਾਹਾਂ ਅਤੇ ਰੈਗੂਲਰ ਹੋਣ ਦੀ ਮੰਗ ਕੀਤੀ ਤਾਂ ਉਨ੍ਹਾਂ ਨੂੰ ਨੌਕਰੀ ਤੋਂ ਕੱਢ ਦਿੱਤਾ, ਜਿਸ ਨਾਲ ਉਹਨਾਂ ਦੇ ਪਰਿਵਾਰਾਂ ਦਾ ਜਿਉਣਾ ਮੁਸ਼ਕਿਲ ਹੋ ਗਿਆ ਅਤੇ ਬੱਚਿਆਂ ਦੀ ਪੜ੍ਹਾਈ ਕਰਵਾਉਣੀ ਵੀ ਔਖੀ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਵੱਲੋਂ ਪਿਛਲੇ 6 ਮਹੀਨਿਆਂ ਤੋਂ ਤਨਖਾਹ ਰੋਕ ਰੱਖੀ ਹੈ ਅਤੇ ਇੱਕ ਮੁਲਾਜ਼ਮ ਨੂੰ 19 ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂ ਜਗਸੀਰ ਸਿੰਘ ਜਵਾਹਰਕੇ ਨੇ ਨੌਕਰੀਓ ਕੱਢੇ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ।